ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਲੈ ਕੇ ਭਾਜਪਾ ਵੱਲੋਂ ਲਗਾਤਾਰ ਪੰਜਾਬ ਸਰਕਾਰ ’ਤੇ ਸਵਾਲ ਚੁੱਕੇ ਜਾ ਰਹੇ ਹਨ। ਹੁਣ ਇਸ ਮੁੱਦੇ ’ਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਭਾਜਪਾ ਨੂੰ ਖੁੱਲ੍ਹਾ ਚੈਲੰਜ ਦਿੱਤਾ ਹੈ।
ਕੇਜਰੀਵਾਲ ਨੇ ਕਿਹਾ ਕਿ ਭਾਜਪਾ ਆਗੂ ਪੰਜਾਬ ਦੇ ਸਕੂਲਾਂ ਨੂੰ ਬਦਨਾਮ ਕਰਨ ਵਿੱਚ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਜੇਕਰ ਭਾਜਪਾ ਨੂੰ ਪੰਜਾਬ ਦੇ ਸਕੂਲਾਂ ਦੀ ਕਾਰਗੁਜ਼ਾਰੀ ’ਤੇ ਇੰਨਾ ਹੀ ਇਤਰਾਜ਼ ਹੈ ਤਾਂ ਉਹ ਗੁਜਰਾਤ ਦੇ 1 ਹਜ਼ਾਰ ਸਰਕਾਰੀ ਸਕੂਲਾਂ ਦੀ ਲਿਸਟ ਦੇਣ।
ਕੇਜਰੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੀ 1 ਹਜ਼ਾਰ ਸਕੂਲਾਂ ਦੀ ਲਿਸਟ ਦਿੱਤੀ ਜਾਵੇਗੀ ਅਤੇ ਦੋਵੇਂ ਸੂਬਿਆਂ ਦੇ ਸਕੂਲਾਂ ਦਾ ਮਿਲ ਕੇ ਨਿਰੀਖਣ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਨਿਰੀਖਣ ਦੌਰਾਨ ਮੀਡੀਆ ਅਤੇ ਭਾਜਪਾ ਦੇ ਆਗੂ ਵੀ ਮੌਜੂਦ ਰਹਿਣ ਅਤੇ ਦੇਖਿਆ ਜਾਵੇ ਕਿ ਪੰਜਾਬ ਤੇ ਗੁਜਰਾਤ ਵਿੱਚੋਂ ਕਿਹੜੇ ਸੂਬੇ ਦੇ ਸਕੂਲ ਬਿਹਤਰ ਹਨ।
ਭਾਜਪਾ ’ਤੇ ਤਿੱਖਾ ਹਮਲਾ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਜਿਨ੍ਹਾਂ ਨੇ ਆਪਣੇ ਸੂਬਿਆਂ ਦੇ ਸਕੂਲਾਂ ਦੀ ਹਾਲਤ ਨਹੀਂ ਸੁਧਾਰੀ, ਉਹ ਹੁਣ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।
ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਵਿੱਚ ਕਰੀਬ 19,700 ਸਰਕਾਰੀ ਸਕੂਲ ਹਨ, ਜਿਨ੍ਹਾਂ ਵਿੱਚੋਂ ਲਗਭਗ 19,200 ਸਕੂਲਾਂ ਵਿੱਚ ਸੁਧਾਰ ਦਾ ਕੰਮ ਕੀਤਾ ਜਾ ਚੁੱਕਾ ਹੈ, ਜਦਕਿ ਬਾਕੀ ਸਕੂਲਾਂ ਵਿੱਚ ਕੰਮ ਜਾਰੀ ਹੈ।
ਕੇਜਰੀਵਾਲ ਨੇ ਇਹ ਵੀ ਦਾਅਵਾ ਕੀਤਾ ਕਿ ਪੰਜਾਬ ਸਰਕਾਰੀ ਸਕੂਲਾਂ ਦੀ ਸਿੱਖਿਆ ਦੇ ਮਾਮਲੇ ਵਿੱਚ ਦੇਸ਼ ਵਿੱਚ ਪਹਿਲੇ ਨੰਬਰ ’ਤੇ ਪਹੁੰਚ ਗਿਆ ਹੈ। ਉਨ੍ਹਾਂ ਕਿਹਾ ਕਿ ਸਾਲ 2022 ਵਿੱਚ ਪੰਜਾਬ 28ਵੇਂ ਸਥਾਨ ’ਤੇ ਸੀ, ਪਰ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਸੂਬੇ ਨੇ ਵੱਡੀ ਤਰੱਕੀ ਕੀਤੀ ਹੈ ਅਤੇ ਕੇਰਲ ਨੂੰ ਵੀ ਪਿੱਛੇ ਛੱਡ ਦਿੱਤਾ ਹੈ।
ਹੁਣ ਕੇਜਰੀਵਾਲ ਦੇ ਇਸ ਓਪਨ ਚੈਲੰਜ ’ਤੇ ਭਾਜਪਾ ਵੱਲੋਂ ਕੀ ਜਵਾਬ ਦਿੱਤਾ ਜਾਂਦਾ ਹੈ, ਇਹ ਦੇਖਣਾ ਵੀ ਦਿਲਚਸਪ ਹੋਵੇਗਾ।
