ਪੰਜਾਬ ਵਿੱਚ 27 ਅਗਸਤ ਤੱਕ ਮੀਂਹ ਦਾ ਦੌਰ ਜਾਰੀ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ 21 ਤੋਂ 27 ਅਗਸਤ ਦਰਮਿਆਨ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਹਾਲਾਂਕਿ ਦੱਖਣ-ਪੱਛਮੀ ਪੰਜਾਬ ਵਿੱਚ ਮੀਂਹ ਦੀਆਂ ਗਤੀਵਿਧੀਆਂ ਮੁਕਾਬਲਤਨ ਘੱਟ ਰਹਿਣ ਦੀ ਸੰਭਾਵਨਾ ਹੈ। ਇਸ ਦੌਰਾਨ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ ਥੋੜ੍ਹਾ ਵੱਧ ਰਹਿਣ ਦਾ ਅਨੁਮਾਨ ਹੈ।
21 ਅਗਸਤ: ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ ਵਿੱਚ ਕਈ ਥਾਵਾਂ ’ਤੇ ਮੀਂਹ ਪੈ ਸਕਦਾ ਹੈ। ਅੰਮ੍ਰਿਤਸਰ, ਗੁਰਦਾਸਪੁਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਪਟਿਆਲਾ, ਮੋਗਾ ਅਤੇ ਬਰਨਾਲਾ ਵਿੱਚ ਕੁਝ ਥਾਵਾਂ ’ਤੇ ਮੀਂਹ ਦੇ ਆਸਾਰ ਹਨ। ਦੱਖਣ-ਪੱਛਮੀ ਜ਼ਿਲ੍ਹਿਆਂ ਵਿੱਚ ਛਿੱਟੇ-ਫੁੱਟੇ ਮੀਂਹ ਦੀ ਸੰਭਾਵਨਾ ਹੈ। ਅੱਜ ਕਿਸੇ ਵੀ ਜ਼ਿਲ੍ਹੇ ਲਈ ਕੋਈ ਚੇਤਾਵਨੀ ਜਾਰੀ ਨਹੀਂ ਕੀਤੀ ਗਈ।
22 ਅਗਸਤ: ਮੀਂਹ ਦੇ ਮਾਮਲੇ ਵਿੱਚ ਇਹ ਸਭ ਤੋਂ ਅਹਿਮ ਦਿਨ ਰਹੇਗਾ। ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਵਿੱਚ ਕਈ ਥਾਵਾਂ ’ਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ, ਜਿਸ ਕਾਰਨ ਮੌਸਮ ਵਿਭਾਗ ਨੇ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਤੋਂ ਇਲਾਵਾ ਅੰਮ੍ਰਿਤਸਰ, ਗੁਰਦਾਸਪੁਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਮੋਗਾ, ਫਿਰੋਜ਼ਪੁਰ, ਫਰੀਦਕੋਟ, ਬਰਨਾਲਾ, ਸੰਗਰੂਰ, ਪਟਿਆਲਾ ਅਤੇ ਮੋਹਾਲੀ ਵਿੱਚ ਵੀ ਕੁਝ ਥਾਵਾਂ ’ਤੇ ਮੀਂਹ ਪੈ ਸਕਦਾ ਹੈ।
23 ਅਗਸਤ: ਉੱਤਰੀ ਪੰਜਾਬ ਦੇ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਵਿੱਚ ਮੀਂਹ ਦੀ ਸੰਭਾਵਨਾ ਬਣੀ ਰਹੇਗੀ। ਮੱਧ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਵੀ ਕੁਝ ਥਾਵਾਂ ’ਤੇ ਮੀਂਹ ਪੈ ਸਕਦਾ ਹੈ, ਜਦਕਿ ਦੱਖਣ-ਪੱਛਮੀ ਇਲਾਕਿਆਂ ਵਿੱਚ ਛਿੱਟੇ-ਫੁੱਟੇ ਮੀਂਹ ਦੇ ਆਸਾਰ ਹਨ।
24 ਅਗਸਤ: ਮੀਂਹ ਦੀਆਂ ਗਤੀਵਿਧੀਆਂ ਵਿੱਚ ਕਮੀ ਆਉਣ ਦੀ ਸੰਭਾਵਨਾ ਹੈ। ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ, ਪਟਿਆਲਾ ਅਤੇ ਲੁਧਿਆਣਾ ਵਿੱਚ ਹਲਕਾ ਮੀਂਹ ਪੈ ਸਕਦਾ ਹੈ। ਉੱਥੇ ਹੀ ਦੱਖਣ-ਪੱਛਮੀ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੌਸਮ ਖੁਸ਼ਕ ਰਹਿਣ ਦਾ ਅਨੁਮਾਨ ਹੈ।
25 ਤੋਂ 27 ਅਗਸਤ: ਮੌਸਮ ਵਿਭਾਗ ਦੇ ਵਿਸਤ੍ਰਿਤ ਪੂਰਵ ਅਨੁਮਾਨ ਮੁਤਾਬਕ ਇਸ ਦੌਰਾਨ ਵੀ ਪੰਜਾਬ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦਾ ਦੌਰ ਜਾਰੀ ਰਹਿ ਸਕਦਾ ਹੈ। ਦੱਖਣ-ਪੱਛਮੀ ਹਿੱਸਿਆਂ ਵਿੱਚ ਮੀਂਹ ਮੁਕਾਬਲਤਨ ਘੱਟ ਰਹਿਣ ਦੀ ਸੰਭਾਵਨਾ ਹੈ।
ਤਾਪਮਾਨ ਵੀ ਆਮ ਨਾਲੋਂ ਵੱਧ ਰਹੇਗਾ
ਮੀਂਹ ਦੇ ਬਾਵਜੂਦ ਪੰਜਾਬ ਵਿੱਚ ਤਾਪਮਾਨ ਵਿੱਚ ਵੱਡੀ ਗਿਰਾਵਟ ਦੀ ਸੰਭਾਵਨਾ ਨਹੀਂ ਹੈ। ਦੱਖਣੀ ਅਤੇ ਦੱਖਣ-ਪੱਛਮੀ ਜ਼ਿਲ੍ਹਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 36 ਤੋਂ 40 ਡਿਗਰੀ ਦੇ ਆਸ-ਪਾਸ ਰਹਿ ਸਕਦਾ ਹੈ। ਉੱਤਰੀ ਜ਼ਿਲ੍ਹਿਆਂ ਵਿੱਚ ਤਾਪਮਾਨ 34 ਤੋਂ 36 ਡਿਗਰੀ, ਜਦਕਿ ਮੱਧ ਪੰਜਾਬ ਵਿੱਚ 32 ਤੋਂ 35 ਡਿਗਰੀ ਰਹਿਣ ਦਾ ਅਨੁਮਾਨ ਹੈ।
25 ਤੋਂ 27 ਅਗਸਤ ਦੌਰਾਨ ਵੀ ਤਾਪਮਾਨ ਆਮ ਨਾਲੋਂ ਥੋੜ੍ਹਾ ਵੱਧ ਰਹਿ ਸਕਦਾ ਹੈ। ਰਾਤ ਸਮੇਂ ਉੱਤਰੀ ਪੰਜਾਬ ਵਿੱਚ ਘੱਟੋ-ਘੱਟ ਤਾਪਮਾਨ 22 ਤੋਂ 24 ਡਿਗਰੀ, ਮੱਧ ਪੰਜਾਬ ਵਿੱਚ 24 ਤੋਂ 26 ਡਿਗਰੀ ਅਤੇ ਦੱਖਣੀ ਹਿੱਸਿਆਂ ਵਿੱਚ 26 ਤੋਂ 28 ਡਿਗਰੀ ਦੇ ਆਸ-ਪਾਸ ਰਹਿਣ ਦੀ ਸੰਭਾਵਨਾ ਹੈ।
ਵੀਰਵਾਰ ਨੂੰ ਬਠਿੰਡਾ ਸਭ ਤੋਂ ਗਰਮ
ਵੀਰਵਾਰ ਨੂੰ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ ਮਾਮੂਲੀ ਵਾਧਾ ਦਰਜ ਕੀਤਾ ਗਿਆ। ਬਠਿੰਡਾ 38 ਡਿਗਰੀ ਸੈਲਸੀਅਸ ਨਾਲ ਸੂਬੇ ਵਿੱਚ ਸਭ ਤੋਂ ਗਰਮ ਰਿਹਾ। ਫਰੀਦਕੋਟ ਵਿੱਚ 36 ਡਿਗਰੀ, ਜਦਕਿ ਪਟਿਆਲਾ, ਫਿਰੋਜ਼ਪੁਰ ਅਤੇ ਮੋਹਾਲੀ ਵਿੱਚ 35.2 ਡਿਗਰੀ ਤਾਪਮਾਨ ਦਰਜ ਕੀਤਾ ਗਿਆ।
ਮੀਂਹ ਦੀ ਗੱਲ ਕਰੀਏ ਤਾਂ ਵੀਰਵਾਰ ਸਵੇਰੇ 8:30 ਵਜੇ ਤੋਂ ਸ਼ਾਮ 5:30 ਵਜੇ ਤੱਕ ਗੁਰਦਾਸਪੁਰ ਵਿੱਚ ਸਭ ਤੋਂ ਵੱਧ 47.5 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਰੂਪਨਗਰ ਵਿੱਚ 12, ਲੁਧਿਆਣਾ ਵਿੱਚ 9.6, ਫਿਰੋਜ਼ਪੁਰ ਵਿੱਚ 4.5, ਪਟਿਆਲਾ ਵਿੱਚ 4 ਅਤੇ ਜਲੰਧਰ ਵਿੱਚ 3.5 ਮਿਲੀਮੀਟਰ ਮੀਂਹ ਦਰਜ ਹੋਇਆ।
