‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਪਹਿਲ ਤਹਿਤ ਪੰਜਾਬ ਦੀ 1076 ਹੈਲਪਲਾਈਨ ਅਤੇ ਡੋਰਸਟੈਪ ਡਿਲੀਵਰੀ ਪ੍ਰਣਾਲੀ ਸਰਕਾਰੀ ਸੇਵਾਵਾਂ ਨੂੰ ਲੋਕਾਂ ਦੇ ਘਰਾਂ ਤੱਕ ਪਹੁੰਚਾਉਣ ਦੇ ਤਰੀਕੇ ਨੂੰ ਬਦਲ ਰਹੀ ਹੈ। ਇਸ ਪਹਿਲ ਨੇ ਸੇਵਾਵਾਂ ਦੀ ਪ੍ਰਦਾਨਗੀ ਵਿੱਚ ਹੋਣ ਵਾਲੀ ਦੇਰੀ ਨੂੰ ਘਟਾਇਆ ਹੈ, ਬਿਚੋਲੀਆਂ ‘ਤੇ ਨਿਰਭਰਤਾ ਨੂੰ ਘਟਾਇਆ ਹੈ ਅਤੇ ਪ੍ਰਸ਼ਾਸਨ ਨੂੰ ਹੋਰ ਪਾਰਦਰਸ਼ੀ ਅਤੇ ਨਾਗਰਿਕ-ਕੇਂਦਰਿਤ ਬਣਾਇਆ ਹੈ।
ਤਕਨਾਲੋਜੀ ਅਧਾਰਿਤ ਇਸ ਪ੍ਰਣਾਲੀ ਰਾਹੀਂ ਹੁਣ ਤੱਕ 3.10 ਲੱਖ ਤੋਂ ਵੱਧ ਸਰਕਾਰੀ ਸੇਵਾਵਾਂ ਲੋਕਾਂ ਤੱਕ ਪਹੁੰਚਾਈਆਂ ਜਾ ਚੁੱਕੀਆਂ ਹਨ। ਵੱਖ-ਵੱਖ ਵਿਭਾਗਾਂ ਵਿੱਚ ਲੰਬਿਤ ਮਾਮਲਿਆਂ ਦੀ ਦਰ ਘਟ ਕੇ ਸਿਰਫ਼ 0.33 ਫੀਸਦੀ ਰਹਿ ਗਈ ਹੈ।
ਹੁਣ ਨਾਗਰਿਕ 1076 ਹੈਲਪਲਾਈਨ ‘ਤੇ ਕਾਲ ਕਰਕੇ ਜਾਂ ਵਟਸਐਪ, ਆਨਲਾਈਨ ਪੋਰਟਲ ਅਤੇ ਸੇਵਾ ਕੇਂਦਰਾਂ ਰਾਹੀਂ ਅਪਾਇੰਟਮੈਂਟ ਬੁੱਕ ਕਰਕੇ 437 ਸਰਕਾਰੀ ਸੇਵਾਵਾਂ ਦਾ ਲਾਭ ਲੈ ਸਕਦੇ ਹਨ। ਅਪਾਇੰਟਮੈਂਟ ਤੈਅ ਹੋਣ ਤੋਂ ਬਾਅਦ ਸਿਖਲਾਈ ਪ੍ਰਾਪਤ ਡੋਰਸਟੈਪ ਡਿਲੀਵਰੀ ਆਪਰੇਟਰ ਨਾਗਰਿਕਾਂ ਦੇ ਘਰ ਪਹੁੰਚਦੇ ਹਨ, ਲੋੜੀਂਦੇ ਦਸਤਾਵੇਜ਼ ਇਕੱਠੇ ਕਰਦੇ ਹਨ, ਅਰਜ਼ੀ ਭਰਨ ਵਿੱਚ ਮਦਦ ਕਰਦੇ ਹਨ ਅਤੇ ਆਨਲਾਈਨ ਅਰਜ਼ੀ ਜਮ੍ਹਾਂ ਕਰਵਾਉਂਦੇ ਹਨ। ਇਸ ਨਾਲ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਦੇ ਵਾਰ-ਵਾਰ ਚੱਕਰ ਨਹੀਂ ਲਗਾਉਣੇ ਪੈਂਦੇ।
ਇਸ ਪਹਿਲ ਦਾ ਸਭ ਤੋਂ ਵੱਧ ਲਾਭ ਬਜ਼ੁਰਗਾਂ, ਦਿਵਿਆਂਗਜਨਾਂ, ਦੂਰ-ਦੁਰਾਡੇ ਇਲਾਕਿਆਂ ਵਿੱਚ ਰਹਿੰਦੇ ਕਿਸਾਨਾਂ, ਮਹਿਲਾਵਾਂ ਅਤੇ ਨੌਕਰੀਪੇਸ਼ਾ ਲੋਕਾਂ ਨੂੰ ਮਿਲਿਆ ਹੈ। ਪਹਿਲਾਂ ਇਨ੍ਹਾਂ ਨੂੰ ਸਰਕਾਰੀ ਸੇਵਾਵਾਂ ਹਾਸਲ ਕਰਨ ਲਈ ਸਮਾਂ ਅਤੇ ਪੈਸਾ ਖਰਚ ਕਰਕੇ ਦਫ਼ਤਰਾਂ ਤੱਕ ਜਾਣਾ ਪੈਂਦਾ ਸੀ ਅਤੇ ਕਈ ਵਾਰ ਬਿਚੋਲੀਆਂ ਦੀ ਮਦਦ ਵੀ ਲੈਣੀ ਪੈਂਦੀ ਸੀ।
ਇਸ ਯੋਜਨਾ ਨਾਲ ਤਸਦੀਕ (ਵੈਰੀਫਿਕੇਸ਼ਨ) ਪ੍ਰਕਿਰਿਆ ਵਿੱਚ ਵੀ ਮਹੱਤਵਪੂਰਨ ਬਦਲਾਅ ਆਇਆ ਹੈ। ਪਟਵਾਰੀਆਂ, ਨੰਬਰਦਾਰਾਂ, ਸਰਪੰਚਾਂ, ਨਗਰ ਕੌਂਸਲਰਾਂ ਅਤੇ ਵਿਭਾਗੀ ਅਧਿਕਾਰੀਆਂ ਵੱਲੋਂ ਆਨਲਾਈਨ ਤਸਦੀਕ ਦੀ ਸਹੂਲਤ ਕਾਰਨ ਕਾਗਜ਼ੀ ਕਾਰਵਾਈ ਘਟੀ ਹੈ, ਦਫ਼ਤਰਾਂ ਵਿੱਚ ਜਾਣ ਦੀ ਲੋੜ ਘੱਟ ਹੋਈ ਹੈ ਅਤੇ ਪਾਰਦਰਸ਼ਤਾ ਤੇ ਜਵਾਬਦੇਹੀ ਵਿੱਚ ਵਾਧਾ ਹੋਇਆ ਹੈ।
ਇੱਕ ਹੋਰ ਅਹਿਮ ਸੁਧਾਰ ‘ਫਾਰਮ-ਰਹਿਤ ਸੇਵਾਵਾਂ’ ਦੀ ਸ਼ੁਰੂਆਤ ਹੈ। ਇਸ ਤਹਿਤ ਨਾਗਰਿਕਾਂ ਨੂੰ ਹੁਣ ਲੰਬੇ-ਚੌੜੇ ਅਰਜ਼ੀ ਫਾਰਮ ਭਰਨ ਦੀ ਲੋੜ ਨਹੀਂ ਰਹੀ। ਡੋਰਸਟੈਪ ਡਿਲੀਵਰੀ ਆਪਰੇਟਰ ਡਿਜੀਟਲ ਤਰੀਕੇ ਨਾਲ ਲੋੜੀਂਦੀ ਜਾਣਕਾਰੀ ਦਰਜ ਕਰਦੇ ਹਨ ਅਤੇ ਸਿਸਟਮ ਆਪਣੇ ਆਪ ਅਰਜ਼ੀ ਤਿਆਰ ਕਰ ਦਿੰਦਾ ਹੈ, ਜਿਸ ਨਾਲ ਪ੍ਰਕਿਰਿਆ ਹੋਰ ਆਸਾਨ ਅਤੇ ਗਲਤੀਆਂ ਤੋਂ ਮੁਕਤ ਬਣਦੀ ਹੈ।
ਪੰਜਾਬ ਦੇ ਸੁਸ਼ਾਸਨ ਅਤੇ ਸੂਚਨਾ ਤਕਨਾਲੋਜੀ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਸਰਕਾਰ ਪ੍ਰਸ਼ਾਸਨ ਨੂੰ ਹੋਰ ਪਾਰਦਰਸ਼ੀ, ਜਵਾਬਦੇਹ ਅਤੇ ਲੋਕ-ਕੇਂਦਰਿਤ ਬਣਾਉਣ ਲਈ ਤਕਨਾਲੋਜੀ ਦੀ ਵਰਤੋਂ ਕਰ ਰਹੀ ਹੈ। ਉਨ੍ਹਾਂ ਕਿਹਾ, “ਤਕਨਾਲੋਜੀ ਸ਼ਾਸਨ ਦਾ ਬਦਲ ਨਹੀਂ, ਸਗੋਂ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਮਜ਼ਬੂਤ ਕਰਨ ਦਾ ਸਾਧਨ ਹੈ। ਅਰਜ਼ੀਆਂ ਦੀ ਰੀਅਲ-ਟਾਈਮ ਟਰੈਕਿੰਗ ਨਾਲ ਦੇਰੀ ਘਟਦੀ ਹੈ, ਅਨਿਸ਼ਚਿਤਤਾ ਖ਼ਤਮ ਹੁੰਦੀ ਹੈ ਅਤੇ ਸੇਵਾਵਾਂ ਲੋਕਾਂ ਦੀਆਂ ਲੋੜਾਂ ਅਨੁਸਾਰ ਹੋਰ ਪ੍ਰਭਾਵਸ਼ਾਲੀ ਬਣਦੀਆਂ ਹਨ।”
ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਲੋਕਾਂ ਨੂੰ ਆਮ ਸਰਕਾਰੀ ਸੇਵਾਵਾਂ ਲਈ ਵਾਰ-ਵਾਰ ਸਰਕਾਰੀ ਦਫ਼ਤਰਾਂ ਦੇ ਚੱਕਰ ਨਾ ਲਗਾਉਣੇ ਪੈਣ ਅਤੇ ਉਹਨਾਂ ਨੂੰ ਸਾਰੀਆਂ ਸਹੂਲਤਾਂ ਘਰ ਬੈਠੇ ਹੀ ਮਿਲ ਸਕਣ।
