LIVE TV
ਤਾਜ਼ਾ ਖ਼ਬਰਾਂ
ਬੁੱਧਵਾਰ, 11 ਨਵੰਬਰ 2026
ਰਾਜਨੀਤੀ

ਮੁਅੱਤਲ 'ਆਪ' ਵਿਧਾਇਕ ਕੁੰਵਰ ਵਿਜੇ ਪ੍ਰਤਾਪ ਨੇ ਪੰਜਾਬ ਵਿਧਾਨ ਸਭਾ ਤੋਂ ਅਸਤੀਫ਼ਾ ਦਿੱਤਾ

ਅੰਮ੍ਰਿਤਸਰ ਉੱਤਰੀ ਤੋਂ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਪੰਜਾਬ ਵਿਧਾਨ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਆਪਣਾ ਅਸਤੀਫ਼ਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਭੇਜਿਆ ਹੈ।

ਮੁਅੱਤਲ 'ਆਪ' ਵਿਧਾਇਕ ਕੁੰਵਰ ਵਿਜੇ ਪ੍ਰਤਾਪ ਨੇ ਪੰਜਾਬ ਵਿਧਾਨ ਸਭਾ ਤੋਂ ਅਸਤੀਫ਼ਾ ਦਿੱਤਾ
ਪੰਜਾਬ ਟੈਲੀਵਿਜ਼ਨ

ਅੰਮ੍ਰਿਤਸਰ ਉੱਤਰੀ ਤੋਂ ਵਿਧਾਇਕ ਅਤੇ ਸਾਬਕਾ ਆਈਪੀਐੱਸ ਅਧਿਕਾਰੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਪੰਜਾਬ ਵਿਧਾਨ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਸੋਮਵਾਰ ਨੂੰ ਸੋਸ਼ਲ ਮੀਡੀਆ ਰਾਹੀਂ ਆਪਣਾ ਅਸਤੀਫ਼ਾ ਪੱਤਰ ਜਨਤਕ ਕੀਤਾ।

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਭੇਜੇ ਪੱਤਰ ਵਿੱਚ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਲਿਖਿਆ ਹੈ ਕਿ ਉਹ 1 ਨਵੰਬਰ 2026 ਤੋਂ ਵਿਧਾਨ ਸਭਾ ਵਿੱਚ ਆਪਣੀ ਸੀਟ ਤੋਂ ਅਸਤੀਫ਼ਾ ਦੇ ਰਹੇ ਹਨ।

ਇਸ ਤੋਂ ਇਕ ਦਿਨ ਪਹਿਲਾਂ ਹੀ ਐਤਵਾਰ ਨੂੰ ਪਟਿਆਲਾ ਜ਼ਿਲ੍ਹੇ ਦੇ ਸਮਾਣਾ ਤੋਂ ਵਿਧਾਇਕ ਚੇਤਨ ਸਿੰਘ ਜੋੜਾਮਾਜਰਾ ਅਤੇ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੇ ਵੀ ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦਿੱਤਾ ਸੀ।

ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਇਲਜ਼ਾਮ ਹੇਠ ਪਿਛਲੇ ਸਾਲ ਜੂਨ ਵਿੱਚ ਪੰਜ ਸਾਲਾਂ ਲਈ ਆਮ ਆਦਮੀ ਪਾਰਟੀ ਵਿੱਚੋਂ ਮੁਅੱਤਲ ਕੀਤਾ ਗਿਆ ਸੀ। ਇਹ ਕਾਰਵਾਈ ਉਨ੍ਹਾਂ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਵਿਜੀਲੈਂਸ ਬਿਊਰੋ ਦੀ ਕਾਰਵਾਈ 'ਤੇ ਸਵਾਲ ਚੁੱਕਣ ਤੋਂ ਬਾਅਦ ਕੀਤੀ ਗਈ ਸੀ।

ਉਹ ਪਿਛਲੇ ਸਮੇਂ ਦੌਰਾਨ ਆਪਣੀ ਸਰਕਾਰ ਦੀਆਂ ਕਾਰਵਾਈਆਂ 'ਤੇ ਲਗਾਤਾਰ ਸਵਾਲ ਖੜ੍ਹੇ ਕਰਦੇ ਰਹੇ ਹਨ। ਉਨ੍ਹਾਂ ਨੇ ਫ਼ਰੀਦਕੋਟ ਜ਼ਿਲ੍ਹੇ ਵਿੱਚ 2015 ਦੀ ਬੇਅਦਬੀ ਅਤੇ ਕੋਟਕਪੂਰਾ ਤੇ ਬਹਿਬਲ ਕਲਾਂ ਪੁਲਿਸ ਗੋਲੀਕਾਂਡ ਮਾਮਲਿਆਂ ਦੀ ਜਾਂਚ ਨੂੰ ਲੈ ਕੇ ਕਈ ਵਾਰ ਵਿਧਾਨ ਸਭਾ ਵਿੱਚ ਇਤਰਾਜ਼ ਜਤਾਇਆ ਸੀ। ਉਹ ਇਨ੍ਹਾਂ ਮਾਮਲਿਆਂ ਦੀ ਜਾਂਚ ਕਰਨ ਵਾਲੀ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਦਾ ਹਿੱਸਾ ਵੀ ਰਹਿ ਚੁੱਕੇ ਹਨ।

ਇਸ ਤੋਂ ਇਲਾਵਾ ਪਿਛਲੇ ਸਾਲ ਅੰਮ੍ਰਿਤਸਰ ਵਿੱਚ ਨਕਲੀ ਸ਼ਰਾਬ ਪੀਣ ਨਾਲ 20 ਤੋਂ ਵੱਧ ਵਿਅਕਤੀਆਂ ਦੀ ਹੋਈ ਮੌਤ ਦੇ ਮਾਮਲੇ ਵਿੱਚ ਵੀ ਉਨ੍ਹਾਂ ਨੇ ਭਗਵੰਤ ਮਾਨ ਸਰਕਾਰ ਦੀ ਕਾਰਗੁਜ਼ਾਰੀ 'ਤੇ ਸਵਾਲ ਚੁੱਕੇ ਸਨ।

ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਸਾਲ 2021 ਵਿੱਚ ਪੁਲਿਸ ਸੇਵਾ ਤੋਂ ਅਗਾਊਂ ਸੇਵਾਮੁਕਤੀ ਲੈਣ ਤੋਂ ਬਾਅਦ ਆਮ ਆਦਮੀ ਪਾਰਟੀ ਜੁਆਇਨ ਕੀਤੀ ਸੀ ਅਤੇ ਉਹ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਅੰਮ੍ਰਿਤਸਰ ਉੱਤਰੀ ਹਲਕੇ ਤੋਂ ਵਿਧਾਇਕ ਚੁਣੇ ਗਏ ਸਨ।

ਅਹਿਮ ਘਟਨਾਕ੍ਰਮ

  • ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਭੇਜਿਆ ਅਸਤੀਫ਼ਾ
  • ਅਸਤੀਫ਼ਾ 1 ਨਵੰਬਰ 2026 ਤੋਂ ਲਾਗੂ ਹੋਣ ਬਾਰੇ ਪੱਤਰ ਵਿੱਚ ਲਿਖਿਆ
  • ਪਿਛਲੇ ਸਾਲ ਜੂਨ ਵਿੱਚ ਪਾਰਟੀ ਵਿਰੋਧੀ ਕਾਰਵਾਈਆਂ ਕਾਰਨ 5 ਸਾਲ ਲਈ ਹੋਏ ਸਨ ਮੁਅੱਤਲ
  • ਇਸ ਤੋਂ ਪਹਿਲਾਂ ਐਤਵਾਰ ਨੂੰ ਵਿਧਾਇਕ ਚੇਤਨ ਸਿੰਘ ਜੋੜਾਮਾਜਰਾ ਅਤੇ ਹਰਮੀਤ ਸਿੰਘ ਪਠਾਨਮਾਜਰਾ ਨੇ ਪਾਰਟੀ ਛੱਡੀ ਸੀ