ਅੱਠਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪਵਿੱਤਰ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਅਤੇ ਭਗਤੀ ਦਾ ਅਦਭੁੱਤ ਮਾਹੌਲ ਦੇਖਣ ਨੂੰ ਮਿਲ ਰਿਹਾ ਹੈ। ਪੰਜਾਬ ਹੀ ਨਹੀਂ, ਸਗੋਂ ਦੇਸ਼ ਦੇ ਵੱਖ-ਵੱਖ ਹਿੱਸਿਆਂ ਅਤੇ ਵਿਦੇਸ਼ਾਂ ਤੋਂ ਵੀ ਵੱਡੀ ਗਿਣਤੀ ਵਿੱਚ ਸੰਗਤ ਨਤਮਸਤਕ ਹੋਣ ਲਈ ਪਹੁੰਚ ਰਹੀ ਹੈ। ਸ਼ਰਧਾਲੂਆਂ ਨੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕਰਕੇ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ ਅਤੇ ਗੁਰੂ ਘਰ ਦਾ ਆਸ਼ੀਰਵਾਦ ਪ੍ਰਾਪਤ ਕੀਤਾ।
ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਗੁਰਿੰਦਰ ਸਿੰਘ ਦੇਵੀਦਾਸਪੁਰਾ ਨੇ ਸਮੂਹ ਸੰਗਤ ਨੂੰ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਗੁਰੂ ਸਾਹਿਬ ਨੇ ਬਹੁਤ ਛੋਟੀ ਉਮਰ ਵਿੱਚ ਹੀ ਮਾਨਵਤਾ ਦੀ ਸੇਵਾ, ਦਇਆ, ਨਿਮਰਤਾ ਅਤੇ ਪਰਉਪਕਾਰ ਦੀ ਅਦਵਿੱਤੀ ਮਿਸਾਲ ਕਾਇਮ ਕੀਤੀ। ਉਨ੍ਹਾਂ ਦੀਆਂ ਸਿੱਖਿਆਵਾਂ ਅੱਜ ਵੀ ਸਮੁੱਚੀ ਮਨੁੱਖਤਾ ਲਈ ਪ੍ਰੇਰਣਾ ਦਾ ਸਰੋਤ ਹਨ। ਉਨ੍ਹਾਂ ਸੰਗਤ ਨੂੰ ਗੁਰੂ ਸਾਹਿਬ ਦੇ ਉਪਦੇਸ਼ਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਅਤੇ ਲੋੜਵੰਦਾਂ ਦੀ ਸੇਵਾ ਲਈ ਹਮੇਸ਼ਾ ਅੱਗੇ ਆਉਣ ਦੀ ਅਪੀਲ ਕੀਤੀ।
ਪ੍ਰਕਾਸ਼ ਪੁਰਬ ਦੇ ਵਿਸ਼ੇਸ਼ ਮੌਕੇ ‘ਤੇ ਰਾਤ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਖਾਸ ਰੌਸ਼ਨੀ ਅਤੇ ਆਤਿਸ਼ਬਾਜ਼ੀ ਦਾ ਪ੍ਰਬੰਧ ਕੀਤਾ ਜਾਵੇਗਾ। ਰੌਸ਼ਨੀਆਂ ਨਾਲ ਸਜਿਆ ਸ੍ਰੀ ਹਰਿਮੰਦਰ ਸਾਹਿਬ ਦਾ ਅਲੌਕਿਕ ਨਜ਼ਾਰਾ ਸ਼ਰਧਾਲੂਆਂ ਲਈ ਵਿਸ਼ੇਸ਼ ਆਕਰਸ਼ਣ ਦਾ ਕੇਂਦਰ ਬਣੇਗਾ ਅਤੇ ਇਸ ਪਾਵਨ ਦਿਹਾੜੇ ਦੀ ਰੌਣਕ ਨੂੰ ਹੋਰ ਵੀ ਚਾਰ ਚੰਨ ਲਗਾਏਗਾ।
