ਲੁਧਿਆਣਾ ਦੀ ਇੰਸਟਾਗ੍ਰਾਮ ਇਨਫਲੁਏਂਸਰ ਚੁੰਮੇ ਵਾਲੀ ਭਾਬੀ ਉਰਫ਼ ਰਣਜੀਤ ਕੌਰ ਅਤੇ ਉਸ ਦੇ ਪਤੀ ਜ਼ਿੰਦਾ ਹੰਸ ਖ਼ਿਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ਾਂ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ। ਇਹ ਮਾਮਲਾ ਇੱਕ ਨਿਹੰਗ ਸਿੰਘ ਦੀ ਸ਼ਿਕਾਇਤ ਦੇ ਆਧਾਰ ‘ਤੇ ਦਰਜ ਕੀਤਾ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਹੈ ਕਿ ਰਣਜੀਤ ਕੌਰ ਸੋਸ਼ਲ ਮੀਡੀਆ ‘ਤੇ ਕਥਿਤ ਤੌਰ ‘ਤੇ ਅਸ਼ਲੀਲ ਸਮੱਗਰੀ ਪੋਸਟ ਕਰਦੀ ਹੈ, ਜਿਸ ਨਾਲ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ।
ਕੁਝ ਦਿਨ ਪਹਿਲਾਂ ਫਰੀਦਕੋਟ ਦੇ ਨਿਹੰਗ ਜਥੇ ਦੇ ਮੁਖੀ ਮਨਪ੍ਰੀਤ ਸਿੰਘ ਖਾਲਸਾ ਆਪਣੇ ਸਾਥੀਆਂ ਨਾਲ ਰਣਜੀਤ ਕੌਰ ਦੇ ਘਰ ਵੀ ਪਹੁੰਚੇ ਸਨ। ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਨੇ ਪਹਿਲਾਂ ਵੀ ਕਈ ਵਾਰ ਉਸ ਨੂੰ ਅਜਿਹੀ ਸਮੱਗਰੀ ਪੋਸਟ ਨਾ ਕਰਨ ਲਈ ਕਿਹਾ ਸੀ, ਪਰ ਕੋਈ ਅਸਰ ਨਹੀਂ ਹੋਇਆ। ਇਸ ਦੌਰਾਨ ਘਰ ਦੇ ਬਾਹਰ ਹੰਗਾਮਾ ਵੀ ਹੋਇਆ ਸੀ।
ਦੂਜੇ ਪਾਸੇ, ਰਣਜੀਤ ਕੌਰ ਅਤੇ ਉਸ ਦੇ ਪਤੀ ਜ਼ਿੰਦਾ ਹੰਸ ਨੇ ਇੱਕ ਵੀਡੀਓ ਜਾਰੀ ਕਰਕੇ ਦਾਅਵਾ ਕੀਤਾ ਕਿ ਕੁਝ ਨਿਹੰਗ ਸਿੰਘ ਉਨ੍ਹਾਂ ਨੂੰ ਤੰਗ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਉਨ੍ਹਾਂ ਨੇ ਪੁਲਿਸ ਕਮਿਸ਼ਨਰ ਕੋਲ ਵੀ ਸ਼ਿਕਾਇਤ ਦਿੱਤੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਕੋਲ ਆਪਣੇ ਦਾਅਵਿਆਂ ਦੇ ਸਮਰਥਨ ਵਿੱਚ ਸਬੂਤ ਹਨ ਅਤੇ ਲੋੜ ਪੈਣ ‘ਤੇ ਉਹ ਉਨ੍ਹਾਂ ਨੂੰ ਸਾਹਮਣੇ ਲਿਆਉਣਗੇ।
ਫਿਲਹਾਲ ਪੁਲਿਸ ਦੋਵਾਂ ਪੱਖਾਂ ਦੇ ਦਾਅਵਿਆਂ ਦੀ ਜਾਂਚ ਕਰ ਰਹੀ ਹੈ ਅਤੇ ਜਾਂਚ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।
