2027 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਨਗੇ ਡਾ. ਗੁਰਪ੍ਰੀਤ ਕੌਰ: ਮੁੱਖ ਮੰਤਰੀ ਭਗਵੰਤ ਮਾਨ
ਮੁੱਖ ਮੰਤਰੀ ਭਗਵੰਤ ਮਾਨ ਨੇ ਸਪੱਸ਼ਟ ਕੀਤਾ ਹੈ ਕਿ ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਮਾਨ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਟਿਕਟ 'ਤੇ ਚੋਣ ਨਹੀਂ ਲੜਨਗੇ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਹੈ ਕਿ ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਮਾਨ ਸਾਲ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਉਮੀਦਵਾਰ ਨਹੀਂ ਹੋਣਗੇ।
ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਸਾਫ਼ ਸ਼ਬਦਾਂ ਵਿੱਚ ਕਿਹਾ ਕਿ ਉਨ੍ਹਾਂ ਦੀ ਪਤਨੀ ਚੋਣ ਮੈਦਾਨ ਵਿੱਚ ਨਹੀਂ ਉਤਰਨਗੇ। ਇਸ ਸਪੱਸ਼ਟੀਕਰਨ ਨਾਲ ਉਨ੍ਹਾਂ ਦੇ ਚੋਣ ਲੜਨ ਨੂੰ ਲੈ ਕੇ ਲਗਾਏ ਜਾ ਰਹੇ ਕਿਆਸਾਂ ਦਾ ਅੰਤ ਹੋ ਗਿਆ ਹੈ।
ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਚੋਣ ਵਿਕਾਸ ਕਾਰਜਾਂ, ਲੋਕਾਂ ਦੀ ਰਾਏ ਅਤੇ ਚੋਣ ਰਣਨੀਤੀ ਨੂੰ ਧਿਆਨ ਵਿੱਚ ਰੱਖ ਕੇ ਕੀਤੀ ਜਾਂਦੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪਾਰਟੀ ਵਿੱਚ ਉਮੀਦਵਾਰ ਤੈਅ ਕਰਨ ਵੇਲੇ ਕਿਸੇ ਨਿੱਜੀ ਜਾਂ ਪਰਿਵਾਰਕ ਸਬੰਧਾਂ ਨੂੰ ਆਧਾਰ ਨਹੀਂ ਬਣਾਇਆ ਜਾਂਦਾ।
ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਵੱਲੋਂ 2027 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤਹਿਤ ਹਲਕਾਵਾਰ ਜਾਇਜ਼ਾ ਲਿਆ ਜਾ ਰਿਹਾ ਹੈ ਅਤੇ ਵੱਖ-ਵੱਖ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰਨ ਦਾ ਕੰਮ ਚੱਲ ਰਿਹਾ ਹੈ।



