1984 ਦੇ ਸਿੱਖ ਵਿਰੋਧੀ ਦੰਗਿਆਂ ਬਾਰੇ ਨੌਜਵਾਨਾਂ ਨੂੰ ਦੱਸਣ ਲਈ ਭਾਜਪਾ ਚੰਡੀਗੜ੍ਹ 'ਚ ਕਰਵਾਏਗੀ ਸੰਮੇਲਨ
ਭਾਰਤੀ ਜਨਤਾ ਪਾਰਟੀ 4 ਨਵੰਬਰ ਨੂੰ ਚੰਡੀਗੜ੍ਹ ਵਿਖੇ 'ਜ਼ਖ਼ਮ 84 ਦੇ' ਸਿਰਲੇਖ ਹੇਠ ਸੰਮੇਲਨ ਕਰਵਾਏਗੀ, ਜਿਸ ਦਾ ਮਕਸਦ ਨੌਜਵਾਨ ਪੀੜ੍ਹੀ ਨੂੰ ਦੰਗਿਆਂ ਦੇ ਸੱਚ ਅਤੇ ਪੀੜਤਾਂ ਦੇ ਸੰਘਰਸ਼ ਤੋਂ ਜਾਣੂ ਕਰਵਾਉਣਾ ਹੈ।

ਭਾਰਤੀ ਜਨਤਾ ਪਾਰਟੀ ਵੱਲੋਂ 1984 ਦੇ ਸਿੱਖ ਵਿਰੋਧੀ ਦੰਗਿਆਂ ਦੀ ਯਾਦ ਵਿੱਚ 4 ਨਵੰਬਰ ਨੂੰ ਚੰਡੀਗੜ੍ਹ ਵਿਖੇ 'ਜ਼ਖ਼ਮ 84 ਦੇ' ਸਿਰਲੇਖ ਹੇਠ ਇੱਕ ਵਿਸ਼ੇਸ਼ ਸੰਮੇਲਨ ਕਰਵਾਇਆ ਜਾ ਰਿਹਾ ਹੈ।
ਲੁਧਿਆਣਾ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਦੱਸਿਆ ਕਿ ਇਸ ਸੰਮੇਲਨ ਦਾ ਮਕਸਦ ਨੌਜਵਾਨ ਪੀੜ੍ਹੀ ਨੂੰ ਇਸ ਦੁਖਾਂਤ, ਪੀੜਤਾਂ ਦੇ ਸੰਘਰਸ਼, ਇਨਸਾਫ਼ ਦੀ ਲੰਮੀ ਲੜਾਈ ਅਤੇ ਮੁੜ ਵਸੇਬੇ ਦੇ ਯਤਨਾਂ ਬਾਰੇ ਜਾਗਰੂਕ ਕਰਨਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮਾਂ ਰਾਹੀਂ ਸਮਾਜ ਨੂੰ ਇਤਿਹਾਸ ਤੋਂ ਸਿੱਖਣ ਅਤੇ ਲੋਕਤੰਤਰ ਵਿੱਚ ਜਵਾਬਦੇਹੀ ਦੀ ਅਹਿਮੀਅਤ ਨੂੰ ਸਮਝਣ ਵਿੱਚ ਮਦਦ ਮਿਲਦੀ ਹੈ।
ਢਿੱਲੋਂ ਅਨੁਸਾਰ ਸੰਮੇਲਨ ਦੀ ਸ਼ੁਰੂਆਤ 1984 ਦੇ ਦੰਗਿਆਂ ਨਾਲ ਜੁੜੀਆਂ ਤਸਵੀਰਾਂ ਅਤੇ ਘਟਨਾਵਾਂ ਦੇ ਦਸਤਾਵੇਜ਼ਾਂ ਦੀ ਇੱਕ ਵਿਸ਼ੇਸ਼ ਪ੍ਰਦਰਸ਼ਨੀ ਨਾਲ ਹੋਵੇਗੀ, ਤਾਂ ਜੋ ਨਵੀਂ ਪੀੜ੍ਹੀ ਇਸ ਦੁਖਾਂਤ ਨੂੰ ਡੂੰਘਾਈ ਨਾਲ ਸਮਝ ਸਕੇ। ਇਸ ਪ੍ਰੋਗਰਾਮ ਵਿੱਚ ਇੱਕ ਉਦਘਾਟਨੀ ਸੈਸ਼ਨ ਅਤੇ ਚਾਰ ਵੱਖ-ਵੱਖ ਵਿਸ਼ਿਆਂ 'ਤੇ ਆਧਾਰਿਤ ਸੈਸ਼ਨ ਰੱਖੇ ਗਏ ਹਨ।
ਸਾਬਕਾ ਕੇਂਦਰੀ ਮੰਤਰੀ ਰਵੀ ਸ਼ੰਕਰ ਪ੍ਰਸਾਦ, ਜਿਨ੍ਹਾਂ ਨੇ ਹਾਈ ਕੋਰਟ ਅਤੇ ਸੁਪਰੀਮ ਕੋਰਟ ਵਿੱਚ ਸੱਜਣ ਕੁਮਾਰ ਕੇਸ ਦੀ ਕਾਰਵਾਈ ਦੌਰਾਨ ਪੀੜਤਾਂ ਵੱਲੋਂ ਪੈਰਵੀ ਕੀਤੀ ਸੀ, ਉਦਘਾਟਨੀ ਸੈਸ਼ਨ ਵਿੱਚ ਮੁੱਖ ਭਾਸ਼ਣ ਦੇਣਗੇ।
ਸੰਮੇਲਨ ਦੇ ਚਾਰ ਸੈਸ਼ਨਾਂ ਦੌਰਾਨ ਦੰਗਾ ਪੀੜਤਾਂ ਤੋਂ ਇਲਾਵਾ ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐੱਚਐੱਸ ਫੂਲਕਾ, ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਤਰਲੋਚਨ ਸਿੰਘ ਅਤੇ ਭਾਜਪਾ ਦੇ ਕੌਮੀ ਬੁਲਾਰੇ ਆਰਪੀ ਸਿੰਘ ਆਪਣੇ ਵਿਚਾਰ ਰੱਖਣਗੇ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੀ ਇਸ ਵਿੱਚ ਸ਼ਾਮਲ ਹੋਣਗੇ ਅਤੇ ਭਾਜਪਾ ਸਰਕਾਰਾਂ ਵੱਲੋਂ ਪੀੜਤਾਂ ਦੇ ਮੁੜ ਵਸੇਬੇ ਲਈ ਚੁੱਕੇ ਕਦਮਾਂ ਬਾਰੇ ਜਾਣਕਾਰੀ ਦੇਣਗੇ।



