LIVE TV
ਤਾਜ਼ਾ ਖ਼ਬਰਾਂ
ਬੁੱਧਵਾਰ, 11 ਨਵੰਬਰ 2026
ਪੰਜਾਬ

ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਬਣਾਇਆ ਜਾ ਰਿਹਾ ਹੈ: ਮੁੱਖ ਮੰਤਰੀ ਭਗਵੰਤ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਸਰਕਾਰੀ ਸਕੂਲਾਂ ਨੂੰ ਬਿਹਤਰ ਬਣਾਉਣ ਲਈ ਫੰਡਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਨੌਜਵਾਨਾਂ ਨੂੰ ਪੜ੍ਹਾਈ ਅਤੇ ਮਿਹਨਤ ਵੱਲ ਧਿਆਨ ਦੇਣ ਦੀ ਅਪੀਲ ਕੀਤੀ।

ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਬਣਾਇਆ ਜਾ ਰਿਹਾ ਹੈ: ਮੁੱਖ ਮੰਤਰੀ ਭਗਵੰਤ ਮਾਨ
ਪੰਜਾਬ ਟੈਲੀਵਿਜ਼ਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸਰਕਾਰੀ ਸਕੂਲਾਂ ਦੇ ਸੁਧਾਰ ਦੇ ਕੰਮਾਂ ਵਿੱਚ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਨੌਜਵਾਨਾਂ ਦੇ ਭਵਿੱਖ ਲਈ ਨਵੇਂ ਮੌਕੇ ਪੈਦਾ ਕੀਤੇ ਜਾ ਰਹੇ ਹਨ।

ਮੁੱਖ ਮੰਤਰੀ ਐਤਵਾਰ ਨੂੰ ਧੂਰੀ ਨੇੜਲੇ ਪਿੰਡ ਬੜੜਵਾਲ ਦੇ ਦੇਸ਼ ਭਗਤ ਕਾਲਜ ਵਿੱਚ ਕਰਵਾਏ ਗਏ ਖੇਤਰੀ ਯੁਵਕ ਮੇਲੇ ਦੌਰਾਨ ਨੌਜਵਾਨਾਂ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਨੌਜਵਾਨਾਂ ਨੂੰ ਪੜ੍ਹਾਈ ਅਤੇ ਸਖ਼ਤ ਮਿਹਨਤ ਉੱਤੇ ਧਿਆਨ ਕੇਂਦਰਿਤ ਕਰਨ ਲਈ ਕਿਹਾ। ਉਨ੍ਹਾਂ ਇਹ ਵੀ ਕਿਹਾ ਕਿ ਸੂਬੇ ਨੂੰ ਅਜਿਹੇ ਚੁਣੇ ਹੋਏ ਨੁਮਾਇੰਦਿਆਂ ਦੀ ਲੋੜ ਹੈ ਜੋ ਆਮ ਲੋਕਾਂ ਦੀਆਂ ਦਿੱਕਤਾਂ ਅਤੇ ਦਰਦ ਨੂੰ ਸਮਝਦੇ ਹੋਣ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਹੁਣ ਤੱਕ 70 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਬਿਨਾਂ ਕਿਸੇ ਰਿਸ਼ਵਤ ਜਾਂ ਸਿਫ਼ਾਰਸ਼ ਦੇ ਨਿਰੋਲ ਮੈਰਿਟ ਦੇ ਆਧਾਰ 'ਤੇ ਦਿੱਤੀਆਂ ਹਨ। ਉਨ੍ਹਾਂ ਮੁਤਾਬਕ ਨੌਜਵਾਨਾਂ ਨੂੰ ਮੌਕੇ ਦੇ ਕੇ ਹੀ ਸੂਬੇ ਦੀ ਤਰੱਕੀ ਯਕੀਨੀ ਬਣਾਈ ਜਾ ਸਕਦੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸਿੱਖਿਆ ਦਾ ਮੰਤਵ ਸਿਰਫ਼ ਡਿਗਰੀਆਂ ਹਾਸਲ ਕਰਨਾ ਨਹੀਂ, ਸਗੋਂ ਚੇਤੰਨ ਅਤੇ ਜ਼ਿੰਮੇਵਾਰ ਨਾਗਰਿਕ ਬਣਨਾ ਹੈ ਤਾਂ ਜੋ ਸਮਾਜ ਦੇ ਵਿਕਾਸ ਵਿੱਚ ਯੋਗਦਾਨ ਪਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸੰਗੀਤ, ਨਾਟਕ, ਸਾਹਿਤ ਅਤੇ ਲੋਕ ਕਲਾਵਾਂ ਵਰਗੀਆਂ ਗਤੀਵਿਧੀਆਂ ਵਿਦਿਆਰਥੀਆਂ ਅੰਦਰ ਸਹਿਯੋਗ ਅਤੇ ਨਵੀਂ ਸੋਚ ਦੀ ਭਾਵਨਾ ਪੈਦਾ ਕਰਦੀਆਂ ਹਨ।

ਇਸ ਯੁਵਕ ਮੇਲੇ ਵਿੱਚ 39 ਕਾਲਜਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ ਅਤੇ ਚਾਰ ਵੱਖ-ਵੱਖ ਮੰਚਾਂ 'ਤੇ 60 ਮੁਕਾਬਲੇ ਕਰਵਾਏ ਗਏ। ਮੁੱਖ ਮੰਤਰੀ ਨੇ ਵਿਦਿਆਰਥੀਆਂ ਨੂੰ ਆਪਣੇ ਵਿਰਸੇ ਨਾਲ ਜੁੜੇ ਰਹਿਣ ਅਤੇ ਅੱਗੇ ਵਧਣ ਦੇ ਮੌਕਿਆਂ ਦਾ ਲਾਹਾ ਲੈਣ ਦਾ ਸੱਦਾ ਦਿੱਤਾ।