ਜੰਡਿਆਲਾ ਗੁਰੂ ਵਿੱਚ ਕਾਂਗਰਸ ਨੂੰ ਝਟਕਾ, ਐੱਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਬੰਟੀ ਬੰਡਾਲਾ 'ਆਪ' ਵਿੱਚ ਸ਼ਾਮਲ
ਜੰਡਿਆਲਾ ਗੁਰੂ ਵਿੱਚ ਕਾਂਗਰਸ ਦੇ ਐੱਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਬੰਟੀ ਬੰਡਾਲਾ ਆਪਣੇ ਸਾਥੀਆਂ ਸਮੇਤ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।

ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਵਿੱਚ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਪਾਰਟੀ ਦੇ ਐੱਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਬੰਟੀ ਬੰਡਾਲਾ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।
ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਬੰਟੀ ਬੰਡਾਲਾ ਅਤੇ ਉਨ੍ਹਾਂ ਦੇ ਹਮਾਇਤੀਆਂ ਦਾ ਪਾਰਟੀ ਵਿੱਚ ਰਸਮੀ ਸਵਾਗਤ ਕੀਤਾ। ਮੰਤਰੀ ਨੇ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਆਗੂਆਂ ਨੂੰ ਬਣਦਾ ਮਾਣ-ਸਤਿਕਾਰ ਅਤੇ ਜ਼ਿੰਮੇਵਾਰੀਆਂ ਦਿੱਤੀਆਂ ਜਾਣਗੀਆਂ ਅਤੇ ਹਲਕੇ ਦੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ 'ਤੇ ਜਾਰੀ ਰੱਖਿਆ ਜਾਵੇਗਾ।
ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਮਗਰੋਂ ਬੰਟੀ ਬੰਡਾਲਾ ਨੇ ਕਿਹਾ ਕਿ ਉਹ ਭਗਵੰਤ ਮਾਨ ਸਰਕਾਰ ਦੇ ਲੋਕ-ਪੱਖੀ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਇਸ ਪਾਰਟੀ ਵਿੱਚ ਆਏ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਨੇ ਉਨ੍ਹਾਂ ਦੇ ਪਿੰਡ ਵਿੱਚ ਕਰੋੜਾਂ ਰੁਪਏ ਦੇ ਵਿਕਾਸ ਕਾਰਜ ਕਰਵਾਏ ਹਨ।
ਬੰਡਾਲਾ ਨੇ ਭਰੋਸਾ ਜਤਾਇਆ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਹਲਕਾ ਜੰਡਿਆਲਾ ਗੁਰੂ ਤੋਂ 'ਆਪ' ਉਮੀਦਵਾਰ ਅਤੇ ਮੌਜੂਦਾ ਵਿਧਾਇਕ ਹਰਭਜਨ ਸਿੰਘ ਈਟੀਓ ਦੀ ਵੱਡੀ ਜਿੱਤ ਯਕੀਨੀ ਬਣਾਉਣ ਲਈ ਉਹ ਆਪਣੇ ਸਾਥੀਆਂ ਨਾਲ ਪੂਰੀ ਮਿਹਨਤ ਕਰਨਗੇ।
ਇਸ ਮੌਕੇ ਸਰਪੰਚ ਨਿਸ਼ਾਨ ਸਿੰਘ, ਚੇਅਰਮੈਨ ਮਲਕੀਤ ਸਿੰਘ, ਸੁੱਚਾ ਸਿੰਘ, ਸੀਨੀਅਰ ਆਗੂ ਅਮਰੀਕ ਸਿੰਘ ਬਾਠ, ਐੱਸਸੀ ਪ੍ਰਧਾਨ ਜਗੀਰ ਸਿੰਘ, ਲਵਪ੍ਰੀਤ ਸਿੰਘ ਲਵਲੀ ਅਤੇ ਯੂਥ ਪ੍ਰਧਾਨ ਸ਼ਮਸ਼ੇਰ ਸਿੰਘ ਸ਼ੇਰਾ ਸਮੇਤ ਹੋਰ ਆਗੂ ਅਤੇ ਵਰਕਰ ਵੀ ਹਾਜ਼ਰ ਸਨ।



