LIVE TV
ਤਾਜ਼ਾ ਖ਼ਬਰਾਂ
ਬੁੱਧਵਾਰ, 11 ਨਵੰਬਰ 2026
ਪੰਜਾਬ

ਪੰਜਾਬ ਵਿੱਚ ਇੱਕੋ ਦਿਨ ਪਰਾਲੀ ਸਾੜਨ ਦੇ 123 ਨਵੇਂ ਮਾਮਲੇ, ਕੁੱਲ ਗਿਣਤੀ 343 ਹੋਈ

ਪੰਜਾਬ ਵਿੱਚ ਐਤਵਾਰ ਨੂੰ ਪਰਾਲੀ ਸਾੜਨ ਦੇ 123 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਇਸ ਸੀਜ਼ਨ ਦੇ ਕੁੱਲ ਕੇਸ ਵਧ ਕੇ 343 ਹੋ ਗਏ ਹਨ। ਪ੍ਰਸ਼ਾਸਨ ਨੇ ਹੁਣ ਤੱਕ 22 ਐੱਫਆਈਆਰ ਦਰਜ ਕੀਤੀਆਂ ਹਨ।

ਪੰਜਾਬ ਵਿੱਚ ਇੱਕੋ ਦਿਨ ਪਰਾਲੀ ਸਾੜਨ ਦੇ 123 ਨਵੇਂ ਮਾਮਲੇ, ਕੁੱਲ ਗਿਣਤੀ 343 ਹੋਈ
ਪੰਜਾਬ ਟੈਲੀਵਿਜ਼ਨ

ਪੰਜਾਬ ਵਿੱਚ ਝੋਨੇ ਦੀ ਵਾਢੀ ਤੇਜ਼ ਹੋਣ ਦੇ ਨਾਲ ਹੀ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਵੀ ਭਾਰੀ ਵਾਧਾ ਦਰਜ ਕੀਤਾ ਗਿਆ ਹੈ। ਐਤਵਾਰ ਨੂੰ ਸੂਬੇ ਭਰ ਵਿੱਚ 24 ਘੰਟਿਆਂ ਦੌਰਾਨ ਪਰਾਲੀ ਨੂੰ ਅੱਗ ਲਗਾਉਣ ਦੇ 123 ਨਵੇਂ ਕੇਸ ਸਾਹਮਣੇ ਆਏ ਹਨ।

ਟਾਈਮਜ਼ ਆਫ਼ ਇੰਡੀਆ ਦੀ ਰਿਪੋਰਟ ਮੁਤਾਬਕ ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਇਸ ਸੀਜ਼ਨ ਵਿੱਚ ਪੰਜਾਬ ਅੰਦਰ ਪਰਾਲੀ ਸਾੜਨ ਦੇ ਕੁੱਲ ਮਾਮਲੇ 343 'ਤੇ ਪਹੁੰਚ ਗਏ ਹਨ। ਦੇਸ਼ ਦੇ ਸੱਤ ਰਾਜਾਂ ਵਿੱਚੋਂ ਮੱਧ ਪ੍ਰਦੇਸ਼ 366 ਮਾਮਲਿਆਂ ਨਾਲ ਪਹਿਲੇ ਨੰਬਰ 'ਤੇ ਹੈ ਅਤੇ ਪੰਜਾਬ ਹੁਣ ਦੂਜੇ ਸਥਾਨ 'ਤੇ ਆ ਗਿਆ ਹੈ।

ਸੂਬੇ ਦੇ ਸਰਹੱਦੀ ਜ਼ਿਲ੍ਹੇ ਤਰਨ ਤਾਰਨ ਅਤੇ ਅੰਮ੍ਰਿਤਸਰ ਹਾਲੇ ਵੀ ਪਰਾਲੀ ਸਾੜਨ ਦੇ ਸਭ ਤੋਂ ਵੱਡੇ ਕੇਂਦਰ ਬਣੇ ਹੋਏ ਹਨ। ਤਰਨ ਤਾਰਨ ਵਿੱਚ ਹੁਣ ਤੱਕ ਸਭ ਤੋਂ ਵੱਧ 166 ਅਤੇ ਅੰਮ੍ਰਿਤਸਰ ਵਿੱਚ 111 ਕੇਸ ਸਾਹਮਣੇ ਆ ਚੁੱਕੇ ਹਨ, ਜੋ ਸੱਤਾਂ ਰਾਜਾਂ ਦੇ ਸਾਰੇ ਜ਼ਿਲ੍ਹਿਆਂ ਨਾਲੋਂ ਵੱਧ ਹਨ।

ਨਿਯਮ ਤੋੜਨ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਵੀ ਤੇਜ਼ ਕਰ ਦਿੱਤੀ ਗਈ ਹੈ। ਰਿਪੋਰਟ ਅਨੁਸਾਰ ਸਰਕਾਰੀ ਹੁਕਮਾਂ ਦੀ ਉਲੰਘਣਾ ਦੇ ਦੋਸ਼ ਹੇਠ ਭਾਰਤੀ ਨਿਆਂ ਸੰਹਿਤਾ ਦੀ ਧਾਰਾ 223 ਤਹਿਤ ਹੁਣ ਤੱਕ 22 ਐੱਫਆਈਆਰ ਦਰਜ ਕੀਤੀਆਂ ਜਾ ਚੁੱਕੀਆਂ ਹਨ। ਇਨ੍ਹਾਂ ਵਿੱਚੋਂ 14 ਪਰਚੇ ਇਕੱਲੇ ਤਰਨ ਤਾਰਨ ਵਿੱਚ, ਤਿੰਨ ਅੰਮ੍ਰਿਤਸਰ, ਦੋ ਗੁਰਦਾਸਪੁਰ ਅਤੇ ਇੱਕ-ਇੱਕ ਫ਼ਿਰੋਜ਼ਪੁਰ, ਸੰਗਰੂਰ ਤੇ ਪਟਿਆਲਾ ਵਿੱਚ ਦਰਜ ਹੋਏ ਹਨ।

ਇਸ ਤੋਂ ਇਲਾਵਾ 80 ਮਾਮਲਿਆਂ ਵਿੱਚ 4.10 ਲੱਖ ਰੁਪਏ ਦਾ ਵਾਤਾਵਰਣ ਜੁਰਮਾਨਾ ਲਗਾਇਆ ਗਿਆ ਹੈ, ਜਿਸ ਵਿੱਚੋਂ 1.95 ਲੱਖ ਰੁਪਏ ਦੀ ਵਸੂਲੀ ਹੋ ਚੁੱਕੀ ਹੈ। ਜ਼ਮੀਨੀ ਰਿਕਾਰਡ ਵਿੱਚ 57 ਕਿਸਾਨਾਂ ਦੇ ਨਾਂ 'ਤੇ ਲਾਲ ਇੰਦਰਾਜ (ਰੈੱਡ ਐਂਟਰੀ) ਕੀਤੇ ਗਏ ਹਨ, ਜਿਨ੍ਹਾਂ ਵਿੱਚੋਂ 39 ਮਾਮਲੇ ਤਰਨ ਤਾਰਨ ਜ਼ਿਲ੍ਹੇ ਦੇ ਹਨ। ਲਾਪਰਵਾਹੀ ਵਰਤਣ ਵਾਲੇ 94 ਨੋਡਲ ਅਤੇ ਨਿਗਰਾਨ ਅਫ਼ਸਰਾਂ ਨੂੰ ਵੀ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ।

ਅਦਾਲਤ ਵਿੱਚ ਹਾਲੇ ਕੋਈ ਦੋਸ਼ ਸਾਬਤ ਨਹੀਂ ਹੋਇਆ।

ਅਹਿਮ ਘਟਨਾਕ੍ਰਮ

  • ਪੰਜਾਬ ਵਿੱਚ 24 ਘੰਟਿਆਂ ਦੌਰਾਨ ਪਰਾਲੀ ਸਾੜਨ ਦੇ 123 ਨਵੇਂ ਮਾਮਲੇ ਦਰਜ
  • ਇਸ ਸੀਜ਼ਨ ਵਿੱਚ ਸੂਬੇ ਦੇ ਕੁੱਲ ਕੇਸਾਂ ਦੀ ਗਿਣਤੀ ਵਧ ਕੇ 343 ਹੋਈ
  • ਤਰਨ ਤਾਰਨ 166 ਅਤੇ ਅੰਮ੍ਰਿਤਸਰ 111 ਕੇਸਾਂ ਨਾਲ ਸਭ ਤੋਂ ਵੱਧ ਪ੍ਰਭਾਵਿਤ ਜ਼ਿਲ੍ਹੇ
  • ਸਰਕਾਰੀ ਹੁਕਮਾਂ ਦੀ ਉਲੰਘਣਾ ਦੇ ਦੋਸ਼ ਹੇਠ ਹੁਣ ਤੱਕ 22 ਐੱਫਆਈਆਰ ਦਰਜ
  • ਕਿਸਾਨਾਂ ਦੇ ਜ਼ਮੀਨੀ ਰਿਕਾਰਡ ਵਿੱਚ 57 ਰੈੱਡ ਐਂਟਰੀਆਂ ਅਤੇ 4.10 ਲੱਖ ਰੁਪਏ ਜੁਰਮਾਨਾ ਲਗਾਇਆ