LIVE TV
ਤਾਜ਼ਾ ਖ਼ਬਰਾਂ
ਬੁੱਧਵਾਰ, 11 ਨਵੰਬਰ 2026
ਪੰਜਾਬ

ਐੱਸਜੀਪੀਸੀ ਨੇ ਯੂਪੀਐੱਸਸੀ ਪਾਸ ਕਰਨ ਵਾਲੇ 11 ਸਿੱਖ ਉਮੀਦਵਾਰਾਂ ਨੂੰ ਇੱਕ-ਇੱਕ ਲੱਖ ਰੁਪਏ ਨਾਲ ਸਨਮਾਨਿਆ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਾਲ 2025 ਦੀ ਯੂਪੀਐੱਸਸੀ ਪ੍ਰੀਖਿਆ ਪਾਸ ਕਰਨ ਵਾਲੇ 11 ਸਿੱਖ ਨੌਜਵਾਨਾਂ ਨੂੰ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਹੈ।

ਐੱਸਜੀਪੀਸੀ ਨੇ ਯੂਪੀਐੱਸਸੀ ਪਾਸ ਕਰਨ ਵਾਲੇ 11 ਸਿੱਖ ਉਮੀਦਵਾਰਾਂ ਨੂੰ ਇੱਕ-ਇੱਕ ਲੱਖ ਰੁਪਏ ਨਾਲ ਸਨਮਾਨਿਆ
ਪੰਜਾਬ ਟੈਲੀਵਿਜ਼ਨ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ਼ਨਿੱਚਰਵਾਰ ਨੂੰ ਸਾਲ 2025 ਦੀ ਯੂਪੀਐੱਸਸੀ ਪ੍ਰੀਖਿਆ ਪਾਸ ਕਰਕੇ ਉੱਚ ਪ੍ਰਬੰਧਕੀ ਸੇਵਾਵਾਂ ਲਈ ਚੁਣੇ ਗਏ 11 ਸਿੱਖ ਉਮੀਦਵਾਰਾਂ ਦਾ ਸਨਮਾਨ ਕੀਤਾ। ਕਮੇਟੀ ਵੱਲੋਂ ਹਰ ਇੱਕ ਉਮੀਦਵਾਰ ਨੂੰ ਇੱਕ-ਇੱਕ ਲੱਖ ਰੁਪਏ ਦੀ ਰਾਸ਼ੀ ਦਿੱਤੀ ਗਈ।

ਸਨਮਾਨਿਤ ਕੀਤੇ ਗਏ ਉਮੀਦਵਾਰਾਂ ਵਿੱਚ ਸਿਮਰਨਦੀਪ ਕੌਰ, ਰਸਨੀਤ ਕੌਰ, ਸੁਨਾਵਰਦੀਪ ਸਿੰਘ, ਨਵਨੀਤ ਕੌਰ, ਮਨਪ੍ਰੀਤ ਕੌਰ, ਸਰਬਰਾਜ ਸਿੰਘ, ਹਰਮਨਪ੍ਰੀਤ ਸਿੰਘ ਸੋਢੀ, ਜਪਲੀਨ ਕੌਰ, ਜਸਪ੍ਰੀਤ ਕੌਰ, ਕੰਵਰਪਾਲ ਸਿੰਘ ਅਤੇ ਸੰਦੀਪ ਸਿੰਘ ਸ਼ਾਮਲ ਹਨ।

ਇਸ ਮੌਕੇ ਐੱਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸਾਰੇ ਉਮੀਦਵਾਰਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਕਾਮਯਾਬੀ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਅਤੇ ਉਨ੍ਹਾਂ ਦੇ ਮਾਪਿਆਂ ਦੇ ਸਹਿਯੋਗ ਦਾ ਨਤੀਜਾ ਹੈ।

ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਸ ਉਪਰਾਲੇ ਦਾ ਮੁੱਖ ਮਕਸਦ ਨੌਜਵਾਨ ਪੀੜ੍ਹੀ ਨੂੰ ਉੱਚ ਸਿੱਖਿਆ ਅਤੇ ਪ੍ਰਬੰਧਕੀ ਸੇਵਾਵਾਂ ਵੱਲ ਜਾਣ ਲਈ ਪ੍ਰੇਰਿਤ ਕਰਨਾ ਹੈ। ਉਨ੍ਹਾਂ ਚੁਣੇ ਗਏ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਸਿੱਖ ਸਿਧਾਂਤਾਂ 'ਤੇ ਚੱਲਦਿਆਂ ਇਮਾਨਦਾਰੀ ਅਤੇ ਨਿਰਪੱਖਤਾ ਨਾਲ ਆਪਣੀ ਡਿਊਟੀ ਨਿਭਾਉਣ।

ਐੱਸਜੀਪੀਸੀ ਪ੍ਰਧਾਨ ਨੇ ਜਾਣਕਾਰੀ ਦਿੱਤੀ ਕਿ ਕਮੇਟੀ ਚੰਡੀਗੜ੍ਹ ਸਥਿਤ ਨਿਸ਼ਚੈ ਅਕੈਡਮੀ ਰਾਹੀਂ ਸਿੱਖ ਵਿਦਿਆਰਥੀਆਂ ਨੂੰ ਮੁਫ਼ਤ ਕੋਚਿੰਗ ਮੁਹੱਈਆ ਕਰਵਾ ਰਹੀ ਹੈ। ਇਸ ਤੋਂ ਇਲਾਵਾ ਪਟਿਆਲਾ ਦੇ ਬਹਾਦਰਗੜ੍ਹ ਸਥਿਤ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਵਿੱਚ ਹਰ ਸਾਲ 25 ਵਿਦਿਆਰਥੀਆਂ ਨੂੰ ਜੁਡੀਸ਼ੀਅਲ ਸੇਵਾਵਾਂ ਦੀ ਪ੍ਰੀਖਿਆ ਲਈ ਤਿਆਰੀ ਕਰਵਾਈ ਜਾਂਦੀ ਹੈ।