LIVE TV
ਤਾਜ਼ਾ ਖ਼ਬਰਾਂ
ਬੁੱਧਵਾਰ, 11 ਨਵੰਬਰ 2026
ਧਰਮ

ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਬੰਦੀ ਛੋੜ ਦਿਵਸ, ਜਥੇਦਾਰ ਵੱਲੋਂ ਸੰਦੇਸ਼ ਜਾਰੀ

ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਬੰਦੀ ਛੋੜ ਦਿਵਸ ਮੌਕੇ ਵੱਡੀ ਗਿਣਤੀ ਸੰਗਤ ਨਤਮਸਤਕ ਹੋਈ ਅਤੇ ਦੀਪਮਾਲਾ ਕੀਤੀ ਗਈ। ਅਕਾਲ ਤਖ਼ਤ ਸਾਹਿਬ ਤੋਂ ਜਾਰੀ ਸੰਦੇਸ਼ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਅਤੇ ਪੰਥਕ ਏਕਤਾ ਉੱਤੇ ਜ਼ੋਰ ਦਿੱਤਾ ਗਿਆ।

Giani Kuldeep Singh Gargaj in a portrait
ਫ਼ਾਈਲ ਫ਼ੋਟੋ Gurjeetsinghazad / Wikimedia Commons, CC BY-SA 4.0

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੰਦੀ ਛੋੜ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਦੇਸ਼ ਅਤੇ ਵਿਦੇਸ਼ ਤੋਂ ਪੁੱਜੇ ਲੱਖਾਂ ਸ਼ਰਧਾਲੂਆਂ ਨੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕਰਕੇ ਗੁਰੂ ਚਰਨਾਂ ਵਿੱਚ ਮੱਥਾ ਟੇਕਿਆ।

ਸ਼ਾਮ ਢਲਦਿਆਂ ਹੀ ਸੱਚਖੰਡ ਪਰਿਸਰ ਨੂੰ ਖ਼ੂਬਸੂਰਤ ਰੌਸ਼ਨੀਆਂ ਨਾਲ ਸਜਾਇਆ ਗਿਆ। ਸ਼ਰਧਾਲੂਆਂ ਨੇ ਪਰਿਕਰਮਾ ਵਿੱਚ ਦੇਸੀ ਘਿਓ ਦੇ ਦੀਵੇ ਬਾਲੇ ਅਤੇ ਪ੍ਰਬੰਧਕਾਂ ਵੱਲੋਂ ਰਵਾਇਤੀ ਆਤਿਸ਼ਬਾਜ਼ੀ ਚਲਾਈ ਗਈ। ਦੀਵਾਨ ਹਾਲ ਸ੍ਰੀ ਮੰਜੀ ਸਾਹਿਬ ਅੰਦਰ ਹੋਈਆਂ ਧਾਰਮਿਕ ਸਭਾਵਾਂ ਵਿੱਚ ਕੀਰਤਨੀ ਜਥਿਆਂ, ਢਾਡੀਆਂ ਅਤੇ ਕਵੀਸ਼ਰਾਂ ਨੇ ਸੰਗਤ ਨੂੰ ਸਿੱਖ ਇਤਿਹਾਸ ਨਾਲ ਜੋੜਿਆ।

ਦਰਸ਼ਨੀ ਡਿਉੜੀ ਤੋਂ ਸਿੱਖ ਸੰਗਤਾਂ ਨੂੰ ਸੰਬੋਧਨ ਕਰਦਿਆਂ ਅਕਾਲ ਤਖ਼ਤ ਸਾਹਿਬ ਦੀ ਸੇਵਾ ਸੰਭਾਲ ਰਹੇ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਥਕ ਇਕਜੁੱਟਤਾ ਦਾ ਸੱਦਾ ਦਿੱਤਾ। ਉਨ੍ਹਾਂ ਸਜ਼ਾਵਾਂ ਭੁਗਤ ਚੁੱਕੇ ਕੈਦੀਆਂ, ਜਿਨ੍ਹਾਂ ਵਿੱਚ ਬਲਵੰਤ ਸਿੰਘ ਰਾਜੋਆਣਾ, ਦਵਿੰਦਰਪਾਲ ਸਿੰਘ ਭੁੱਲਰ, ਜਗਤਾਰ ਸਿੰਘ ਹਵਾਰਾ, ਜਗਤਾਰ ਸਿੰਘ ਤਾਰਾ, ਗੁਰਦੀਪ ਸਿੰਘ ਖੇੜਾ ਅਤੇ ਪਰਮਜੀਤ ਸਿੰਘ ਭਿਓਰਾ ਸ਼ਾਮਲ ਹਨ, ਦੀ ਰਿਹਾਈ ਦੀ ਮੰਗ ਕੀਤੀ।

ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਨੌਜਵਾਨਾਂ ਨੂੰ ਨਸ਼ਿਆਂ ਦੀ ਲਾਹਨਤ ਤੋਂ ਦੂਰ ਰਹਿ ਕੇ ਸਿੱਖੀ ਜੀਵਨ ਅਪਣਾਉਣ ਲਈ ਕਿਹਾ। ਇਸ ਦੇ ਨਾਲ ਹੀ ਉਨ੍ਹਾਂ ਕਰਤਾਰਪੁਰ ਸਾਹਿਬ ਲਾਂਘਾ ਮੁੜ ਚਾਲੂ ਕਰਨ ਅਤੇ ਇਤਿਹਾਸਕ ਵਿਰਾਸਤ ਨੂੰ ਮੂਲ ਰੂਪ ਵਿੱਚ ਸਾਂਭਣ ਦੀ ਲੋੜ ਵੀ ਦਰਸਾਈ। ਇਸ ਸੰਦੇਸ਼ ਵੇਲੇ ਸ਼੍ਰੋਮਣੀ ਕਮੇਟੀ ਪ੍ਰਧਾਨ ਅਤੇ ਨਿਹੰਗ ਜਥੇਬੰਦੀਆਂ ਦੇ ਮੁਖੀ ਮੌਜੂਦ ਨਹੀਂ ਸਨ, ਹਾਲਾਂਕਿ ਉਹ ਦਿਨ ਦੇ ਹੋਰ ਇਕੱਠਾਂ ਵਿੱਚ ਸ਼ਾਮਲ ਰਹੇ।

ਉੱਧਰ ਗੁਰਦੁਆਰਾ ਸ਼ਹੀਦ ਬਾਬਾ ਫੂਲਾ ਸਿੰਘ ਵਿਖੇ ਬੁੱਢਾ ਦਲ ਦੀ ਅਗਵਾਈ ਵਿੱਚ ਨਿਹੰਗ ਸਿੰਘਾਂ ਨੇ ਰਵਾਇਤੀ ਮਹੱਲਾ ਕੱਢਿਆ। ਬੁੱਢਾ ਦਲ ਮੁਖੀ ਬਾਬਾ ਬਲਬੀਰ ਸਿੰਘ ਦੀ ਅਗਵਾਈ ਵਿੱਚ ਦਲਾਂ ਵੱਲੋਂ ਘੋੜ-ਸਵਾਰੀ, ਨੇਜ਼ਾਬਾਜ਼ੀ ਅਤੇ ਗਤਕੇ ਦੇ ਜੰਗੀ ਕਰਤੱਬ ਦਿਖਾਏ ਗਏ।

ਪ੍ਰਬੰਧਕੀ ਮੈਨੇਜਰ ਰਾਜਿੰਦਰ ਸਿੰਘ ਰੂਬੀ ਅਨੁਸਾਰ ਸੰਗਤਾਂ ਦੀ ਆਮਦ ਨੂੰ ਮੁੱਖ ਰੱਖਦਿਆਂ ਦਰਸ਼ਨਾਂ, ਰਿਹਾਇਸ਼ ਅਤੇ ਲੰਗਰ ਵਾਸਤੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਸਨ ਤਾਂ ਜੋ ਕਿਸੇ ਸ਼ਰਧਾਲੂ ਨੂੰ ਪ੍ਰੇਸ਼ਾਨੀ ਨਾ ਝੱਲਣੀ ਪਵੇ।

ਅਹਿਮ ਘਟਨਾਕ੍ਰਮ

  • ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾਲੂਆਂ ਨੇ ਕੀਤੀ ਦੀਪਮਾਲਾ ਅਤੇ ਚਲਾਈ ਗਈ ਆਤਿਸ਼ਬਾਜ਼ੀ
  • ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦਰਸ਼ਨੀ ਡਿਉੜੀ ਤੋਂ ਕੌਮ ਦੇ ਨਾਂ ਦਿੱਤਾ ਸੰਦੇਸ਼
  • ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਅਤੇ ਪੰਥਕ ਏਕਤਾ ਦੀ ਕੀਤੀ ਮੰਗ
  • ਬੁੱਢਾ ਦਲ ਦੀ ਅਗਵਾਈ ਵਿੱਚ ਨਿਹੰਗ ਸਿੰਘਾਂ ਨੇ ਵਿਸ਼ਾਲ ਮਹੱਲਾ ਸਜਾ ਕੇ ਦਿਖਾਏ ਜੌਹਰ