ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਲਈ 1822 ਸ਼ਰਧਾਲੂ ਪਾਕਿਸਤਾਨ ਰਵਾਨਾ, ਨਨਕਾਣਾ ਸਾਹਿਬ ਸਮੇਤ ਕਈ ਗੁਰਧਾਮਾਂ ਦੇ ਕਰਨਗੇ ਦਰਸ਼ਨ
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ SGPC ਦਾ 1822 ਸ਼ਰਧਾਲੂਆਂ ਦਾ ਜਥਾ ਰਵਾਨਾ ਹੋਇਆ, ਜਿਸ ਨੂੰ ਵੀਜ਼ੇ ਮਿਲੇ ਹਨ। ਇਸ ਮੌਕੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਸ਼ਰਧਾਲੂਆਂ ਨੇ ਵੀਜ਼ਾ ਪ੍ਰਕਿਰਿਆ ਸੌਖੀ ਕਰਨ, ਵੱਧ ਵੀਜ਼ੇ ਦੇਣ ਅਤੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੀ ਅਪੀਲ ਕੀਤੀ।

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਸਥਿਤ ਇਤਿਹਾਸਕ ਗੁਰਧਾਮਾਂ ਦੇ ਦਰਸ਼ਨਾਂ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ ਹੋ ਗਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਜਾ ਰਹੇ ਇਸ ਜਥੇ ਦੇ 1822 ਸ਼ਰਧਾਲੂਆਂ ਨੂੰ ਵੀਜ਼ੇ ਮਿਲੇ ਹਨ, ਜੋ ਅੱਜ SGPC ਦੇ ਮੁੱਖ ਦਫ਼ਤਰ ਤੋਂ ਪਾਕਿਸਤਾਨ ਲਈ ਰਵਾਨਾ ਹੋਏ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, SGPC ਦੇ ਅਹੁਦੇਦਾਰ, ਮੈਂਬਰ ਅਤੇ ਵੱਡੀ ਗਿਣਤੀ ਵਿੱਚ ਸੰਗਤ ਮੌਜੂਦ ਰਹੀ।
ਪਾਕਿਸਤਾਨ ਜਾ ਰਹੇ ਸ਼ਰਧਾਲੂਆਂ ਨੇ ਇਸ ਯਾਤਰਾ ਨੂੰ ਆਪਣੀ ਲੰਬੇ ਸਮੇਂ ਦੀ ਅਰਦਾਸ ਪੂਰੀ ਹੋਣ ਦਾ ਮੌਕਾ ਦੱਸਿਆ। ਸ਼ਰਧਾਲੂ ਕੁਲਵਿੰਦਰ ਸਿੰਘ ਨੇ ਕਿਹਾ ਕਿ ਉਹ ਬਚਪਨ ਤੋਂ ਹੀ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨ ਕਰਨ ਦੀ ਇੱਛਾ ਰੱਖਦੇ ਸਨ। ਹੁਣ ਉਨ੍ਹਾਂ ਨੂੰ ਸ੍ਰੀ ਨਨਕਾਣਾ ਸਾਹਿਬ, ਸ੍ਰੀ ਪੰਜਾ ਸਾਹਿਬ ਅਤੇ ਸ੍ਰੀ ਕਰਤਾਰਪੁਰ ਸਾਹਿਬ ਸਮੇਤ ਕਈ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲੇਗਾ। ਉਨ੍ਹਾਂ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਅਪੀਲ ਕੀਤੀ ਕਿ ਸ਼ਰਧਾਲੂਆਂ ਦੇ ਵੀਜ਼ੇ ਰੱਦ ਨਾ ਕੀਤੇ ਜਾਣ, ਵੀਜ਼ਾ ਪ੍ਰਕਿਰਿਆ ਸੌਖੀ ਬਣਾਈ ਜਾਵੇ ਅਤੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਿਆ ਜਾਵੇ।
ਜਗਰਾਉਂ ਤੋਂ ਆਏ ਇੱਕ ਹੋਰ ਸ਼ਰਧਾਲੂ ਨੇ ਯਾਤਰਾ ਲਈ SGPC ਵੱਲੋਂ ਕੀਤੇ ਪ੍ਰਬੰਧਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਦੱਸਿਆ ਕਿ ਵੀਜ਼ੇ ਘਰ ਬੈਠਿਆਂ ਹੀ ਪ੍ਰਾਪਤ ਹੋ ਗਏ ਅਤੇ 10 ਦਿਨਾਂ ਦੀ ਯਾਤਰਾ ਦੌਰਾਨ ਸ੍ਰੀ ਨਨਕਾਣਾ ਸਾਹਿਬ, ਸ੍ਰੀ ਪੰਜਾ ਸਾਹਿਬ, ਸੱਚਾ ਸੌਦਾ ਅਤੇ ਲਾਹੌਰ ਸਮੇਤ ਹੋਰ ਥਾਵਾਂ ਦੇ ਦਰਸ਼ਨ ਕੀਤੇ ਜਾਣਗੇ।
ਜਥੇ ਦੀ ਅਗਵਾਈ SGPC ਦੇ ਅੰਤ੍ਰਿੰਗ ਕਮੇਟੀ ਮੈਂਬਰ ਰਵਿੰਦਰ ਸਿੰਘ ਖਾਲਸਾ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਪਾਕਿਸਤਾਨ ਹਾਈ ਕਮਿਸ਼ਨ ਅਤੇ ਦੋਵਾਂ ਸਰਕਾਰਾਂ ਨੂੰ ਅਪੀਲ ਕੀਤੀ ਕਿ ਵੀਜ਼ੇ ਲਈ ਭੇਜੇ ਜਾਣ ਵਾਲੇ ਸਾਰੇ ਸ਼ਰਧਾਲੂਆਂ ਦੇ ਪਾਸਪੋਰਟਾਂ ਨੂੰ ਵੀਜ਼ਾ ਦਿੱਤਾ ਜਾਵੇ, ਤਾਂ ਜੋ ਵੱਧ ਤੋਂ ਵੱਧ ਸੰਗਤ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਕਰ ਸਕੇ।
ਇਸ ਦੌਰਾਨ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸਿੱਖ ਸੰਗਤ ਦੀ ਇਹ ਸਾਂਝੀ ਅਰਦਾਸ ਹੈ ਕਿ ਸ੍ਰੀ ਨਨਕਾਣਾ ਸਾਹਿਬ ਅਤੇ ਹੋਰ ਵਿਛੜੇ ਗੁਰਧਾਮਾਂ ਦੇ ਖੁੱਲ੍ਹੇ ਦਰਸ਼ਨ-ਦੀਦਾਰ ਕਰਨ ਅਤੇ ਉਨ੍ਹਾਂ ਦੀ ਸੇਵਾ-ਸੰਭਾਲ ਦਾ ਮੌਕਾ ਮਿਲੇ। ਉਨ੍ਹਾਂ ਵੀਜ਼ਿਆਂ ਦੀ ਗਿਣਤੀ ਵਧਾਉਣ ਅਤੇ ਸਿੱਖ ਸ਼ਰਧਾਲੂਆਂ ਲਈ ਆਨ-ਅਰਾਈਵਲ ਵੀਜ਼ਾ ਦੀ ਸਹੂਲਤ ਸ਼ੁਰੂ ਕਰਨ ਦੀ ਮੰਗ ਕੀਤੀ। ਨਾਲ ਹੀ ਕਰਤਾਰਪੁਰ ਸਾਹਿਬ ਦਾ ਲਾਂਘਾ ਜਲਦ ਖੋਲ੍ਹਣ ਦੀ ਅਪੀਲ ਕਰਦਿਆਂ ਕਿਹਾ ਕਿ ਇਹ ਦੋਵਾਂ ਪੰਜਾਬਾਂ ਦੇ ਲੋਕਾਂ ਦੇ ਦਿਲਾਂ ਨੂੰ ਜੋੜਨ ਵਾਲਾ ਰਸਤਾ ਹੈ। ਉਨ੍ਹਾਂ ਸ਼ਾਂਤੀ, ਭਾਈਚਾਰਕ ਸਾਂਝ ਅਤੇ ਦੋਵਾਂ ਦੇਸ਼ਾਂ ਵਿਚਕਾਰ ਚੰਗੇ ਸਬੰਧਾਂ ਲਈ ਅਰਦਾਸ ਕਰਨ ਦੀ ਗੱਲ ਵੀ ਕਹੀ।



