2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਚਮਕੌਰ ਸਾਹਿਬ ਹਲਕੇ ਵਿੱਚ ਆਪਣਾ ਸੰਗਠਨ ਮਜ਼ਬੂਤ ਕਰਨ ਲਈ ਵੱਡਾ ਫੈਸਲਾ ਲਿਆ ਹੈ। ਪਾਰਟੀ ਵੱਲੋਂ ਜਸਵੀਰ ਸਿੰਘ ਗੜ੍ਹੀ ਨੂੰ ਚਮਕੌਰ ਸਾਹਿਬ ਦਾ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ।

ਜਸਵੀਰ ਸਿੰਘ ਗੜ੍ਹੀ ਇਸ ਸਮੇਂ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਹਨ। ਇਸ ਤੋਂ ਪਹਿਲਾਂ ਉਹ ਬਹੁਜਨ ਸਮਾਜ ਪਾਰਟੀ ਦੇ ਪੰਜਾਬ ਪ੍ਰਧਾਨ ਵਜੋਂ ਵੀ ਜ਼ਿੰਮੇਵਾਰੀ ਨਿਭਾ ਚੁੱਕੇ ਹਨ।
ਗੜ੍ਹੀ ਨੇ 1 ਜਨਵਰੀ 2025 ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਮੌਜੂਦਗੀ ਵਿੱਚ ਆਪਣੇ ਸਮਰਥਕਾਂ ਸਮੇਤ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ ਸੀ। ਇਸ ਤੋਂ ਬਾਅਦ ਮਾਰਚ 2025 ਵਿੱਚ ਉਨ੍ਹਾਂ ਨੂੰ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ।
ਚੇਅਰਮੈਨ ਵਜੋਂ ਆਪਣੇ ਕਾਰਜਕਾਲ ਦੌਰਾਨ ਜਸਵੀਰ ਸਿੰਘ ਗੜ੍ਹੀ ਅਨੁਸੂਚਿਤ ਜਾਤੀਆਂ ਨਾਲ ਜੁੜੇ ਮਾਮਲਿਆਂ ਨੂੰ ਲੈ ਕੇ ਕਈ ਵਾਰ ਸੁਰਖੀਆਂ ਵਿੱਚ ਰਹੇ ਹਨ। ਉਨ੍ਹਾਂ ਵੱਲੋਂ ਇਨ੍ਹਾਂ ਮਾਮਲਿਆਂ ਵਿੱਚ ਕਈ ਨੇਤਾਵਾਂ ਅਤੇ ਜਨ ਪ੍ਰਤੀਨਿਧੀਆਂ ਨੂੰ ਤਲਬ ਵੀ ਕੀਤਾ ਗਿਆ।
ਹੁਣ ਚਮਕੌਰ ਸਾਹਿਬ ਹਲਕੇ ਦੀ ਜ਼ਿੰਮੇਵਾਰੀ ਮਿਲਣ ਤੋਂ ਬਾਅਦ ਗੜ੍ਹੀ ਦੀ ਭੂਮਿਕਾ 2027 ਦੀਆਂ ਚੋਣਾਂ ਦੇ ਮੱਦੇਨਜ਼ਰ ਹੋਰ ਵੀ ਅਹਿਮ ਮੰਨੀ ਜਾ ਰਹੀ ਹੈ।
