ਪੰਜਾਬ ਵਿੱਚ ਰੋਡਵੇਜ਼ ਅਤੇ ਪੀਆਰਟੀਸੀ ਮੁਲਾਜ਼ਮਾਂ ਦੀ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ
ਪਨਬੱਸ ਅਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਵੱਲੋਂ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਬੁੱਧਵਾਰ ਸਵੇਰ ਤੋਂ ਬੱਸਾਂ ਦਾ ਚੱਕਾ ਜਾਮ ਕਰ ਦਿੱਤਾ ਗਿਆ ਹੈ।

ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਦੇ ਕੱਚੇ ਤੇ ਆਊਟਸੋਰਸ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਦੇ ਹੱਕ ਵਿੱਚ ਬੁੱਧਵਾਰ ਸਵੇਰ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕਰ ਦਿੱਤੀ ਹੈ। ਇਸ ਕਾਰਨ ਸੂਬੇ ਭਰ ਵਿੱਚ ਸਰਕਾਰੀ ਬੱਸਾਂ ਦੇ ਪਹੀਏ ਥੰਮ੍ਹ ਗਏ ਹਨ।
ਪੰਜਾਬ ਰੋਡਵੇਜ਼, ਪਨਬੱਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਨੇ ਐਲਾਨ ਕੀਤਾ ਹੈ ਕਿ ਜਦੋਂ ਤੱਕ ਸਰਕਾਰ ਮੰਗਾਂ ਸਬੰਧੀ ਗਜ਼ਟ ਨੋਟੀਫਿਕੇਸ਼ਨ ਜਾਰੀ ਨਹੀਂ ਕਰਦੀ, ਓਦੋਂ ਤੱਕ ਕੋਈ ਵੀ ਸਰਕਾਰੀ ਬੱਸ ਡਿੱਪੂ ਵਿੱਚੋਂ ਬਾਹਰ ਨਹੀਂ ਕੱਢੀ ਜਾਵੇਗੀ। ਇਸ ਤੋਂ ਪਹਿਲਾਂ ਮੰਗਲਵਾਰ ਸ਼ਾਮ ਨੂੰ ਹੀ ਡਰਾਈਵਰਾਂ ਅਤੇ ਕੰਡਕਟਰਾਂ ਨੇ ਰਾਤ ਦੇ ਸਫ਼ਰ ਵਾਲੀਆਂ ਬੱਸਾਂ ਚਲਾਉਣ ਤੋਂ ਇਨਕਾਰ ਕਰਦਿਆਂ ਵਾਹਨ ਡਿੱਪੂਆਂ ਵਿੱਚ ਵਾਪਸ ਖੜ੍ਹੇ ਕਰ ਦਿੱਤੇ ਸਨ।
ਇਸ ਹੜਤਾਲ ਕਾਰਨ ਸਰਕਾਰੀ ਖੇਤਰ ਦੀਆਂ 3,000 ਤੋਂ ਵੱਧ ਬੱਸਾਂ ਸੜਕਾਂ ਤੋਂ ਗਾਇਬ ਰਹਿਣ ਦੀ ਸੰਭਾਵਨਾ ਹੈ। ਪੰਜਾਬ ਅਤੇ ਚੰਡੀਗੜ੍ਹ ਤੋਂ ਇਲਾਵਾ ਹਰਿਆਣਾ, ਰਾਜਸਥਾਨ, ਹਿਮਾਚਲ ਪ੍ਰਦੇਸ਼ ਅਤੇ ਨਵੀਂ ਦਿੱਲੀ ਜਾਣ ਵਾਲੀਆਂ ਅੰਤਰਰਾਜੀ ਸੇਵਾਵਾਂ ਵੀ ਠੱਪ ਹੋ ਗਈਆਂ ਹਨ, ਜਿਸ ਕਾਰਨ ਦਫ਼ਤਰ ਜਾਣ ਵਾਲੇ ਲੋਕਾਂ, ਵਿਦਿਆਰਥੀਆਂ ਅਤੇ ਮੁਫ਼ਤ ਸਫ਼ਰ ਦੀ ਸਹੂਲਤ ਲੈਣ ਵਾਲੀਆਂ ਔਰਤਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਯੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਕਿਹਾ ਕਿ ਪਿਛਲੇ ਛੇ ਮਹੀਨਿਆਂ ਵਿੱਚ ਵਿੱਤ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਕਈ ਬੈਠਕਾਂ ਹੋ ਚੁੱਕੀਆਂ ਹਨ। ਹਰ ਵਾਰ ਸਰਕਾਰ ਵੱਲੋਂ ਦਸ ਦਿਨ ਦਾ ਸਮਾਂ ਮੰਗਿਆ ਗਿਆ ਪਰ ਕੋਈ ਵੀ ਮੰਗ ਪੂਰੀ ਨਹੀਂ ਕੀਤੀ ਗਈ। ਉਨ੍ਹਾਂ ਦੱਸਿਆ ਕਿ 5 ਅਕਤੂਬਰ ਦੀ ਬੈਠਕ ਵਿੱਚ ਸਰਕਾਰ ਨੇ 15 ਅਕਤੂਬਰ ਤੱਕ ਨੋਟੀਫਿਕੇਸ਼ਨ ਜਾਰੀ ਕਰਨ ਦਾ ਭਰੋਸਾ ਦਿੱਤਾ ਸੀ, ਪਰ ਮਿਥੀ ਤਰੀਕ ਲੰਘਣ ਮਗਰੋਂ ਵੀ ਕੋਈ ਕਾਰਵਾਈ ਨਹੀਂ ਹੋਈ।
ਯੂਨੀਅਨ ਦੇ ਜਨਰਲ ਸਕੱਤਰ ਸ਼ਮਸ਼ੇਰ ਸਿੰਘ ਢਿੱਲੋਂ ਅਤੇ ਪ੍ਰਧਾਨ ਰੇਸ਼ਮ ਸਿੰਘ ਗਿੱਲ ਮੁਤਾਬਕ ਪ੍ਰਸ਼ਾਸਨ ਨਾਲ 70 ਤੋਂ ਵੱਧ ਬੈਠਕਾਂ ਬੇਸਿੱਟਾ ਰਹਿਣ ਤੋਂ ਬਾਅਦ ਹੀ ਇਹ ਕਦਮ ਚੁੱਕਿਆ ਗਿਆ ਹੈ। ਮੁਲਾਜ਼ਮਾਂ ਦੀ ਮੰਗ ਹੈ ਕਿ ਕੰਟਰੈਕਟ ਡਰਾਈਵਰਾਂ, ਕੰਡਕਟਰਾਂ ਅਤੇ ਵਰਕਸ਼ਾਪ ਮਕੈਨਿਕਾਂ ਨੂੰ ਵਿਭਾਗੀ ਨਿਯਮਾਂ ਅਧੀਨ ਪੱਕਾ ਕੀਤਾ ਜਾਵੇ, ਆਊਟਸੋਰਸ ਕਾਮਿਆਂ ਨੂੰ ਵਿਭਾਗ ਦੇ ਸਿੱਧੇ ਠੇਕੇ 'ਤੇ ਲਿਆ ਜਾਵੇ, ਨਿੱਜੀ ਭਰਤੀ ਏਜੰਸੀਆਂ ਬੰਦ ਕੀਤੀਆਂ ਜਾਣ ਅਤੇ ਪਿਛਲੇ ਪ੍ਰਦਰਸ਼ਨਾਂ ਦੌਰਾਨ ਵਰਕਰਾਂ 'ਤੇ ਦਰਜ ਹੋਈਆਂ ਐੱਫਆਈਆਰ ਰੱਦ ਹੋਣ।
ਯੂਨੀਅਨ ਆਗੂਆਂ ਨੇ ਇਹ ਵੀ ਕਿਹਾ ਕਿ ਵਿਧਾਨ ਸਭਾ ਦਾ ਇਜਲਾਸ ਚੱਲ ਰਿਹਾ ਹੈ, ਇਸ ਲਈ ਸਰਕਾਰ ਕੈਬਨਿਟ ਵਿੱਚ ਨਿਯਮਾਂ ਦੀ ਸੋਧ ਨੂੰ ਮਨਜ਼ੂਰੀ ਦੇ ਕੇ ਤੁਰੰਤ ਕਾਨੂੰਨ ਪਾਸ ਕਰ ਸਕਦੀ ਹੈ।
ਅਹਿਮ ਘਟਨਾਕ੍ਰਮ
- ਪਨਬੱਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਬੁੱਧਵਾਰ ਸਵੇਰ ਤੋਂ ਬੱਸਾਂ ਦਾ ਮੁਕੰਮਲ ਚੱਕਾ ਜਾਮ
- ਸਰਕਾਰੀ ਖੇਤਰ ਦੀਆਂ 3,000 ਤੋਂ ਵੱਧ ਬੱਸਾਂ ਦੇ ਸੜਕਾਂ ਤੋਂ ਬੰਦ ਰਹਿਣ ਨਾਲ ਸਵਾਰੀਆਂ ਪ੍ਰੇਸ਼ਾਨ
- ਮੁਲਾਜ਼ਮਾਂ ਨੂੰ ਪੱਕਾ ਕਰਨ ਅਤੇ ਆਊਟਸੋਰਸਿੰਗ ਬੰਦ ਕਰਨ ਸਬੰਧੀ ਨੋਟੀਫਿਕੇਸ਼ਨ ਜਾਰੀ ਹੋਣ ਤੱਕ ਹੜਤਾਲ ਜਾਰੀ ਰੱਖਣ ਦਾ ਐਲਾਨ
- ਯੂਨੀਅਨ ਦਾ ਇਲਜ਼ਾਮ- ਮੰਤਰੀ ਨਾਲ ਕਈ ਮੀਟਿੰਗਾਂ ਮਗਰੋਂ ਵੀ ਵਾਅਦੇ ਅਨੁਸਾਰ ਨਹੀਂ ਜਾਰੀ ਹੋਈ ਨੋਟੀਫਿਕੇਸ਼ਨ



