LIVE TV
ਤਾਜ਼ਾ ਖ਼ਬਰਾਂ
ਵੀਰਵਾਰ, 12 ਨਵੰਬਰ 2026
ਰਾਜਨੀਤੀ

ਸੋਨੀਆ ਗਾਂਧੀ ਦੀ ਕਿਤਾਬ ਗਾਂਧੀ ਪਰਿਵਾਰ ਨੂੰ ਬਚਾਉਣ ਦਾ ਯਤਨ: ਢਿੱਲੋਂ ਅਤੇ ਫੂਲਕਾ

ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਸੀਨੀਅਰ ਵਕੀਲ ਐੱਚਐੱਸ ਫੂਲਕਾ ਨੇ ਸੋਨੀਆ ਗਾਂਧੀ ਦੀ ਨਵੀਂ ਕਿਤਾਬ ਨੂੰ 1984 ਦੇ ਘਟਨਾਕ੍ਰਮ ਤੋਂ ਗਾਂਧੀ ਪਰਿਵਾਰ ਨੂੰ ਬਚਾਉਣ ਦੀ ਕੋਸ਼ਿਸ਼ ਦੱਸਿਆ ਹੈ।

Sonia Gandhi
ਫ਼ਾਈਲ ਫ਼ੋਟੋ U.S. Department of State / Wikimedia Commons (public domain)

ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਸੀਨੀਅਰ ਵਕੀਲ ਐੱਚਐੱਸ ਫੂਲਕਾ ਨੇ ਕਾਂਗਰਸ ਆਗੂ ਸੋਨੀਆ ਗਾਂਧੀ ਦੀ ਨਵੀਂ ਕਿਤਾਬ ‘ਬਿਲੌਂਗਿੰਗ: ਏ ਜਰਨੀ ਆਫ਼ ਲਵ’ ਉੱਤੇ ਤਿੱਖਾ ਹਮਲਾ ਬੋਲਦਿਆਂ ਇਲਜ਼ਾਮ ਲਾਇਆ ਹੈ ਕਿ ਇਸ ਰਾਹੀਂ 1984 ਦੇ ਸਿੱਖ ਵਿਰੋਧੀ ਕਤਲੇਆਮ ਅਤੇ ਆਪ੍ਰੇਸ਼ਨ ਬਲੂ ਸਟਾਰ ਦੀ ਜ਼ਿੰਮੇਵਾਰੀ ਤੋਂ ਗਾਂਧੀ ਪਰਿਵਾਰ ਦਾ ਬਚਾਅ ਕਰਨ ਦਾ ਯਤਨ ਕੀਤਾ ਗਿਆ ਹੈ।

ਕੇਵਲ ਸਿੰਘ ਢਿੱਲੋਂ ਨੇ ਇੱਕ ਲਿਖਤੀ ਬਿਆਨ ਵਿੱਚ ਕਿਹਾ ਕਿ ਇਹ ਕਿਤਾਬ ਕਾਂਗਰਸ ਅਤੇ ਗਾਂਧੀ ਪਰਿਵਾਰ ਦੇ ਰੋਲ ਨੂੰ ਸਾਫ਼-ਸੁਥਰਾ ਦਿਖਾਉਣ ਦੀ ਕੋਸ਼ਿਸ਼ ਹੈ। ਉਨ੍ਹਾਂ ਕਿਤਾਬ ਵਿਚਲੇ ਉਸ ਦਾਅਵੇ ’ਤੇ ਸਵਾਲ ਚੁੱਕੇ ਜਿਸ ਵਿੱਚ ਕਿਹਾ ਗਿਆ ਹੈ ਕਿ ਜੂਨ 1984 ਵਿੱਚ ਆਪ੍ਰੇਸ਼ਨ ਬਲੂ ਸਟਾਰ ਤੋਂ ਬਾਅਦ ਦੀਆਂ ਤਸਵੀਰਾਂ ਦੇਖ ਕੇ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀਆਂ ਅੱਖਾਂ ਵਿੱਚ ਪਛਤਾਵੇ ਦੇ ਹੰਝੂ ਸਨ। ਢਿੱਲੋਂ ਨੇ ਸਵਾਲ ਕੀਤਾ ਕਿ ਜੇਕਰ ਅਸਲ ਵਿੱਚ ਪਛਤਾਵਾ ਸੀ ਤਾਂ ਦਹਾਕਿਆਂ ਤੱਕ ਸੱਚਾਈ ਕਿਉਂ ਦਬਾਈ ਰੱਖੀ ਗਈ।

ਭਾਜਪਾ ਪ੍ਰਧਾਨ ਨੇ ਆਖਿਆ ਕਿ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਵਿਖੇ ਫ਼ੌਜੀ ਕਾਰਵਾਈ ਅਤੇ ਨਵੰਬਰ 1984 ਵਿੱਚ ਸਿੱਖਾਂ ’ਤੇ ਹੋਏ ਹਮਲਿਆਂ ਨੂੰ ਜਵਾਬਦੇਹੀ ਤੋਂ ਬਚਣ ਲਈ ਮਹਿਜ਼ ਇੱਕ ਮੰਦਭਾਗਾ ਅਧਿਆਇ ਕਹਿ ਕੇ ਨਹੀਂ ਛੱਡਿਆ ਜਾ ਸਕਦਾ। ਉਨ੍ਹਾਂ ਕਾਂਗਰਸ ਦੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ ਅਤੇ ਪ੍ਰਸਤਾਵਿਤ ‘ਇਨਸਾਫ਼ ਯਾਤਰਾ’ ’ਤੇ ਸਵਾਲ ਉਠਾਉਂਦਿਆਂ ਗਾਂਧੀ ਪਰਿਵਾਰ ਅਤੇ ਕਾਂਗਰਸ ਲੀਡਰਸ਼ਿਪ ਤੋਂ ਬਿਨਾਂ ਸ਼ਰਤ ਜਨਤਕ ਮੁਆਫ਼ੀ ਦੀ ਮੰਗ ਕੀਤੀ।

ਦੂਜੇ ਪਾਸੇ 1984 ਦੇ ਪੀੜਤਾਂ ਦੇ ਕੇਸ ਲੜਨ ਵਾਲੇ ਸੀਨੀਅਰ ਵਕੀਲ ਐੱਚਐੱਸ ਫੂਲਕਾ ਨੇ ਵੀ ਸੋਨੀਆ ਗਾਂਧੀ ਦੇ ਬਿਆਨਾਂ ਨੂੰ ਸਰਕਾਰੀ ਰਿਕਾਰਡ ਦੇ ਉਲਟ ਦੱਸਿਆ। ਉਨ੍ਹਾਂ ਕਿਹਾ ਕਿ ਕਿਤਾਬ ਵਿੱਚ ਦਿੱਲੀ ਅੰਦਰ ਫ਼ੌਜ ਤਾਇਨਾਤ ਕਰਨ ਵਿੱਚ ਹੋਈ ਦੇਰੀ ਦਾ ਜੋ ਕਾਰਨ ਦੱਸਿਆ ਗਿਆ ਹੈ, ਉਹ ਤੱਥਾਂ ਦੇ ਅਨੁਕੂਲ ਨਹੀਂ ਹੈ।

ਜਸਟਿਸ ਰੰਗਨਾਥ ਮਿਸ਼ਰਾ ਕਮਿਸ਼ਨ ਦਾ ਹਵਾਲਾ ਦਿੰਦਿਆਂ ਫੂਲਕਾ ਨੇ ਦਾਅਵਾ ਕੀਤਾ ਕਿ 31 ਅਕਤੂਬਰ ਅਤੇ 1 ਨਵੰਬਰ 1984 ਦਰਮਿਆਨ ਦਿੱਲੀ ਵਿੱਚ ਕਰੀਬ 6,000 ਫ਼ੌਜੀ ਜਵਾਨ ਮੌਜੂਦ ਸਨ, ਪਰ ਉਨ੍ਹਾਂ ਨੂੰ ਤਾਇਨਾਤ ਨਹੀਂ ਕੀਤਾ ਗਿਆ ਸੀ। ਉਨ੍ਹਾਂ ਮੁਤਾਬਕ ਕਮਿਸ਼ਨ ਨੇ ਦਰਜ ਕੀਤਾ ਸੀ ਕਿ ਜੇਕਰ ਵੇਲੇ ਸਿਰ 5,000 ਜਵਾਨ ਵੀ ਮੈਦਾਨ ਵਿੱਚ ਉਤਾਰ ਦਿੱਤੇ ਜਾਂਦੇ ਤਾਂ ਘੱਟੋ-ਘੱਟ 2,000 ਸਿੱਖਾਂ ਦੀਆਂ ਜਾਨਾਂ ਬਚਾਈਆਂ ਜਾ ਸਕਦੀਆਂ ਸਨ।

ਫੂਲਕਾ ਨੇ ਜ਼ੋਰ ਦੇ ਕੇ ਕਿਹਾ ਕਿ ਫ਼ੌਜ ਨੂੰ ਬੁਲਾਉਣ ਅਤੇ ਤਾਇਨਾਤ ਕਰਨ ਦਾ ਅਧਿਕਾਰ ਸਿਵਲ ਪ੍ਰਸ਼ਾਸਨ ਕੋਲ ਸੀ। ਉਨ੍ਹਾਂ ਸਵਾਲ ਕੀਤਾ ਕਿ ਫ਼ੌਜ ਭੇਜਣ ਵਿੱਚ ਦੇਰੀ ਕਰਨ ਵਾਲੇ ਅਧਿਕਾਰੀਆਂ ਖ਼ਿਲਾਫ਼ ਕੋਈ ਕਾਰਵਾਈ ਕਿਉਂ ਨਹੀਂ ਕੀਤੀ ਗਈ। ਉਨ੍ਹਾਂ ਇਸ ਗੱਲ ਨੂੰ ਵੀ ਸਿਰੇ ਤੋਂ ਨਕਾਰਿਆ ਕਿ ਇਹ ਹਿੰਸਾ ਅਚਾਨਕ ਭੜਕੀ ਸੀ, ਸਗੋਂ ਜਥੇਬੰਦਕ ਤਰੀਕੇ ਨਾਲ ਸਿੱਖਾਂ ਨੂੰ ਨਿਸ਼ਾਨਾ ਬਣਾਇਆ ਗਿਆ ਸੀ।

ਅਹਿਮ ਘਟਨਾਕ੍ਰਮ

  • ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸੋਨੀਆ ਗਾਂਧੀ ਦੀ ਕਿਤਾਬ ਨੂੰ ਗਾਂਧੀ ਪਰਿਵਾਰ ਦੇ ਰੋਲ ’ਤੇ ਪਰਦਾ ਪਾਉਣ ਦਾ ਯਤਨ ਦੱਸਿਆ।
  • ਢਿੱਲੋਂ ਨੇ 1984 ਕਤਲੇਆਮ ਲਈ ਗਾਂਧੀ ਪਰਿਵਾਰ ਅਤੇ ਕਾਂਗਰਸ ਤੋਂ ਬਿਨਾਂ ਸ਼ਰਤ ਜਨਤਕ ਮੁਆਫ਼ੀ ਮੰਗੀ।
  • ਐੱਚਐੱਸ ਫੂਲਕਾ ਨੇ ਜਸਟਿਸ ਮਿਸ਼ਰਾ ਕਮਿਸ਼ਨ ਦੇ ਹਵਾਲੇ ਨਾਲ ਦਿੱਲੀ ਵਿੱਚ ਫ਼ੌਜ ਦੀ ਦੇਰੀ ਨਾਲ ਤਾਇਨਾਤੀ ਦੇ ਦਾਅਵਿਆਂ ਨੂੰ ਚੁਣੌਤੀ ਦਿੱਤੀ।
  • ਫੂਲਕਾ ਮੁਤਾਬਕ ਦਿੱਲੀ ਵਿੱਚ 6,000 ਜਵਾਨ ਮੌਜੂਦ ਹੋਣ ਦੇ ਬਾਵਜੂਦ ਸਿਵਲ ਪ੍ਰਸ਼ਾਸਨ ਨੇ ਵੇਲੇ ਸਿਰ ਕਾਰਵਾਈ ਨਹੀਂ ਕੀਤੀ।