LIVE TV
ਤਾਜ਼ਾ ਖ਼ਬਰਾਂ
ਵੀਰਵਾਰ, 12 ਨਵੰਬਰ 2026
ਪੰਜਾਬ

ਵਿਦਿਆਰਥੀ ਇਮਾਨਦਾਰੀ ਅਤੇ ਮਿਹਨਤ ਨਾਲ ਆਪਣੇ ਟੀਚੇ ਹਾਸਲ ਕਰਨ: ਮੁੱਖ ਮੰਤਰੀ ਭਗਵੰਤ ਮਾਨ

ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਨ ਸਭਾ ਪੁੱਜੇ ਸਕੂਲੀ ਬੱਚਿਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਵੱਡੇ ਸੁਪਨੇ ਦੇਖਣ ਅਤੇ ਮਿਹਨਤ ਨਾਲ ਅੱਗੇ ਵਧਣ ਦਾ ਸੱਦਾ ਦਿੱਤਾ।

ਵਿਦਿਆਰਥੀ ਇਮਾਨਦਾਰੀ ਅਤੇ ਮਿਹਨਤ ਨਾਲ ਆਪਣੇ ਟੀਚੇ ਹਾਸਲ ਕਰਨ: ਮੁੱਖ ਮੰਤਰੀ ਭਗਵੰਤ ਮਾਨ
ਪੰਜਾਬ ਟੈਲੀਵਿਜ਼ਨ

ਪੰਜਾਬ ਵਿਧਾਨ ਸਭਾ ਕੰਪਲੈਕਸ ਪਹੁੰਚੇ ਸਕੂਲੀ ਵਿਦਿਆਰਥੀਆਂ ਨਾਲ ਮੁੱਖ ਮੰਤਰੀ ਭਗਵੰਤ ਮਾਨ ਨੇ ਮੁਲਾਕਾਤ ਕੀਤੀ। ਉਨ੍ਹਾਂ ਬੱਚਿਆਂ ਨੂੰ ਵੱਡੇ ਸੁਪਨੇ ਦੇਖਣ ਅਤੇ ਇਮਾਨਦਾਰੀ ਤੇ ਸਖ਼ਤ ਮਿਹਨਤ ਦੇ ਸਹਾਰੇ ਆਪਣੀਆਂ ਮੰਜ਼ਿਲਾਂ ਹਾਸਲ ਕਰਨ ਲਈ ਪ੍ਰੇਰਿਆ।

ਫ਼ਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨ ਪੰਜਾਬ ਦੀ ਵੱਡੀ ਤਾਕਤ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਬੱਚਿਆਂ ਦੇ ਭਵਿੱਖ ਦਾ ਫ਼ੈਸਲਾ ਕਿਸੇ ਸਿਫ਼ਾਰਸ਼ ਦੀ ਬਜਾਏ ਉਨ੍ਹਾਂ ਦੇ ਹੁਨਰ ਅਤੇ ਯੋਗਤਾ ਦੇ ਆਧਾਰ 'ਤੇ ਹੋਣਾ ਚਾਹੀਦਾ ਹੈ।

ਭਗਵੰਤ ਮਾਨ ਨੇ ਵਿਦਿਆਰਥੀਆਂ ਨਾਲ ਆਪਣੇ ਜੀਵਨ ਦੇ ਤਜਰਬੇ ਸਾਂਝੇ ਕਰਦਿਆਂ ਦੱਸਿਆ ਕਿ ਸ਼ੁਰੂਆਤੀ ਔਕੜਾਂ ਤੋਂ ਕਦੇ ਵੀ ਘਬਰਾਉਣਾ ਨਹੀਂ ਚਾਹੀਦਾ। ਉਨ੍ਹਾਂ ਕਿਹਾ ਕਿ ਉਹ ਖ਼ੁਦ ਵੀ ਆਪਣੀ ਪਹਿਲੀ ਚੋਣ ਹਾਰ ਗਏ ਸਨ, ਪਰ ਉਨ੍ਹਾਂ ਨੇ ਹਿੰਮਤ ਨਹੀਂ ਹਾਰੀ ਅਤੇ ਅਸਫ਼ਲਤਾਵਾਂ ਤੋਂ ਸਿੱਖ ਕੇ ਹੋਰ ਮਜ਼ਬੂਤੀ ਨਾਲ ਅੱਗੇ ਵਧੇ।

ਸਾਬਕਾ ਰਾਸ਼ਟਰਪਤੀ ਡਾ. ਏਪੀਜੇ ਅਬਦੁਲ ਕਲਾਮ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪ੍ਰੀਖਿਆਵਾਂ ਦੇ ਨਤੀਜਿਆਂ ਤੋਂ ਕਿਸੇ ਨੂੰ ਵੀ ਨਿਰਾਸ਼ ਨਹੀਂ ਹੋਣਾ ਚਾਹੀਦਾ। ਉਨ੍ਹਾਂ ਸਿਵਲ ਸੇਵਾਵਾਂ, ਵਕਾਲਤ, ਡਾਕਟਰੀ ਅਤੇ ਫ਼ੌਜ ਵਿੱਚ ਜਾਣ ਦੇ ਚਾਹਵਾਨ ਬੱਚਿਆਂ ਨੂੰ ਹੁਣ ਤੋਂ ਹੀ ਪੂਰੀ ਲਗਨ ਨਾਲ ਤਿਆਰੀ ਵਿੱਚ ਜੁਟਣ ਲਈ ਕਿਹਾ।

ਮੁੱਖ ਮੰਤਰੀ ਨੇ ਵਿਦਿਆਰਥੀਆਂ ਨੂੰ ਵਿਧਾਨ ਸਭਾ ਦੀ ਕਾਰਜਪ੍ਰਣਾਲੀ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇੱਥੇ ਨਵੇਂ ਕਾਨੂੰਨ ਬਣਾਏ ਜਾਂਦੇ ਹਨ, ਬਜਟ ਪਾਸ ਹੁੰਦਾ ਹੈ ਅਤੇ ਚੁਣੇ ਹੋਏ ਨੁਮਾਇੰਦਿਆਂ ਦੀ ਲੋਕਾਂ ਪ੍ਰਤੀ ਜਵਾਬਦੇਹੀ ਤੈਅ ਕੀਤੀ ਜਾਂਦੀ ਹੈ।