LIVE TV
ਤਾਜ਼ਾ ਖ਼ਬਰਾਂ
ਬੁੱਧਵਾਰ, 11 ਨਵੰਬਰ 2026
ਚੰਡੀਗੜ੍ਹ

ਚੰਡੀਗੜ੍ਹ ਦੇ ਬਿਲਡਰ ਤੋਂ 10 ਕਰੋੜ ਦੀ ਫਿਰੌਤੀ ਮੰਗਣ ਦੇ ਦੋਸ਼ 'ਚ ਦੋ ਕਾਬੂ

ਚੰਡੀਗੜ੍ਹ ਪੁਲਿਸ ਨੇ ਸੈਕਟਰ 19 ਦੇ ਇੱਕ ਬਿਲਡਰ ਨੂੰ ਧਮਕਾ ਕੇ 10 ਕਰੋੜ ਰੁਪਏ ਮੰਗਣ ਦੇ ਦੋਸ਼ ਹੇਠ ਤਰਨ ਤਾਰਨ ਦੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਚੰਡੀਗੜ੍ਹ ਦੇ ਬਿਲਡਰ ਤੋਂ 10 ਕਰੋੜ ਦੀ ਫਿਰੌਤੀ ਮੰਗਣ ਦੇ ਦੋਸ਼ 'ਚ ਦੋ ਕਾਬੂ
ਪੰਜਾਬ ਟੈਲੀਵਿਜ਼ਨ

ਚੰਡੀਗੜ੍ਹ ਪੁਲਿਸ ਨੇ ਸੈਕਟਰ 19 ਦੇ ਇੱਕ ਬਿਲਡਰ ਕੋਲੋਂ 10 ਕਰੋੜ ਰੁਪਏ ਦੀ ਫਿਰੌਤੀ ਮੰਗਣ ਅਤੇ ਡਰਾਉਣ-ਧਮਕਾਉਣ ਦੇ ਇਲਜ਼ਾਮ ਹੇਠ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ ਫੜੇ ਗਏ ਮੁਲਜ਼ਮਾਂ ਕੋਲੋਂ ਇੱਕ ਦੇਸੀ ਪਿਸਤੌਲ ਅਤੇ ਦੋ ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।

ਡੀਐੱਸਪੀ (ਈਸਟ) ਪੀ ਅਭਿਨੰਦਨ ਅਨੁਸਾਰ ਮੁਲਜ਼ਮਾਂ ਦੀ ਪਛਾਣ ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਚੌਧਰੀ ਵਾਲਾ ਦੇ ਰਹਿਣ ਵਾਲੇ 30 ਸਾਲਾ ਅਰਨਦੀਪ ਸਿੰਘ ਅਤੇ 20 ਸਾਲਾ ਬੰਟੀ ਉਰਫ਼ ਸੰਨੀ ਵਜੋਂ ਹੋਈ ਹੈ। ਦੋਵਾਂ ਨੂੰ ਸੈਕਟਰ 18 ਦੇ ਹਾਕੀ ਸਟੇਡੀਅਮ ਨੇੜਿਓਂ ਕਾਬੂ ਕੀਤਾ ਗਿਆ।

ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਬਿਲਡਰ ਨੇ ਦੱਸਿਆ ਕਿ ਉਸ ਨੂੰ ਇੱਕ ਵਿਦੇਸ਼ੀ ਨੰਬਰ ਤੋਂ ਵੌਇਸ ਮੈਸੇਜ ਭੇਜ ਕੇ 10 ਕਰੋੜ ਰੁਪਏ ਦੀ ਮੰਗ ਕੀਤੀ ਗਈ ਸੀ। ਜਦੋਂ ਬਿਲਡਰ ਨੇ ਫ਼ੋਨ ਨਹੀਂ ਚੁੱਕਿਆ ਤਾਂ ਉਸ ਨੂੰ ਰਿਕਾਰਡ ਕੀਤਾ ਧਮਕੀ ਭਰਿਆ ਸੁਨੇਹਾ ਭੇਜਿਆ ਗਿਆ ਸੀ।

ਪੁਲਿਸ ਅਨੁਸਾਰ ਮੁਲਜ਼ਮ ਵਿਦੇਸ਼ ਬੈਠੇ ਗੈਂਗਸਟਰ ਦੇ ਸੰਪਰਕ ਵਿੱਚ ਸਨ ਅਤੇ ਬਿਲਡਰ ਨੂੰ ਡਰਾਉਣ ਲਈ ਗੋਲੀਆਂ ਚਲਾਉਣ ਦੀ ਯੋਜਨਾ ਬਣਾ ਰਹੇ ਸਨ, ਪਰ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਪਹਿਲਾਂ ਹੀ ਕਾਬੂ ਕਰ ਲਿਆ ਗਿਆ। ਪੁਲਿਸ ਦਾ ਕਹਿਣਾ ਹੈ ਕਿ ਅਰਨਦੀਪ ਦੂਜੇ ਲੋਕਾਂ ਦੇ ਦਸਤਾਵੇਜ਼ਾਂ 'ਤੇ ਸਿਮ ਕਾਰਡ ਕਢਵਾ ਕੇ ਦਿੰਦਾ ਸੀ, ਜਿਨ੍ਹਾਂ ਦੀ ਵਰਤੋਂ ਧਮਕੀਆਂ ਦੇਣ ਲਈ ਕੀਤੀ ਜਾਂਦੀ ਸੀ।

ਪੁਲਿਸ ਨੇ ਮੁਲਜ਼ਮਾਂ ਦੀ ਨਿਸ਼ਾਨਦੇਹੀ 'ਤੇ ਧਮਕੀਆਂ ਦੇਣ ਲਈ ਵਰਤਿਆ ਗਿਆ ਮੋਬਾਈਲ ਫ਼ੋਨ ਅਤੇ ਸਿਮ ਕਾਰਡ ਵੀ ਬਰਾਮਦ ਕਰ ਲਿਆ ਹੈ। ਸੈਕਟਰ 19 ਥਾਣੇ ਵਿੱਚ ਭਾਰਤੀ ਨਿਆਏ ਸੰਹਿਤਾ ਦੀ ਧਾਰਾ 308 ਅਤੇ ਅਸਲਾ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਅਦਾਲਤ ਵਿੱਚ ਹਾਲੇ ਕੋਈ ਦੋਸ਼ ਸਾਬਤ ਨਹੀਂ ਹੋਇਆ।