ਚੰਡੀਗੜ੍ਹ ਸਥਿਤ ਭਾਰਤੀ ਜਨਤਾ ਪਾਰਟੀ ਦੇ ਦਫ਼ਤਰ ਨੂੰ ਅੱਜ ਇੱਕ ਧਮਕੀ ਭਰਿਆ ਈ-ਮੇਲ ਮਿਲਣ ਤੋਂ ਬਾਅਦ ਸੁਰੱਖਿਆ ਏਜੰਸੀਆਂ ਵਿੱਚ ਹੜਕੰਪ ਮਚ ਗਿਆ। ਈ-ਮੇਲ ਰਾਹੀਂ 21 ਅਗਸਤ ਦੇ ਪੰਜਾਬ ਬੰਦ ਦੌਰਾਨ ਖੁੱਲ੍ਹੇ ਰਹਿਣ ਵਾਲੇ ਸ਼ਹਿਰਾਂ ਵਿੱਚ ਬੰਬ ਧਮਾਕੇ ਕਰਨ ਦੀ ਧਮਕੀ ਦਿੱਤੀ ਗਈ ਹੈ।
ਧਮਕੀ ਭਰਿਆ ਈ-ਮੇਲ ਮਿਲਦੇ ਹੀ ਸੁਰੱਖਿਆ ਏਜੰਸੀਆਂ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਬੰਬ ਸਕੁਐਡ ਦੀਆਂ ਟੀਮਾਂ ਵੀ ਮੌਕੇ ’ਤੇ ਪਹੁੰਚ ਗਈਆਂ ਹਨ ਅਤੇ ਪੂਰੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।
ਜਾਣਕਾਰੀ ਮੁਤਾਬਕ ਈ-ਮੇਲ ਵਿੱਚ ‘21 ਅਗਸਤ ਪੰਜਾਬ ਬੰਦ’ ਅਤੇ ‘31 ਅਗਸਤ ਸਕੂਲ ਬੰਦ’ ਵਰਗੇ ਮੈਸੇਜ ਲਿਖੇ ਗਏ ਹਨ। ਇਸ ਦੇ ਨਾਲ ਹੀ ਧਮਕੀ ਦਿੱਤੀ ਗਈ ਹੈ ਕਿ ਜਿਹੜੇ ਸ਼ਹਿਰਾਂ ਵਿੱਚ ਬੰਦ ਨਹੀਂ ਹੋਵੇਗਾ, ਉੱਥੇ ਧਮਾਕੇ ਕੀਤੇ ਜਾਣਗੇ।
ਈ-ਮੇਲ ਵਿੱਚ ਪੰਜਾਬ ਦੇ ਡੀਜੀਪੀ ਦੇ ਨਾਂ ਦਾ ਵੀ ਜ਼ਿਕਰ ਹੋਣ ਦੀ ਗੱਲ ਸਾਹਮਣੇ ਆਈ ਹੈ। ਫਿਲਹਾਲ ਜਾਂਚ ਏਜੰਸੀਆਂ ਵੱਲੋਂ ਈ-ਮੇਲ ਭੇਜਣ ਵਾਲੇ ਦੀ ਪਛਾਣ ਅਤੇ ਇਸ ਦੇ ਸਰੋਤ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਪੰਜਾਬ ਬੰਦ ਦੇ ਵਿਚਕਾਰ ਸਾਹਮਣੇ ਆਈ ਇਸ ਧਮਕੀ ਤੋਂ ਬਾਅਦ ਸੁਰੱਖਿਆ ਪ੍ਰਬੰਧ ਹੋਰ ਸਖ਼ਤ ਕਰ ਦਿੱਤੇ ਗਏ ਹਨ ਅਤੇ ਏਜੰਸੀਆਂ ਵੱਲੋਂ ਹਰ ਪੱਖ ਤੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
