ਬੰਦੀ ਛੋੜ ਦਿਵਸ 'ਤੇ ਜਥੇਦਾਰ ਵੱਲੋਂ ਪੰਥਕ ਏਕਤਾ ਅਤੇ ਬੰਦੀ ਸਿੰਘਾਂ ਦੀ ਰਿਹਾਈ ਦਾ ਸੱਦਾ
ਬੰਦੀ ਛੋੜ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਥਕ ਏਕਤਾ ਬਣਾਉਣ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਇਕਜੁੱਟ ਹੋਣ ਦਾ ਸੱਦਾ ਦਿੱਤਾ ਹੈ।

ਬੰਦੀ ਛੋੜ ਦਿਵਸ ਦੇ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦਰਬਾਰ ਸਾਹਿਬ ਦੀ ਦਰਸ਼ਨੀ ਡਿਓੜੀ ਤੋਂ ਆਪਣਾ ਰਵਾਇਤੀ ਸੰਦੇਸ਼ ਜਾਰੀ ਕੀਤਾ। ਆਪਣੇ ਸੰਬੋਧਨ ਵਿੱਚ ਉਨ੍ਹਾਂ ਪੰਥਕ ਏਕਤਾ, ਬੰਦੀ ਸਿੰਘਾਂ ਦੀ ਰਿਹਾਈ, ਸਿੱਖ ਸੰਸਥਾਵਾਂ ਦੀ ਮਜ਼ਬੂਤੀ ਅਤੇ ਸਿੱਖ ਰਹਿਤ ਮਰਿਆਦਾ ਦੀ ਪਾਲਣਾ ਕਰਨ 'ਤੇ ਜ਼ੋਰ ਦਿੱਤਾ।
ਜਥੇਦਾਰ ਨੇ ਕਿਹਾ ਕਿ ਜੇਕਰ ਸਰਕਾਰਾਂ ਬੰਦੀ ਸਿੰਘਾਂ ਦੀ ਰਿਹਾਈ ਪ੍ਰਤੀ ਸੰਜੀਦਗੀ ਨਹੀਂ ਦਿਖਾਉਂਦੀਆਂ ਤਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸਮੁੱਚੇ ਪੰਥ ਨੂੰ ਨਾਲ ਲੈ ਕੇ ਅਗਲੀ ਰਣਨੀਤੀ ਤਿਆਰ ਕਰਨੀ ਚਾਹੀਦੀ ਹੈ। ਉਨ੍ਹਾਂ ਗੁਰੂ ਹਰਿਗੋਬਿੰਦ ਸਾਹਿਬ ਵੱਲੋਂ ਗਵਾਲੀਅਰ ਦੇ ਕਿਲ੍ਹੇ ਤੋਂ 52 ਰਾਜਿਆਂ ਨੂੰ ਰਿਹਾਅ ਕਰਵਾਉਣ ਦੇ ਇਤਿਹਾਸ ਦਾ ਹਵਾਲਾ ਦਿੰਦਿਆਂ ਸੰਗਤ ਨੂੰ ਗੁਰਬਾਣੀ ਦੇ ਮਾਰਗ 'ਤੇ ਚੱਲਣ ਦੀ ਅਪੀਲ ਕੀਤੀ।
ਹਵਾਈ ਅੱਡਿਆਂ 'ਤੇ ਕਿਰਪਾਨ ਪਹਿਨਣ ਸੰਬੰਧੀ ਪਾਬੰਦੀਆਂ ਅਤੇ ਮੁਕਾਬਲਾ ਪ੍ਰੀਖਿਆਵਾਂ ਦੌਰਾਨ ਉਮੀਦਵਾਰਾਂ ਦੇ ਕਕਾਰ ਲੁਹਾਏ ਜਾਣ ਦੀਆਂ ਘਟਨਾਵਾਂ ਦਾ ਜ਼ਿਕਰ ਕਰਦਿਆਂ ਜਥੇਦਾਰ ਨੇ ਇਨ੍ਹਾਂ ਨੂੰ ਧਾਰਮਿਕ ਅਤੇ ਮਨੁੱਖੀ ਹੱਕਾਂ ਦੀ ਉਲੰਘਣਾ ਕਰਾਰ ਦਿੱਤਾ। ਉਨ੍ਹਾਂ ਬਾਹਰਲੇ ਦੇਸ਼ਾਂ ਵਿੱਚ ਵਸਦੇ ਸਿੱਖਾਂ ਨੂੰ ਵੀ ਕਕਾਰਾਂ ਦਾ ਸਤਿਕਾਰ ਬਣਾਈ ਰੱਖਣ ਅਤੇ ਅਨੁਸ਼ਾਸਨ ਵਿੱਚ ਰਹਿਣ ਦੀ ਸਲਾਹ ਦਿੱਤੀ।
ਸਿੱਖ ਸੰਸਥਾਵਾਂ ਨੂੰ ਕਮਜ਼ੋਰ ਕਰਨ ਦੀਆਂ ਕੋਸ਼ਿਸ਼ਾਂ ਅਤੇ ਗੁਰਦੁਆਰਾ ਪ੍ਰਬੰਧਾਂ ਵਿੱਚ ਸਰਕਾਰੀ ਦਖ਼ਲਅੰਦਾਜ਼ੀ ਵਿਰੁੱਧ ਚਿਤਾਵਨੀ ਦਿੰਦਿਆਂ ਉਨ੍ਹਾਂ ਵਿਦੇਸ਼ੀ ਗੁਰਦੁਆਰਿਆਂ ਵਿੱਚ ਕਾਨੂੰਨੀ ਲੜਾਈਆਂ ਕਾਰਨ ਪੈਸਾ ਬਰਬਾਦ ਹੋਣ 'ਤੇ ਚਿੰਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਇਹ ਸਰੋਤ ਧਰਮ ਪ੍ਰਚਾਰ ਅਤੇ ਲੋਕ ਭਲਾਈ ਦੇ ਕੰਮਾਂ ਵਿੱਚ ਲਗਾਏ ਜਾਣੇ ਚਾਹੀਦੇ ਹਨ।
ਨੌਜਵਾਨਾਂ ਵਿੱਚ ਨਸ਼ਿਆਂ ਦੇ ਵਧ ਰਹੇ ਰੁਝਾਨ ਅਤੇ ਭਾਰਤ ਅੰਦਰ ਸਿੱਖਾਂ ਦੀ ਘਟਦੀ ਆਬਾਦੀ 'ਤੇ ਚਿੰਤਾ ਜ਼ਾਹਰ ਕਰਦਿਆਂ ਉਨ੍ਹਾਂ ਨਵੀਂ ਪੀੜ੍ਹੀ ਨੂੰ ਸਿੱਖੀ ਸਿਧਾਂਤਾਂ ਨਾਲ ਜੋੜਨ ਲਈ ਕਿਹਾ। ਉਨ੍ਹਾਂ ਪਰਵਾਸੀ ਪਰਿਵਾਰਾਂ ਦੇ ਬੱਚਿਆਂ ਨੂੰ ਆਪਣੇ ਜੱਦੀ ਪਿੰਡਾਂ ਅਤੇ ਪੰਜਾਬ ਨਾਲ ਨਾਤਾ ਕਾਇਮ ਰੱਖਣ ਦੀ ਅਪੀਲ ਕੀਤੀ।
ਇਸ ਤੋਂ ਇਲਾਵਾ ਉਨ੍ਹਾਂ ਸਰਹੱਦ ਪਾਰ ਇਤਿਹਾਸਕ ਗੁਰਦੁਆਰਿਆਂ ਦੇ ਦਰਸ਼ਨਾਂ ਦੀ ਖੁੱਲ੍ਹ, ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਅਤੇ ਸਿੱਖ ਵਿਰਾਸਤ ਨੂੰ ਸਾਂਭਣ ਦੀ ਮੰਗ ਕੀਤੀ। ਉਨ੍ਹਾਂ ਵਾਤਾਵਰਨ ਦੀ ਸੰਭਾਲ, ਰੁੱਖ ਲਗਾਉਣ, ਪਾਣੀ ਦੇ ਸੋਮਿਆਂ ਅਤੇ ਪੰਜਾਬ ਦੀ ਖੇਤੀਬਾੜੀ ਵਾਲੀ ਜ਼ਮੀਨ ਨੂੰ ਬਚਾਉਣ ਦਾ ਸੱਦਾ ਵੀ ਦਿੱਤਾ।



