ਅੰਮ੍ਰਿਤਸਰ ਵਿੱਚ ਡਿਊਟੀ ਦੌਰਾਨ ASI ਹਰਜੀਤ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਦੇ ਮਾਮਲੇ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਹੈ। CM ਮਾਨ ਨੇ ਕਿਹਾ ਕਿ ਡਿਊਟੀ ਨਿਭਾਉਂਦੇ ਹੋਏ ਸ਼ਹਾਦਤ ਦੇਣ ਵਾਲੇ ASI ਹਰਜੀਤ ਸਿੰਘ ਦੀ ਬਹਾਦਰੀ ਅਤੇ ਡਿਊਟੀ ਪ੍ਰਤੀ ਸਮਰਪਣ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।

ਮੁੱਖ ਮੰਤਰੀ ਨੇ ਐਲਾਨ ਕੀਤਾ ਹੈ ਕਿ ਪੰਜਾਬ ਸਰਕਾਰ ਵੱਲੋਂ ਸ਼ਹੀਦ ASI ਦੇ ਪਰਿਵਾਰ ਨੂੰ 1 ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ HDFC Bank ਵੱਲੋਂ ਪਰਿਵਾਰ ਨੂੰ 1 ਕਰੋੜ ਰੁਪਏ ਦਾ ਵਾਧੂ ਬੀਮਾ ਭੁਗਤਾਨ ਵੀ ਕੀਤਾ ਜਾਵੇਗਾ।
ਦੱਸਿਆ ਜਾ ਰਿਹਾ ਹੈ ਕਿ ਥਾਣਾ ਗੇਟ ਹਕੀਮਾਂ ਵਿੱਚ ਤਾਇਨਾਤ ASI ਹਰਜੀਤ ਸਿੰਘ ਅੰਮ੍ਰਿਤਸਰ ਦੇ ਦਾਣਾ ਮੰਡੀ ਇਲਾਕੇ ਨੇੜੇ ਰਾਤ ਦੀ ਗਸ਼ਤ ’ਤੇ ਸਨ। ਕਰੀਬ ਢਾਈ ਵਜੇ ਅਣਪਛਾਤੇ ਹਮਲਾਵਰਾਂ ਵੱਲੋਂ ਉਨ੍ਹਾਂ ’ਤੇ ਗੋਲੀਆਂ ਚਲਾਈਆਂ ਗਈਆਂ। ਹਮਲੇ ਵਿੱਚ ਉਹ ਗੰਭੀਰ ਜ਼ਖਮੀ ਹੋ ਗਏ ਅਤੇ ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ।
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ ’ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਫਿਲਹਾਲ ਪੁਲਿਸ ਵੱਲੋਂ ਹਮਲਾਵਰਾਂ ਅਤੇ ਘਟਨਾ ਦੇ ਕਾਰਨਾਂ ਸਬੰਧੀ ਜਾਂਚ ਕੀਤੀ ਜਾ ਰਹੀ ਹੈ।
CM ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸ਼ਹੀਦ ASI ਦੇ ਪਰਿਵਾਰ ਦੇ ਨਾਲ ਖੜ੍ਹੀ ਹੈ ਅਤੇ ਪਰਿਵਾਰ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ।
