ਅੰਮ੍ਰਿਤਸਰ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘੁਬੀਰ ਸਿੰਘ ਦੇ ਘਰ ਦੇ ਬਾਹਰ ਫਾਇਰਿੰਗ ਹੋਣ ਦੀ ਘਟਨਾ ਸਾਹਮਣੇ ਆਈ ਹੈ। ਘਟਨਾ ਦਾ ਪਤਾ ਉਸ ਵੇਲੇ ਲੱਗਿਆ ਜਦੋਂ ਘਰ ਦੇ ਬਾਹਰ ਖੜ੍ਹੀ ਇੱਕ ਕਾਰ ’ਤੇ ਗੋਲੀ ਲੱਗਣ ਦਾ ਨਿਸ਼ਾਨ ਮਿਲਿਆ। ਮੌਕੇ ਤੋਂ ਇੱਕ ਗੋਲੀ ਦਾ ਖੋਲ ਵੀ ਬਰਾਮਦ ਹੋਇਆ ਹੈ।
ਜਾਣਕਾਰੀ ਮੁਤਾਬਕ ਘਟਨਾ ਨਾਲ ਸਬੰਧਤ ਸੀਸੀਟੀਵੀ ਫੁਟੇਜ ਵੀ ਪੁਲਿਸ ਵੱਲੋਂ ਆਪਣੇ ਕਬਜ਼ੇ ਵਿੱਚ ਲਈ ਗਈ ਹੈ। ਫੁਟੇਜ ਵਿੱਚ ਗੋਲੀ ਚੱਲਣ ਦੀ ਆਵਾਜ਼ ਰਿਕਾਰਡ ਹੋਣ ਦੀ ਗੱਲ ਸਾਹਮਣੇ ਆਈ ਹੈ, ਹਾਲਾਂਕਿ ਹਾਲੇ ਤੱਕ ਫਾਇਰਿੰਗ ਕਰਨ ਵਾਲੇ ਵਿਅਕਤੀਆਂ ਦੀ ਪਛਾਣ ਨਹੀਂ ਹੋ ਸਕੀ।
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ ’ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ, ਤਾਂ ਜੋ ਫਾਇਰਿੰਗ ਕਰਨ ਵਾਲਿਆਂ ਬਾਰੇ ਕੋਈ ਸੁਰਾਗ ਮਿਲ ਸਕੇ।
ਜ਼ਿਕਰਯੋਗ ਹੈ ਕਿ ਗਿਆਨੀ ਰਘੁਬੀਰ ਸਿੰਘ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵਜੋਂ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਬੇਅਦਬੀ ਮਾਮਲੇ ਨਾਲ ਸਬੰਧਤ ਧਾਰਮਿਕ ਸਜ਼ਾ ਸੁਣਾਈ ਸੀ। ਇਸ ਤੋਂ ਇਲਾਵਾ ਬੀਤੇ ਦਿਨੀਂ ਮਹਾਰਾਸ਼ਟਰ ਦੇ ਨਾਂਦੇੜ ਸਾਹਿਬ ਵਿਖੇ ਸੁਖਬੀਰ ਬਾਦਲ ’ਤੇ ਵੀ ਹਮਲਾ ਹੋਇਆ ਸੀ।
ਫਿਲਹਾਲ ਪੁਲਿਸ ਵੱਲੋਂ ਇਸ ਘਟਨਾ ਦੇ ਹਰ ਪਹਿਲੂ ਦੀ ਜਾਂਚ ਕੀਤੀ ਜਾ ਰਹੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ ਅਤੇ ਫਾਇਰਿੰਗ ਕਰਨ ਵਾਲੇ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਤੱਕ ਪਹੁੰਚਣ ਲਈ ਜਾਂਚ ਜਾਰੀ ਹੈ।
