ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰ ਤਸਕਰੀ ਨੈੱਟਵਰਕਾਂ ਖ਼ਿਲਾਫ਼ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੂੰ ਵੱਡੀ ਸਫਲਤਾ ਹਾਸਲ ਹੋਈ ਹੈ। ਪੁਲਿਸ ਨੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਇੱਕ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਡੀਜੀਪੀ ਗੌਰਵ ਯਾਦਵ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 6 ਆਧੁਨਿਕ ਪਿਸਤੌਲ, 1 ਕਿਲੋਗ੍ਰਾਮ ਹੈਰੋਇਨ, 1 ਕਿਲੋਗ੍ਰਾਮ ਅਫੀਮ ਅਤੇ 10 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।
ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮ ਸਰਹੱਦ ਪਾਰ ਬੈਠੇ ਇੱਕ ਵਿਦੇਸ਼ੀ ਹੈਂਡਲਰ ਦੇ ਸਿੱਧੇ ਸੰਪਰਕ ਵਿੱਚ ਸਨ। ਦੱਸਿਆ ਜਾ ਰਿਹਾ ਹੈ ਕਿ ਇਹ ਹੈਂਡਲਰ ਅੰਤਰਰਾਸ਼ਟਰੀ ਸਰਹੱਦ ਰਾਹੀਂ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਿਆਂ ਦੀ ਤਸਕਰੀ ਕਰਵਾ ਕੇ ਉਨ੍ਹਾਂ ਨੂੰ ਅੱਗੇ ਅਪਰਾਧਿਕ ਅਨਸਰਾਂ ਤੱਕ ਪਹੁੰਚਾਉਂਦਾ ਸੀ।
ਇਸ ਮਾਮਲੇ ਵਿੱਚ ਪੁਲਿਸ ਸਟੇਸ਼ਨ ਛੇਹਰਟਾ ਅਤੇ ਕੈਂਟ, ਅੰਮ੍ਰਿਤਸਰ ਵਿਖੇ ਐੱਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ। ਪੁਲਿਸ ਵੱਲੋਂ ਹੁਣ ਇਸ ਪੂਰੇ ਨੈੱਟਵਰਕ ਦੇ ਅਗਲੇ ਅਤੇ ਪਿਛਲੇ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਵਿਦੇਸ਼ੀ ਹੈਂਡਲਰਾਂ ਨਾਲ ਜੁੜੇ ਹੋਰ ਸਾਥੀਆਂ ਦੀ ਪਛਾਣ ਅਤੇ ਉਨ੍ਹਾਂ ਨੂੰ ਕਾਬੂ ਕਰਨ ਲਈ ਵੀ ਅਗਲੇਰੀ ਜਾਂਚ ਜਾਰੀ ਹੈ।
ਪੰਜਾਬ ਪੁਲਿਸ ਦਾ ਕਹਿਣਾ ਹੈ ਕਿ ਸੂਬੇ ਨੂੰ ਨਸ਼ਾ ਮੁਕਤ ਅਤੇ ਸੁਰੱਖਿਅਤ ਬਣਾਉਣ ਲਈ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਖ਼ਿਲਾਫ਼ ਕਾਰਵਾਈ ਲਗਾਤਾਰ ਜਾਰੀ ਰਹੇਗੀ।
