ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਸੰਗਰੂਰ ਜ਼ਿਲ੍ਹੇ ਦੇ ਨਾਗਰਾ ਪਿੰਡ ਵਿੱਚ 2 ਕਰੋੜ 5 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਵਾਟਰ ਵਰਕਸ ਦਾ ਉਦਘਾਟਨ ਕੀਤਾ। ਇਸ ਪ੍ਰੋਜੈਕਟ ਤਹਿਤ ਕਰੀਬ 17 ਕਿਲੋਮੀਟਰ ਲੰਬੀ ਪਾਈਪਲਾਈਨ ਵਿਛਾਈ ਜਾਵੇਗੀ, ਜਿਸ ਰਾਹੀਂ 758 ਘਰਾਂ ਤੱਕ ਪੀਣ ਵਾਲੇ ਸਾਫ਼ ਪਾਣੀ ਦੀ ਸਪਲਾਈ ਪਹੁੰਚੇਗੀ। ਇਸ ਦੇ ਨਾਲ ਹੀ ਡੇਢ ਲੱਖ ਲੀਟਰ ਸਮਰੱਥਾ ਵਾਲਾ ਓਵਰਹੈੱਡ ਟੈਂਕ ਵੀ ਤਿਆਰ ਕੀਤਾ ਜਾਵੇਗਾ।
ਅਮਨ ਅਰੋੜਾ ਨੇ ਦੱਸਿਆ ਕਿ ਅੱਜ ਪੂਰੇ ਹਲਕੇ ਦੇ 29 ਪਿੰਡਾਂ ਵਿੱਚ 54 ਵਿਕਾਸ ਕਾਰਜਾਂ ਦੀ ਸ਼ੁਰੂਆਤ, ਉਦਘਾਟਨ ਜਾਂ ਨੀਂਹ ਪੱਥਰ ਰੱਖਣ ਦਾ ਕੰਮ ਕੀਤਾ ਜਾ ਰਿਹਾ ਹੈ। ਇਨ੍ਹਾਂ ਪ੍ਰੋਜੈਕਟਾਂ ‘ਤੇ ਕਰੀਬ 12 ਕਰੋੜ 60 ਲੱਖ ਰੁਪਏ ਖਰਚ ਕੀਤੇ ਜਾਣਗੇ। ਇਨ੍ਹਾਂ ਵਿੱਚ ਵਾਟਰ ਵਰਕਸ ਤੋਂ ਇਲਾਵਾ ਖੇਡ ਮੈਦਾਨ, ਛੱਪੜਾਂ ਦੀ ਸੰਭਾਲ, ਗਲੀਆਂ-ਨਾਲੀਆਂ, ਧਰਮਸ਼ਾਲਾਵਾਂ ਅਤੇ ਹੋਰ ਲੋਕ ਭਲਾਈ ਦੇ ਕੰਮ ਸ਼ਾਮਲ ਹਨ।
ਹਵਾਰਾ ਦੀ ਪੈਰੋਲ ‘ਤੇ ਕੇਂਦਰ ਨੂੰ ਘੇਰਿਆ
ਹਵਾਰਾ ਦੀ ਪੈਰੋਲ ਦੇ ਮੁੱਦੇ ‘ਤੇ ਅਮਨ ਅਰੋੜਾ ਨੇ ਕੇਂਦਰ ਸਰਕਾਰ ਦੇ ਫੈਸਲੇ ‘ਤੇ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ 10 ਦਿਨਾਂ ਦੀ ਪੈਰੋਲ ਦੀ ਮੰਗ ਕੀਤੀ ਗਈ ਸੀ ਅਤੇ ਇਹ ਮਾਮਲਾ ਮਨੁੱਖੀ ਅਧਿਕਾਰਾਂ ਤੇ ਮਾਨਵੀ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਇੱਕ ਮਾਂ ਦੀ ਆਪਣੇ ਪੁੱਤਰ ਨੂੰ ਮਿਲਣ ਦੀ ਇੱਛਾ ਨੂੰ ਧਿਆਨ ਵਿੱਚ ਰੱਖਦਿਆਂ 10 ਦਿਨ ਦੀ ਪੈਰੋਲ ਦਿੱਤੀ ਜਾਣੀ ਚਾਹੀਦੀ ਸੀ। ਇਸ ਦੇ ਨਾਲ ਹੀ ਉਨ੍ਹਾਂ ਭਾਜਪਾ ‘ਤੇ ਇਸ ਮਾਮਲੇ ਵਿੱਚ ਦੋਹਰੇ ਮਾਪਦੰਡ ਅਪਣਾਉਣ ਦੇ ਦੋਸ਼ ਵੀ ਲਗਾਏ।
ਫਾਰਮੇਸੀ ਪ੍ਰੀਖਿਆ ‘ਚ ਨਕਲ ਮਾਮਲੇ ‘ਤੇ ਦਿੱਤਾ ਸਪੱਸ਼ਟੀਕਰਨ
ਫਾਰਮੇਸੀ ਪ੍ਰੀਖਿਆ ਵਿੱਚ ਕਥਿਤ ਨਕਲ ਦੇ ਮਾਮਲੇ ਸਬੰਧੀ ਅਮਨ ਅਰੋੜਾ ਨੇ ਕਿਹਾ ਕਿ ਮਾਮਲਾ ਸਾਹਮਣੇ ਆਉਣ ਤੋਂ ਕਰੀਬ 15 ਮਿੰਟਾਂ ਦੇ ਅੰਦਰ ਹੀ ਇਸ ਨੂੰ ਡਿਟੈਕਟ ਕਰ ਲਿਆ ਗਿਆ ਸੀ। ਉਨ੍ਹਾਂ ਦੱਸਿਆ ਕਿ ਇਸ ਤੋਂ ਬਾਅਦ ਮੁੜ ਪ੍ਰੀਖਿਆ ਵੀ ਕਰਵਾਈ ਗਈ। ਉਨ੍ਹਾਂ ਦਾਅਵਾ ਕੀਤਾ ਕਿ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਪੇਪਰ ਲੀਕ ਜਾਂ ਕਿਸੇ ਵੱਡੇ ਪ੍ਰੀਖਿਆ ਸਕੈਂਡਲ ਦਾ ਮਾਮਲਾ ਸਾਹਮਣੇ ਨਹੀਂ ਆਇਆ।
ਪੰਜਾਬ ਦੇ ਪਾਣੀ ਦੀ ਰਾਇਲਟੀ ‘ਤੇ ਵੱਡਾ ਬਿਆਨ
ਪੰਜਾਬ ਦੇ ਪਾਣੀ ਦੀ ਰਾਇਲਟੀ ਦੇ ਮੁੱਦੇ ‘ਤੇ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਦਾ ਪਾਣੀ ਗੁਆਂਢੀ ਸੂਬਿਆਂ ਨੂੰ ਮੁਫ਼ਤ ਨਹੀਂ ਜਾਣਾ ਚਾਹੀਦਾ। ਉਨ੍ਹਾਂ ਰਾਜਸਥਾਨ ਅਤੇ ਹਰਿਆਣਾ ਤੋਂ 1.44 ਲੱਖ ਕਰੋੜ ਰੁਪਏ ਦੀ ਮੰਗ ਨੂੰ ਜਾਇਜ਼ ਕਰਾਰ ਦਿੰਦਿਆਂ ਕਿਹਾ ਕਿ ਪੰਜਾਬ ਨੂੰ ਆਪਣੇ ਕੁਦਰਤੀ ਸਰੋਤ ਦੀ ਕੀਮਤ ਹਾਸਲ ਕਰਨ ਦਾ ਪੂਰਾ ਹੱਕ ਹੈ।
ED ਦੀ ਕਾਰਵਾਈ ‘ਤੇ ਕੇਂਦਰ ‘ਤੇ ਨਿਸ਼ਾਨਾ
ਰਾਜਵੀਰ ਘੁੰਮਣ ਖ਼ਿਲਾਫ਼ ED ਵੱਲੋਂ FIR ਦੀ ਮੰਗ ਦੇ ਮਾਮਲੇ ‘ਤੇ ਵੀ ਅਮਨ ਅਰੋੜਾ ਨੇ ਕੇਂਦਰ ਸਰਕਾਰ ਨੂੰ ਘੇਰਿਆ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰੀ ਏਜੰਸੀਆਂ ਦੀ ਵਰਤੋਂ ਸਿਆਸੀ ਮਕਸਦਾਂ ਲਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨਾਲ ਧੱਕਾ ਕਰਨ ਦੀ ਹਰ ਕੋਸ਼ਿਸ਼ ਦਾ ਪੰਜਾਬੀ ਹਮੇਸ਼ਾ ਡਟ ਕੇ ਜਵਾਬ ਦਿੰਦੇ ਆਏ ਹਨ।
