ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਮਕਸਦ ਨਾਲ ਜਲੰਧਰ ਵਿੱਚ ‘ਯੂਥ ਰਨ ਪੰਜਾਬ 2026’ ਮੈਰਾਥਨ ਦਾ ਆਯੋਜਨ ਕੀਤਾ ਗਿਆ। ਇਸ ਮੈਰਾਥਨ ਰਾਹੀਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਖੇਡਾਂ ਨੂੰ ਆਪਣੀ ਜ਼ਿੰਦਗੀ ਦਾ ਹਿੱਸਾ ਬਣਾਉਣ ਅਤੇ ਸਿਹਤਮੰਦ ਜੀਵਨਸ਼ੈਲੀ ਅਪਣਾਉਣ ਦਾ ਸੰਦੇਸ਼ ਦਿੱਤਾ ਗਿਆ।
ਮੈਰਾਥਨ ਨੂੰ ਆਮ ਆਦਮੀ ਪਾਰਟੀ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ OSD ਰਾਜਬੀਰ ਸਿੰਘ ਘੁੰਮਣ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿੱਚ ਨੌਜਵਾਨ, ਖਿਡਾਰੀ ਅਤੇ ਸਥਾਨਕ ਲੋਕ ਮੌਜੂਦ ਰਹੇ।
ਜਾਣਕਾਰੀ ਮੁਤਾਬਕ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਹਜ਼ਾਰਾਂ ਨੌਜਵਾਨਾਂ ਅਤੇ ਖਿਡਾਰੀਆਂ ਨੇ ਇਸ ਮੈਰਾਥਨ ਵਿੱਚ ਹਿੱਸਾ ਲਿਆ। ਪ੍ਰੋਗਰਾਮ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਦੀ ਬੁਰਾਈ ਤੋਂ ਦੂਰ ਰੱਖਦਿਆਂ ਉਨ੍ਹਾਂ ਨੂੰ ਖੇਡਾਂ ਅਤੇ ਫਿਟਨੈੱਸ ਵੱਲ ਪ੍ਰੇਰਿਤ ਕਰਨਾ ਹੈ।
ਮੈਰਾਥਨ ਦੌਰਾਨ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਦਾ ਸੰਦੇਸ਼ ਦਿੱਤਾ ਗਿਆ ਅਤੇ ਸਿਹਤਮੰਦ ਸਮਾਜ ਦੀ ਉਸਾਰੀ ਵਿੱਚ ਨੌਜਵਾਨਾਂ ਦੀ ਭੂਮਿਕਾ ’ਤੇ ਜ਼ੋਰ ਦਿੱਤਾ ਗਿਆ। ਆਯੋਜਕਾਂ ਦਾ ਕਹਿਣਾ ਹੈ ਕਿ ਖੇਡਾਂ ਨੌਜਵਾਨਾਂ ਨੂੰ ਸਕਾਰਾਤਮਕ ਦਿਸ਼ਾ ਦੇਣ ਦਾ ਇੱਕ ਮਜ਼ਬੂਤ ਜ਼ਰੀਆ ਹਨ ਅਤੇ ਅਜਿਹੇ ਪ੍ਰੋਗਰਾਮਾਂ ਰਾਹੀਂ ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਨੂੰ ਹੋਰ ਵਧਾਇਆ ਜਾਵੇਗਾ।
ਮੈਰਾਥਨ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਜੇਤੂਆਂ ਲਈ ₹11,000 ਤੱਕ ਦੇ ਨਕਦ ਇਨਾਮ ਰੱਖੇ ਗਏ ਹਨ। ਇਸ ਤੋਂ ਇਲਾਵਾ ਮੈਰਾਥਨ ਵਿੱਚ ਹਿੱਸਾ ਲੈਣ ਵਾਲੇ ਸਾਰੇ ਪ੍ਰਤੀਭਾਗੀਆਂ ਨੂੰ ਟੀ-ਸ਼ਰਟ ਅਤੇ ਪਾਰਟੀਸਿਪੇਸ਼ਨ ਮੈਡਲ ਵੀ ਦਿੱਤਾ ਜਾਵੇਗਾ।
