ਦੇਸ਼ ਦੇ ਕਈ ਹਿੱਸਿਆਂ ਵਿੱਚ ਮੀਂਹ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਉੱਤਰ ਪ੍ਰਦੇਸ਼, ਦਿੱਲੀ, ਬਿਹਾਰ ਸਮੇਤ 19 ਰਾਜਾਂ ਵਿੱਚ ਬਿਜਲੀ ਗਰਜ-ਚਮਕ, ਤੇਜ਼ ਹਵਾਵਾਂ ਅਤੇ ਮੀਂਹ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਬੰਗਾਲ ਦੀ ਖਾੜੀ ਵਿੱਚ ਬਣੇ ਘੱਟ ਦਬਾਅ ਵਾਲੇ ਨਵੇਂ ਮੌਸਮੀ ਸਿਸਟਮ ਦੇ ਪ੍ਰਭਾਵ ਕਾਰਨ ਪੂਰਬੀ ਅਤੇ ਉੱਤਰ-ਪੂਰਬੀ ਭਾਰਤ ਦੇ ਕਈ ਸੂਬਿਆਂ ਵਿੱਚ ਮੀਂਹ ਦੀਆਂ ਗਤੀਵਿਧੀਆਂ ਵਧਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਮੁਤਾਬਕ ਇਸ ਸਿਸਟਮ ਦੇ ਪ੍ਰਭਾਵ ਹੇਠ ਪੱਛਮੀ ਬੰਗਾਲ, ਬਿਹਾਰ, ਝਾਰਖੰਡ, ਓਡੀਸ਼ਾ, ਛੱਤੀਸਗੜ੍ਹ ਅਤੇ ਮੱਧ ਪ੍ਰਦੇਸ਼ ਸਮੇਤ ਕਈ ਇਲਾਕਿਆਂ ਵਿੱਚ ਮੀਂਹ ਪੈ ਸਕਦਾ ਹੈ। ਇਸ ਦੇ ਨਾਲ ਹੀ ਉੱਤਰ-ਪੂਰਬੀ ਸੂਬਿਆਂ ਵਿੱਚ ਵੀ ਕਈ ਥਾਵਾਂ ‘ਤੇ ਭਾਰੀ ਮੀਂਹ ਦੀ ਸੰਭਾਵਨਾ ਜਤਾਈ ਗਈ ਹੈ।
ਦਿੱਲੀ-ਐਨਸੀਆਰ ਅਤੇ ਹਰਿਆਣਾ ਵਿੱਚ ਵੀ ਮੀਂਹ ਦੀ ਸੰਭਾਵਨਾ
ਹੁੰਮਸ ਭਰੀ ਗਰਮੀ ਤੋਂ ਪ੍ਰੇਸ਼ਾਨ ਦਿੱਲੀ-ਐਨਸੀਆਰ ਦੇ ਲੋਕਾਂ ਨੂੰ ਮੀਂਹ ਨਾਲ ਕੁਝ ਰਾਹਤ ਮਿਲ ਸਕਦੀ ਹੈ। IMD ਨੇ ਦਿੱਲੀ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਬਿਜਲੀ ਗਰਜ-ਚਮਕ ਅਤੇ ਤੇਜ਼ ਹਵਾਵਾਂ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਦਿੱਲੀ ਵਿੱਚ ਘੱਟੋ-ਘੱਟ ਤਾਪਮਾਨ ਲਗਭਗ 28 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਦੇ ਆਸ-ਪਾਸ ਰਹਿਣ ਦੀ ਉਮੀਦ ਹੈ। ਹਰਿਆਣਾ ਦੇ ਵੀ ਕਈ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
ਉੱਤਰ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦਾ ਅਲਰਟ
ਉੱਤਰ ਪ੍ਰਦੇਸ਼ ਦੇ ਪੂਰਬੀ ਅਤੇ ਪੱਛਮੀ ਹਿੱਸਿਆਂ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਅਲੀਗੜ੍ਹ, ਆਗਰਾ, ਮਥੁਰਾ, ਮੁਰਾਦਾਬਾਦ, ਮੇਰਠ, ਮੁਜ਼ੱਫਰਨਗਰ, ਕਾਨਪੁਰ, ਬਰੇਲੀ, ਹਰਦੋਈ, ਸੀਤਾਪੁਰ, ਬਿਜਨੌਰ, ਗੋਂਡਾ, ਬਸਤੀ, ਬਹਿਰਾਇਚ, ਲਖੀਮਪੁਰ ਖੀਰੀ, ਪੀਲੀਭੀਤ ਅਤੇ ਸ਼ਾਹਜਹਾਂਪੁਰ ਸਮੇਤ ਕਈ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਅਤੇ ਮੀਂਹ ਦੀ ਚਿਤਾਵਨੀ ਦਿੱਤੀ ਹੈ।
ਬਿਹਾਰ ਵਿੱਚ ਵੀ ਮੌਸਮ ਰਹੇਗਾ ਸਰਗਰਮ
ਬਿਹਾਰ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੇ ਨਾਲ ਬਿਜਲੀ ਗਰਜਣ ਅਤੇ ਤੇਜ਼ ਹਵਾਵਾਂ ਦੀ ਸੰਭਾਵਨਾ ਹੈ। ਮੁੰਗੇਰ, ਬਾਂਕਾ, ਜਮੁਈ, ਕਟਿਹਾਰ, ਭਾਗਲਪੁਰ, ਕੈਮੂਰ, ਨਾਲੰਦਾ, ਨਵਾਦਾ, ਔਰੰਗਾਬਾਦ, ਵੈਸ਼ਾਲੀ, ਗਯਾ, ਰੋਹਤਾਸ, ਬਕਸਰ, ਭੋਜਪੁਰ, ਜਹਾਨਾਬਾਦ, ਸਮਸਤੀਪੁਰ, ਦਰਭੰਗਾ, ਮਧੂਬਨੀ ਅਤੇ ਪੂਰਨੀਆ ਸਮੇਤ ਕਈ ਇਲਾਕਿਆਂ ਵਿੱਚ ਮੀਂਹ ਦਾ ਅਸਰ ਦੇਖਣ ਨੂੰ ਮਿਲ ਸਕਦਾ ਹੈ।
ਪੱਛਮੀ ਬੰਗਾਲ ਅਤੇ ਉੱਤਰ-ਪੂਰਬ ਵਿੱਚ ਵੀ ਮੀਂਹ ਦਾ ਦੌਰ
IMD ਨੇ ਪੱਛਮੀ ਬੰਗਾਲ ਵਿੱਚ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ। ਇਸ ਤੋਂ ਇਲਾਵਾ ਸਿੱਕਮ, ਅਸਾਮ ਅਤੇ ਮੇਘਾਲਿਆ ਦੇ ਕਈ ਇਲਾਕਿਆਂ ਵਿੱਚ ਪੂਰੇ ਹਫ਼ਤੇ ਦੌਰਾਨ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮੀ ਗਤੀਵਿਧੀਆਂ ਕਾਰਨ ਇਨ੍ਹਾਂ ਇਲਾਕਿਆਂ ਵਿੱਚ ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਗਈ ਹੈ।
ਹਿਮਾਚਲ ਵਿੱਚ ਭਾਰੀ ਮੀਂਹ ਦਾ ਖਤਰਾ
ਪਹਾੜੀ ਸੂਬੇ ਹਿਮਾਚਲ ਪ੍ਰਦੇਸ਼ ਵਿੱਚ 17 ਅਤੇ 18 ਅਗਸਤ ਨੂੰ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਭਾਰੀ ਬਾਰਿਸ਼ ਕਾਰਨ ਪਹਾੜੀ ਇਲਾਕਿਆਂ ਵਿੱਚ ਜ਼ਮੀਨ ਖਿਸਕਣ ਦਾ ਖਤਰਾ ਵਧ ਸਕਦਾ ਹੈ। ਪੱਛਮੀ ਹਿਮਾਲਿਆ ਖੇਤਰ ਵਿੱਚ ਵੀ ਹਫ਼ਤੇ ਦੇ ਜ਼ਿਆਦਾਤਰ ਦਿਨਾਂ ਦੌਰਾਨ ਮੀਂਹ ਜਾਰੀ ਰਹਿਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਦੇ ਅਲਰਟ ਨੂੰ ਦੇਖਦੇ ਹੋਏ ਪ੍ਰਭਾਵਿਤ ਇਲਾਕਿਆਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਮੌਸਮ ਨਾਲ ਜੁੜੀਆਂ ਤਾਜ਼ਾ ਜਾਣਕਾਰੀਆਂ ‘ਤੇ ਨਜ਼ਰ ਰੱਖਣ ਅਤੇ ਲੋੜ ਪੈਣ ‘ਤੇ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਗਈ ਹੈ।
