ਜੇਲ੍ਹ ਵਿੱਚ ਬੰਦ 'ਆਪ' ਵਿਧਾਇਕ ਲਾਲਜੀਤ ਭੁੱਲਰ ਵੱਲੋਂ ਵਿਧਾਨ ਸਭਾ ਚੋਣ ਨਾ ਲੜਨ ਦਾ ਐਲਾਨ
ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਇਸ ਵਾਰ ਪੰਜਾਬ ਵਿਧਾਨ ਸਭਾ ਚੋਣ ਨਾ ਲੜਨ ਦਾ ਫ਼ੈਸਲਾ ਕੀਤਾ ਹੈ।

ਜੇਲ੍ਹ ਵਿੱਚ ਬੰਦ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਇਸ ਵਾਰ ਪੰਜਾਬ ਵਿਧਾਨ ਸਭਾ ਚੋਣ ਨਹੀਂ ਲੜਨਗੇ। ਇਸ ਬਾਰੇ ਜਾਣਕਾਰੀ ਉਨ੍ਹਾਂ ਦੇ ਸੋਸ਼ਲ ਮੀਡੀਆ ਖਾਤੇ ਰਾਹੀਂ ਸਾਹਮਣੇ ਆਈ ਹੈ।
ਲਾਲਜੀਤ ਭੁੱਲਰ ਨੇ ਸੋਸ਼ਲ ਮੀਡੀਆ 'ਤੇ ਲਿਖਿਆ ਕਿ ਪੱਟੀ ਹਲਕੇ ਦੇ ਲੋਕਾਂ ਰਾਹੀਂ ਉਨ੍ਹਾਂ ਨੂੰ ਪਤਾ ਲੱਗਾ ਹੈ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਇੱਕ ਵਾਰ ਫਿਰ ਚੋਣ ਲੜਨ ਲਈ ਕਿਹਾ ਜਾ ਰਿਹਾ ਹੈ। ਪਰ ਉਨ੍ਹਾਂ ਨੇ ਖ਼ੁਦ ਇਸ ਵਾਰ ਚੋਣ ਨਾ ਲੜਨ ਦਾ ਫ਼ੈਸਲਾ ਕੀਤਾ ਹੈ।
ਉਨ੍ਹਾਂ ਨੇ ਪੱਟੀ ਵਿਧਾਨ ਸਭਾ ਹਲਕੇ ਦੇ ਲੋਕਾਂ ਦਾ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਉਹ ਲੋਕਾਂ ਦੀਆਂ ਭਾਵਨਾਵਾਂ, ਪਿਆਰ ਅਤੇ ਸਤਿਕਾਰ ਅੱਗੇ ਸਿਰ ਝੁਕਾਉਂਦੇ ਹਨ। ਉਨ੍ਹਾਂ ਕਿਹਾ ਕਿ ਉਹ ਹਲਕੇ ਦੇ ਲੋਕਾਂ ਦੇ ਜ਼ਿੰਦਗੀ ਭਰ ਰਿਣੀ ਰਹਿਣਗੇ।
ਉਨ੍ਹਾਂ ਨੇ ਅੱਗੇ ਕਿਹਾ ਕਿ ਜਿਨ੍ਹਾਂ ਸਾਥੀਆਂ ਨੇ ਹਰ ਵੇਲੇ ਉਨ੍ਹਾਂ ਦਾ ਸਾਥ ਦਿੱਤਾ ਅਤੇ ਆਪਣਾ ਪਿਆਰ ਤੇ ਵਿਸ਼ਵਾਸ ਬਣਾਈ ਰੱਖਿਆ, ਉਹ ਉਨ੍ਹਾਂ ਸਾਰਿਆਂ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਨ।



