ਪੰਜਾਬ ਵਿੱਚ ਮੌਸਮ ਨੇ ਬਦਲਾਅ ਲੈਣਾ ਸ਼ੁਰੂ ਕਰ ਦਿੱਤਾ ਹੈ। ਮੋਹਾਲੀ ਵਿੱਚ ਸ਼ਨੀਵਾਰ ਸਵੇਰੇ ਮੀਂਹ ਪਿਆ, ਜਦਕਿ ਚੰਡੀਗੜ੍ਹ ਵਿੱਚ ਮੌਸਮ ਸਾਫ਼ ਰਿਹਾ। ਮੌਸਮ ਵਿਭਾਗ ਅਨੁਸਾਰ ਮੀਂਹ ਕਾਰਨ ਤਾਪਮਾਨ ਵਿੱਚ ਗਿਰਾਵਟ ਆਵੇਗੀ ਅਤੇ ਲੋਕਾਂ ਨੂੰ ਗਰਮੀ ਤੇ ਉਮਸ ਤੋਂ ਰਾਹਤ ਮਿਲਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਨੇ 20 ਤੋਂ 22 ਜੁਲਾਈ ਤੱਕ ਪੰਜਾਬ ਅਤੇ ਚੰਡੀਗੜ੍ਹ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਕਈ ਇਲਾਕਿਆਂ ਵਿੱਚ ਗਰਜ-ਚਮਕ ਨਾਲ ਮੀਂਹ ਅਤੇ ਕੁਝ ਥਾਵਾਂ ‘ਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
ਅੱਜ ਰਾਜਪੁਰਾ, ਡੇਰਾ ਬੱਸੀ, ਫਤਿਹਗੜ੍ਹ ਸਾਹਿਬ, ਮੋਹਾਲੀ, ਬੱਸੀ ਪਠਾਣਾ, ਚੰਡੀਗੜ੍ਹ, ਖਰੜ, ਖਮਾਣੋ, ਚਮਕੌਰ ਸਾਹਿਬ, ਸਮਰਾਲਾ, ਰੂਪਨਗਰ, ਫਗਵਾੜਾ, ਜਲੰਧਰ, ਬਲਾਚੌਰ, ਨਵਾਂਸ਼ਹਿਰ, ਸ੍ਰੀ ਆਨੰਦਪੁਰ ਸਾਹਿਬ, ਨੰਗਲ ਅਤੇ ਬਾਘਾਪੁਰਾਣਾ ਸਮੇਤ ਕਈ ਇਲਾਕਿਆਂ ਵਿੱਚ ਦਰਮਿਆਨੇ ਮੀਂਹ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਮੁਤਾਬਕ 19 ਜੁਲਾਈ ਨੂੰ ਹਲਕਾ ਮੀਂਹ ਅਤੇ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। 20 ਜੁਲਾਈ ਤੋਂ ਮੀਂਹ ਦੀਆਂ ਗਤੀਵਿਧੀਆਂ ਵਿੱਚ ਤੇਜ਼ੀ ਆਵੇਗੀ, ਜਦਕਿ 21 ਜੁਲਾਈ ਨੂੰ ਭਾਰੀ ਮੀਂਹ ਕਾਰਨ ਵੱਧ ਤੋਂ ਵੱਧ ਤਾਪਮਾਨ ਲਗਭਗ 30 ਡਿਗਰੀ ਸੈਲਸੀਅਸ ਤੱਕ ਘਟ ਸਕਦਾ ਹੈ। 22 ਜੁਲਾਈ ਨੂੰ ਵੀ ਬੱਦਲ ਛਾਏ ਰਹਿਣ ਅਤੇ ਹਲਕੇ ਤੋਂ ਦਰਮਿਆਨੇ ਮੀਂਹ ਦੀ ਸੰਭਾਵਨਾ ਬਣੀ ਰਹੇਗੀ।
