LIVE TV
ਤਾਜ਼ਾ ਖ਼ਬਰਾਂ
ਸ਼ੁੱਕਰਵਾਰ, 13 ਨਵੰਬਰ 2026
ਪੰਜਾਬ

ਮੁੱਢਲੀ ਵੋਟਰ ਸੂਚੀ ਦੀਆਂ ਕਾਪੀਆਂ ਸਿਆਸੀ ਪਾਰਟੀਆਂ ਨੂੰ ਸੌਂਪੀਆਂ, ਵਿਸ਼ੇਸ਼ ਕੈਂਪਾਂ ਦਾ ਐਲਾਨ

ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਸਿਆਸੀ ਧਿਰਾਂ ਨੂੰ ਡਰਾਫਟ ਵੋਟਰ ਸੂਚੀਆਂ ਦੇ ਦਿੱਤੀਆਂ ਗਈਆਂ ਹਨ ਅਤੇ ਵੋਟਾਂ ਬਣਾਉਣ ਤੇ ਸੋਧ ਲਈ 22 ਨਵੰਬਰ ਤੇ 6 ਦਸੰਬਰ ਨੂੰ ਵਿਸ਼ੇਸ਼ ਕੈਂਪ ਲੱਗਣਗੇ।

ਮੁੱਢਲੀ ਵੋਟਰ ਸੂਚੀ ਦੀਆਂ ਕਾਪੀਆਂ ਸਿਆਸੀ ਪਾਰਟੀਆਂ ਨੂੰ ਸੌਂਪੀਆਂ, ਵਿਸ਼ੇਸ਼ ਕੈਂਪਾਂ ਦਾ ਐਲਾਨ
ਪੰਜਾਬ ਟੈਲੀਵਿਜ਼ਨ

ਪੰਜਾਬ ਵਿੱਚ ਵੋਟਰ ਸੂਚੀਆਂ ਦੀ ਮੁੱਢਲੀ ਪ੍ਰਕਾਸ਼ਨਾ ਤੋਂ ਬਾਅਦ ਚੋਣ ਪ੍ਰਸ਼ਾਸਨ ਨੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਵੋਟਰ ਸੂਚੀਆਂ ਦੀਆਂ ਕਾਪੀਆਂ ਅਤੇ ਸੀਡੀਆਂ ਸੌਂਪਣੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਦੇ ਨਾਲ ਹੀ ਪੋਲਿੰਗ ਸਟੇਸ਼ਨਾਂ 'ਤੇ ਨਵੇਂ ਵੋਟਰਾਂ ਨੂੰ ਜੋੜਨ ਅਤੇ ਸੋਧਾਂ ਕਰਨ ਲਈ ਵਿਸ਼ੇਸ਼ ਕੈਂਪਾਂ ਦੀਆਂ ਤਰੀਕਾਂ ਦਾ ਵੀ ਐਲਾਨ ਕੀਤਾ ਗਿਆ ਹੈ।

ਮਾਨਸਾ ਦੇ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਨੇ ਦੱਸਿਆ ਕਿ 1 ਜਨਵਰੀ 2027 ਦੀ ਯੋਗਤਾ ਮਿਤੀ ਦੇ ਆਧਾਰ 'ਤੇ ਤਿਆਰ ਕੀਤੀ ਫੋਟੋ ਵੋਟਰ ਸੂਚੀ ਦੀਆਂ ਕਾਪੀਆਂ ਸਿਆਸੀ ਪਾਰਟੀਆਂ ਦੇ ਆਗੂਆਂ ਦੇ ਹਵਾਲੇ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਸਿਆਸੀ ਧਿਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੂਥ ਲੈਵਲ ਏਜੰਟਾਂ ਰਾਹੀਂ ਇਨ੍ਹਾਂ ਸੂਚੀਆਂ ਦੀ ਪੜਤਾਲ ਕਰਵਾ ਲੈਣ ਤਾਂ ਜੋ ਕੋਈ ਵੀ ਯੋਗ ਵੋਟਰ ਰਹਿ ਨਾ ਜਾਵੇ।

ਜ਼ਿਲ੍ਹਾ ਚੋਣ ਅਫ਼ਸਰ ਅਨੁਸਾਰ 22 ਨਵੰਬਰ ਅਤੇ 6 ਦਸੰਬਰ ਨੂੰ ਸਾਰੇ ਪੋਲਿੰਗ ਸਟੇਸ਼ਨਾਂ 'ਤੇ ਬੂਥ ਲੈਵਲ ਅਫ਼ਸਰਾਂ ਵੱਲੋਂ ਵਿਸ਼ੇਸ਼ ਕੈਂਪ ਲਾਏ ਜਾਣਗੇ। ਇਨ੍ਹਾਂ ਕੈਂਪਾਂ ਵਿੱਚ ਨਵੀਂ ਵੋਟ ਬਣਾਉਣ ਲਈ ਫਾਰਮ ਨੰਬਰ 6, ਪਹਿਲਾਂ ਦਰਜ ਵੇਰਵਿਆਂ ਵਿੱਚ ਸੋਧ ਲਈ ਫਾਰਮ ਨੰਬਰ 8 ਅਤੇ ਕਿਸੇ ਵੋਟਰ ਦੀ ਮੌਤ ਹੋਣ ਜਾਂ ਪਤਾ ਬਦਲਣ ਦੀ ਸੂਰਤ ਵਿੱਚ ਨਾਂ ਕਟਵਾਉਣ ਲਈ ਫਾਰਮ ਨੰਬਰ 7 ਭਰਿਆ ਜਾ ਸਕਦਾ ਹੈ।

ਇਸ ਦੌਰਾਨ ਬਹੁਜਨ ਸਮਾਜ ਪਾਰਟੀ, ਆਮ ਆਦਮੀ ਪਾਰਟੀ, ਸ਼੍ਰੋਮਣੀ ਅਕਾਲੀ ਦਲ, ਸੀਪੀਆਈ (ਐੱਮ) ਅਤੇ ਕਾਂਗਰਸ ਪਾਰਟੀ ਦੇ ਨੁਮਾਇੰਦੇ ਮੀਟਿੰਗ ਵਿੱਚ ਸ਼ਾਮਲ ਹੋਏ।

ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਨਿੰਦਿਤਾ ਮਿਤਰਾ ਨੇ ਸੂਬੇ ਦੇ ਸਮੂਹ 117 ਵਿਧਾਨ ਸਭਾ ਹਲਕਿਆਂ ਲਈ ਡਰਾਫਟ ਵੋਟਰ ਸੂਚੀਆਂ ਜਾਰੀ ਕੀਤੀਆਂ ਸਨ। ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀ 'ਤੇ ਦਾਅਵੇ ਅਤੇ ਇਤਰਾਜ਼ ਦਰਜ ਕਰਵਾਉਣ ਲਈ 11 ਦਸੰਬਰ ਤੱਕ ਦਾ ਸਮਾਂ ਨਿਰਧਾਰਿਤ ਕੀਤਾ ਗਿਆ ਹੈ।

ਮਿਲੇ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ 28 ਦਸੰਬਰ ਤੱਕ ਮੁਕੰਮਲ ਕੀਤਾ ਜਾਵੇਗਾ। ਸਾਰੀ ਜਾਂਚ ਪੜਤਾਲ ਤੋਂ ਬਾਅਦ ਅੰਤਿਮ ਵੋਟਰ ਸੂਚੀ 4 ਜਨਵਰੀ 2027 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ।

ਅਹਿਮ ਘਟਨਾਕ੍ਰਮ

  • ਸਿਆਸੀ ਪਾਰਟੀਆਂ ਨੂੰ ਡਰਾਫਟ ਵੋਟਰ ਸੂਚੀਆਂ ਦੀਆਂ ਕਾਪੀਆਂ ਅਤੇ ਸੀਡੀਆਂ ਸੌਂਪੀਆਂ ਗਈਆਂ
  • ਪੋਲਿੰਗ ਸਟੇਸ਼ਨਾਂ 'ਤੇ 22 ਨਵੰਬਰ ਅਤੇ 6 ਦਸੰਬਰ ਨੂੰ ਲੱਗਣਗੇ ਵਿਸ਼ੇਸ਼ ਕੈਂਪ
  • ਦਾਅਵੇ ਅਤੇ ਇਤਰਾਜ਼ ਦਰਜ ਕਰਵਾਉਣ ਦੀ ਆਖ਼ਰੀ ਮਿਤੀ 11 ਦਸੰਬਰ ਹੈ
  • ਸਾਰੇ ਦਾਅਵਿਆਂ ਦਾ ਨਿਪਟਾਰਾ 28 ਦਸੰਬਰ ਤੱਕ ਕੀਤਾ ਜਾਵੇਗਾ
  • ਅੰਤਿਮ ਵੋਟਰ ਸੂਚੀ 4 ਜਨਵਰੀ 2027 ਨੂੰ ਜਾਰੀ ਹੋਵੇਗੀ