ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਪੁਲਿਸ ਵਿੱਚ ਭਰਤੀ ਹੋਏ 1,746 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਹ ਸੂਬਾ ਸਰਕਾਰ ਵੱਲੋਂ ਯੋਗਤਾ ਦੇ ਆਧਾਰ ’ਤੇ ਰੋਜ਼ਗਾਰ ਦੇਣ ਅਤੇ ਪੁਲਿਸ ਬਲ ਨੂੰ ਮਜ਼ਬੂਤ ਕਰਨ ਦੀ ਮੁਹਿੰਮ ਤਹਿਤ ਇੱਕ ਹੋਰ ਇਤਿਹਾਸਕ ਕਦਮ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਪੁਲਿਸ ਬਲ ਵਿੱਚ 13,092 ਜਵਾਨ ਭਰਤੀ ਕੀਤੇ ਗਏ ਹਨ, ਜਦਕਿ 3,298 ਹੋਰ ਕਾਂਸਟੇਬਲਾਂ ਦੀ ਭਰਤੀ ਪ੍ਰਕਿਰਿਆ ਜਾਰੀ ਹੈ। ਇਸ ਦੇ ਨਾਲ ਹੀ ‘ਬਿਨਾਂ ਰਿਸ਼ਵਤ, ਬਿਨਾਂ ਸਿਫ਼ਾਰਸ਼’ ਦੇ ਆਧਾਰ ’ਤੇ ਹੁਣ ਤੱਕ 70,840 ਨੌਜਵਾਨਾਂ ਨੂੰ ਯੋਗਤਾ ਦੇ ਆਧਾਰ ’ਤੇ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ।
ਪੁਲਿਸ ਬਲ ਦੇ ਵਿਸਥਾਰ ਦੇ ਨਾਲ-ਨਾਲ ਪੰਜਾਬ ਸਰਕਾਰ ਨੇ ਇੰਸਪੈਕਟਰਾਂ, ਐੱਸ.ਆਈ. ਅਤੇ ਏ.ਐੱਸ.ਆਈ. ਦੇ 1,600 ਨਵੇਂ ਜ਼ਿਲ੍ਹਾ-ਕੈਡਰ ਅਹੁਦਿਆਂ ਨੂੰ ਵਿਭਾਗੀ ਤਰੱਕੀ ਰਾਹੀਂ ਭਰਨ ਦੀ ਮਨਜ਼ੂਰੀ ਵੀ ਦਿੱਤੀ ਹੈ। ਇਹ ਕਦਮ ਪੰਜਾਬ ਵੱਲੋਂ ਬੜੀ ਮਿਹਨਤ ਨਾਲ ਹਾਸਲ ਕੀਤੀ ਸ਼ਾਂਤੀ-ਵਿਵਸਥਾ ਨੂੰ ਕਾਇਮ ਰੱਖਣ ਅਤੇ ਅਸ਼ਾਂਤੀ, ਅੱਤਵਾਦ ਦੇ ਖ਼ਤਰੇ ਤੇ ਸੜਕ ਸੁਰੱਖਿਆ ਦੀਆਂ ਚੁਣੌਤੀਆਂ ਨਾਲ ਨਜਿੱਠਣ ਦੇ ਨਾਲ-ਨਾਲ ਪੁਲਿਸ ਬਲ ਨੂੰ ਮਜ਼ਬੂਤ ਕਰਨ ਦੀ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।
ਇਸ ਮੌਕੇ ਦੀਆਂ ਝਲਕੀਆਂ ਸਾਂਝੀਆਂ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਕਸ ’ਤੇ ਲਿਖਿਆ, “ਅੱਜ ਜਲੰਧਰ ਦੇ ਪੀ.ਏ.ਪੀ. ਗਰਾਊਂਡ ਵਿੱਚ ਪੰਜਾਬ ਪੁਲਿਸ ਵਿੱਚ ਸ਼ਾਮਲ ਹੋਣ ਵਾਲੇ 1,746 ਨੌਜਵਾਨ ਲੜਕੇ-ਲੜਕੀਆਂ ਨੂੰ ਨਿਯੁਕਤੀ ਪੱਤਰ ਸੌਂਪੇ। ਇਹ ਨੌਜਵਾਨ ‘ਬਿਨਾਂ ਰਿਸ਼ਵਤ, ਬਿਨਾਂ ਸਿਫ਼ਾਰਸ਼’, ਨਿਰੋਲ ਯੋਗਤਾ ਦੇ ਆਧਾਰ ’ਤੇ ਭਰਤੀ ਹੋਏ ਹਨ। ਪਿਛਲੇ ਲਗਭਗ ਢਾਈ ਸਾਲਾਂ ਵਿੱਚ ਸਾਡੀ ਸਰਕਾਰ 70,840 ਤੋਂ ਵੱਧ ਨੌਕਰੀਆਂ ਦੇ ਚੁੱਕੀ ਹੈ, ਜੋ ਕਿ ਇੱਕ ਇਤਿਹਾਸਕ ਉਪਲਬਧੀ ਹੈ। ਮੈਨੂੰ ਪੂਰਾ ਭਰੋਸਾ ਹੈ ਕਿ ਇਹ ਨਵੇਂ ਭਰਤੀ ਹੋਏ ਬਹਾਦਰ ਜਵਾਨ ਪੂਰੀ ਇਮਾਨਦਾਰੀ ਅਤੇ ਲਗਨ ਨਾਲ ਪੰਜਾਬ ਅਤੇ ਦੇਸ਼ ਦੀ ਰੱਖਿਆ ਕਰਨਗੇ। ਸਾਰੇ ਨੌਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਇਸ ਨਵੀਂ ਸ਼ੁਰੂਆਤ ਲਈ ਬਹੁਤ-ਬਹੁਤ ਵਧਾਈ। ਪੰਜਾਬ ਪੁਲਿਸ ਪਰਿਵਾਰ ਵਿੱਚ ਜੀ ਆਇਆਂ ਨੂੰ। ਇਨਕਲਾਬ ਜ਼ਿੰਦਾਬਾਦ।”
ਪੀ.ਏ.ਪੀ. ਗਰਾਊਂਡ ਵਿੱਚ 1,746 ਨਵੇਂ ਭਰਤੀ ਹੋਏ ਕਾਂਸਟੇਬਲਾਂ ਦੀ ਪਾਸਿੰਗ ਆਊਟ ਪਰੇਡ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੇਂ ਰੰਗਰੂਟਾਂ ਨੂੰ ਪੰਜਾਬ ਪੁਲਿਸ ਪਰਿਵਾਰ ਦਾ ਅਹਿਮ ਹਿੱਸਾ ਬਣਨ ’ਤੇ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਸਮਰਪਣ, ਪੇਸ਼ੇਵਰਤਾ ਅਤੇ ਮਿਸ਼ਨਰੀ ਭਾਵਨਾ ਨਾਲ ਲੋਕਾਂ ਦੀ ਸੇਵਾ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਆਪਣੇ ਮੁਲਾਜ਼ਮਾਂ ਨੂੰ ਸਭ ਤੋਂ ਵੱਧ ਤਨਖ਼ਾਹ ਦੇਣ ’ਤੇ ਮਾਣ ਹੈ, ਜੋ ਸੂਬਾ ਪ੍ਰਸ਼ਾਸਨ ਦੀ ਰੀੜ੍ਹ ਦੀ ਹੱਡੀ ਹਨ।
ਉਨ੍ਹਾਂ ਕਿਹਾ, “ਜੇਕਰ ਕੇਂਦਰ ਸਰਕਾਰ ਜਾਂ ਕੋਈ ਹੋਰ ਸੂਬਾ ਸਰਕਾਰ ਆਪਣੇ ਕਿਸੇ ਵੀ ਮੁਲਾਜ਼ਮ ਨੂੰ 36,000 ਰੁਪਏ ਤਨਖ਼ਾਹ ਦਿੰਦੀ ਹੈ ਤਾਂ ਪੰਜਾਬ ਸਰਕਾਰ ਆਪਣੇ ਮੁਲਾਜ਼ਮ ਨੂੰ 50,000 ਰੁਪਏ ਤਨਖ਼ਾਹ ਦਿੰਦੀ ਹੈ। ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਸੂਬਾ ਸਰਕਾਰ ਆਪਣੇ ਮੁਲਾਜ਼ਮਾਂ ਨੂੰ ਸਭ ਤੋਂ ਵੱਧ ਤਨਖ਼ਾਹ ਦਿੰਦੀ ਹੈ, ਜੋ ਸੂਬਾ ਸਰਕਾਰ ਦੀ ਰੀੜ੍ਹ ਦੀ ਹੱਡੀ ਹਨ।”
ਮੁੱਖ ਮੰਤਰੀ ਨੇ ਕਿਹਾ ਕਿ ਨਵੇਂ ਭਰਤੀ ਹੋਏ ਨੌਜਵਾਨ ਅਜਿਹੇ ਸਮੇਂ ਸਰਕਾਰ ਦੇ ਪਰਿਵਾਰ ਦਾ ਹਿੱਸਾ ਬਣ ਰਹੇ ਹਨ, ਜਦੋਂ ਸੂਬਾ ਸਰਕਾਰ ਪੂਰੇ ਪੰਜਾਬ ਵਿੱਚ ਰੋਜ਼ਗਾਰ ਦੇ ਮੌਕੇ ਪੈਦਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਹੁਣ ਤੱਕ 70,840 ਨੌਜਵਾਨਾਂ ਨੂੰ ਨਿਰੋਲ ਯੋਗਤਾ ਦੇ ਆਧਾਰ ’ਤੇ ਨੌਕਰੀਆਂ ਦਿੱਤੀਆਂ ਹਨ, ਜਿਸ ਵਿੱਚ ਪੂਰੀ ਚੋਣ ਪ੍ਰਕਿਰਿਆ ਪਾਰਦਰਸ਼ੀ, ਭ੍ਰਿਸ਼ਟਾਚਾਰ ਅਤੇ ਸਿਫ਼ਾਰਸ਼ ਤੋਂ ਮੁਕਤ ਰਹੀ ਹੈ।
ਉਨ੍ਹਾਂ ਕਿਹਾ, “ਕਈ ਨੌਜਵਾਨਾਂ ਨੇ ਆਪਣੀ ਕਾਬਲੀਅਤ ਦੇ ਦਮ ’ਤੇ ਵੱਖ-ਵੱਖ ਵਿਭਾਗਾਂ ਵਿੱਚ ਕਈ ਵਾਰ ਸਫ਼ਲਤਾਪੂਰਵਕ ਸਰਕਾਰੀ ਨੌਕਰੀਆਂ ਹਾਸਲ ਕੀਤੀਆਂ ਹਨ, ਜੋ ਸਾਡੀ ਭਰਤੀ ਪ੍ਰਕਿਰਿਆ ਦੀ ਭਰੋਸੇਯੋਗਤਾ ਨੂੰ ਦਰਸਾਉਂਦਾ ਹੈ। ਸਾਡੀ ਸਰਕਾਰ ਪੰਜਾਬ ਦੇ ਹਰ ਪਿੰਡ, ਕਸਬੇ ਅਤੇ ਸ਼ਹਿਰ ਵਿੱਚ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਵਿੱਚ ਸਫ਼ਲ ਰਹੀ ਹੈ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਤਾਜ਼ਾ ਭਰਤੀ ਨਾਲ ਪੰਜਾਬ ਪੁਲਿਸ ਹੋਰ ਮਜ਼ਬੂਤ ਹੋਈ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਫੋਰਸ ਦੇ ਵੱਖ-ਵੱਖ ਰੈਂਕਾਂ ਵਿੱਚ 13,092 ਨੌਜਵਾਨਾਂ ਦੀ ਭਰਤੀ ਕੀਤੀ ਜਾ ਚੁੱਕੀ ਹੈ, ਜਦਕਿ 3,298 ਹੋਰ ਕਾਂਸਟੇਬਲਾਂ ਦੀ ਭਰਤੀ ਪ੍ਰਕਿਰਿਆ ਜਾਰੀ ਹੈ।
ਉਨ੍ਹਾਂ ਕਿਹਾ, “ਹੁਣ ਤੋਂ ਤੁਸੀਂ ਸਰਕਾਰੀ ਪਰਿਵਾਰ ਦਾ ਅਹਿਮ ਹਿੱਸਾ ਬਣ ਗਏ ਹੋ। ਅਸੀਂ ਮਿਲ ਕੇ ਰੰਗੀਲੇ ਅਤੇ ਖੁਸ਼ਹਾਲ ਪੰਜਾਬ ਦੀ ਸ਼ਾਨ ਨੂੰ ਬਹਾਲ ਕਰਨ ਦੇ ਆਪਣੇ ਸਾਂਝੇ ਮਿਸ਼ਨ ਵਿੱਚ ਕੋਈ ਕਸਰ ਨਹੀਂ ਛੱਡਾਂਗੇ। ਇਹ ਨਾ ਤਾਂ ਪਹਿਲੀ ਉਪਲਬਧੀ ਹੈ ਅਤੇ ਨਾ ਹੀ ਆਖ਼ਰੀ ਹੋਵੇਗੀ।”
ਮੁੱਖ ਮੰਤਰੀ ਨੇ ਕਿਹਾ ਕਿ ਆਮ ਪਰਿਵਾਰਾਂ ਦੇ ਬੱਚੇ ਇਹ ਸਾਬਤ ਕਰ ਰਹੇ ਹਨ ਕਿ ਸਮਰਪਣ, ਦ੍ਰਿੜ੍ਹਤਾ ਅਤੇ ਯੋਗ ਮਾਰਗਦਰਸ਼ਨ ਨਾਲ ਉਹ ਸਭ ਤੋਂ ਚੁਣੌਤੀਪੂਰਨ ਟੀਚੇ ਵੀ ਹਾਸਲ ਕਰ ਸਕਦੇ ਹਨ।
ਉਨ੍ਹਾਂ ਕਿਹਾ, “ਤੁਸੀਂ ਦਿਖਾ ਦਿੱਤਾ ਹੈ ਕਿ ਆਮ ਪਰਿਵਾਰਾਂ ਦੇ ਬੱਚੇ ਲਗਨ, ਸਮਰਪਣ ਅਤੇ ਦ੍ਰਿੜ੍ਹਤਾ ਨਾਲ ਹਰ ਟੀਚਾ ਹਾਸਲ ਕਰ ਸਕਦੇ ਹਨ। ਮੈਨੂੰ ਉਮੀਦ ਹੈ ਕਿ ਤੁਸੀਂ ਆਉਣ ਵਾਲੇ ਸਾਲਾਂ ਵਿੱਚ ਨਵੇਂ ਕੀਰਤੀਮਾਨ ਸਥਾਪਤ ਕਰਦੇ ਰਹੋਗੇ ਅਤੇ ਪੰਜਾਬ ਦਾ ਨਾਮ ਰੌਸ਼ਨ ਕਰੋਗੇ।”
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਪੁਲਿਸ ਦੀ ਵੱਖਰੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ, “ਹਰ ਕੋਈ ਜਾਣਦਾ ਹੈ ਕਿ ਪੰਜਾਬ ਪੁਲਿਸ ਸਿਰਫ਼ ਇੱਕ ਸੂਬੇ ਦੀ ਪੁਲਿਸ ਨਹੀਂ ਹੈ, ਸਗੋਂ ਇਹ ਦੇਸ਼ ਦੀ ਪੁਲਿਸ ਹੈ, ਜੋ ਦੁਸ਼ਮਣ ਗੁਆਂਢੀ ਦੇਸ਼ ਨਾਲ ਲੱਗਦੀ 532 ਕਿਲੋਮੀਟਰ ਲੰਬੀ ਸਰਹੱਦ ਦੀ ਰੱਖਿਆ ਕਰਦੀ ਹੈ।”
ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰੱਖਿਆ ਕਰਨ ਅਤੇ ਪੰਜਾਬ ਵਿੱਚ ਸ਼ਾਂਤੀ-ਵਿਵਸਥਾ ਕਾਇਮ ਰੱਖਣ ਦੀ ਆਪਣੀ ਜ਼ਿੰਮੇਵਾਰੀ ਹਮੇਸ਼ਾ ਸਮਰਪਣ ਦੀ ਭਾਵਨਾ ਨਾਲ ਨਿਭਾਈ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੇ ਨਸ਼ਿਆਂ ਦੇ ਰੂਪ ਵਿੱਚ ਦੁੱਖ ਝੱਲਿਆ ਹੈ, ਪਰ ਸੂਬਾ ਸਰਕਾਰ ਨੇ ਇਸ ਮੁਸੀਬਤ ਨਾਲ ਫ਼ੈਸਲਾਕੁੰਨ ਢੰਗ ਨਾਲ ਨਜਿੱਠਣ ਲਈ ‘ਯੁੱਧ ਨਸ਼ਿਆਂ ਵਿਰੁੱਧ’ ਸ਼ੁਰੂ ਕੀਤਾ ਹੈ।
ਉਨ੍ਹਾਂ ਕਿਹਾ, “ਪੰਜਾਬ ਨੂੰ ਨਸ਼ਿਆਂ ਦੀ ਲਾਹਨਤ ਦੇ ਕਲੰਕ ਅਤੇ ਸੰਕਟ ਵਿੱਚੋਂ ਲੰਘਣਾ ਪਿਆ, ਪਰ ਹੁਣ ਅਸੀਂ ਨਸ਼ਾ ਅੱਤਵਾਦ (ਡਰੱਗ ਟੈਰੋਰਿਜ਼ਮ) ਖ਼ਿਲਾਫ਼ ਲੜ ਰਹੇ ਹਾਂ। ਪਿਛਲੇ ਲਗਭਗ 500 ਦਿਨਾਂ ਵਿੱਚ 70,000 ਤੋਂ ਵੱਧ ਨਸ਼ਾ ਤਸਕਰਾਂ ਨੂੰ ਜੇਲ੍ਹ ਦੀਆਂ ਸਲਾਖਾਂ ਪਿੱਛੇ ਭੇਜਿਆ ਗਿਆ ਹੈ। ਮਨੁੱਖਤਾ ਖ਼ਿਲਾਫ਼ ਇਸ ਅਪਰਾਧ ਵਿੱਚ ਸ਼ਾਮਲ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਜਾ ਰਹੀਆਂ ਹਨ ਅਤੇ ਢਾਹੀਆਂ ਜਾ ਰਹੀਆਂ ਹਨ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਪੁਲਿਸ ਨੇ ਲੋਕਾਂ ਦੇ ਸਰਗਰਮ ਸਹਿਯੋਗ ਨਾਲ ਨਸ਼ਿਆਂ ਦੀ ਕਮਰ ਤੋੜ ਦਿੱਤੀ ਹੈ ਅਤੇ ਪੰਜਾਬ ਨੂੰ ਇਸ ਕੋਹੜ ਤੋਂ ਮੁਕਤ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ।
ਨਵੇਂ ਭਰਤੀ ਹੋਏ ਪੁਲਿਸ ਮੁਲਾਜ਼ਮਾਂ ਨੂੰ ਨਸ਼ਿਆਂ ਦੇ ਖ਼ਾਤਮੇ ਵਿੱਚ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ, “ਪੰਜਾਬ ਨਸ਼ਿਆਂ ਖ਼ਿਲਾਫ਼ ਦੇਸ਼ ਦੀ ਲੜਾਈ ਲੜ ਰਿਹਾ ਹੈ ਅਤੇ ਪੰਜਾਬ ਪੁਲਿਸ ਨੇ ਹਮੇਸ਼ਾ ਨਸ਼ਿਆਂ ਦੀ ਸਪਲਾਈ ਰੋਕਣ ਲਈ ਢਾਲ ਵਜੋਂ ਕੰਮ ਕੀਤਾ ਹੈ। ਹੁਣ ਉਹ ਸਮਾਂ ਆ ਗਿਆ ਹੈ ਜਦੋਂ ਤੁਹਾਨੂੰ ਪੰਜਾਬ ਪੁਲਿਸ ਦੀ ਸ਼ਾਨਦਾਰ ਪਰੰਪਰਾ ਨੂੰ ਕਾਇਮ ਰੱਖਣਾ ਚਾਹੀਦਾ ਹੈ ਅਤੇ ਸੂਬੇ ਵਿੱਚੋਂ ਨਸ਼ਿਆਂ ਦੀ ਬਿਪਤਾ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰਨਾ ਚਾਹੀਦਾ ਹੈ।”
ਮੁੱਖ ਮੰਤਰੀ ਨੇ ਕਿਹਾ ਕਿ ਸਰਹੱਦੀ ਸੂਬਾ ਹੋਣ ਦੇ ਨਾਤੇ ਪੰਜਾਬ ਨੂੰ ਸਖ਼ਤ ਮਿਹਨਤ ਨਾਲ ਹਾਸਲ ਕੀਤੀ ਸ਼ਾਂਤੀ ਨੂੰ ਭੰਗ ਕਰਨ ਦੀਆਂ ਦੁਸ਼ਮਣ ਤਾਕਤਾਂ ਦੀਆਂ ਸਾਜ਼ਿਸ਼ਾਂ ਦਾ ਲਗਾਤਾਰ ਸਾਹਮਣਾ ਕਰਨਾ ਪੈ ਰਿਹਾ ਹੈ।
ਉਨ੍ਹਾਂ ਕਿਹਾ, “ਸੂਬੇ ਦੇ ਕਈ ਦੁਸ਼ਮਣ ਤੱਤ ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰਨ ਲਈ ਨਾਪਾਕ ਸਾਜ਼ਿਸ਼ਾਂ ਘੜਦੇ ਰਹੇ ਹਨ, ਪਰ ਪੰਜਾਬ ਪੁਲਿਸ ਨੇ ਹਮੇਸ਼ਾ ਅਜਿਹੀਆਂ ਕੋਸ਼ਿਸ਼ਾਂ ਨੂੰ ਨਾਕਾਮ ਕੀਤਾ ਹੈ।”
ਉਨ੍ਹਾਂ ਅੱਗੇ ਕਿਹਾ ਕਿ ਪੁਲਿਸ ਫੋਰਸ ਨੂੰ ਜਾਂਚ, ਵਿਗਿਆਨ ਅਤੇ ਤਕਨਾਲੋਜੀ ਦੇ ਖੇਤਰ ਵਿੱਚ ਆਧੁਨਿਕ ਲੋੜਾਂ ਅਨੁਸਾਰ ਲਗਾਤਾਰ ਆਪਣੇ ਆਪ ਨੂੰ ਅਪਗ੍ਰੇਡ ਕਰਨਾ ਚਾਹੀਦਾ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਮੀਦ ਜਤਾਈ ਕਿ ਪੰਜਾਬ ਪੁਲਿਸ ਪੂਰੀ ਪੇਸ਼ੇਵਰ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ ਕਰਨ ਦੀ ਆਪਣੀ ਸ਼ਾਨਦਾਰ ਵਿਰਾਸਤ ਨੂੰ ਕਾਇਮ ਰੱਖੇਗੀ ਅਤੇ ਨਵੇਂ ਭਰਤੀ ਹੋਏ ਜਵਾਨ ਆਪਣੇ ਪੁਰਖਿਆਂ ਵੱਲੋਂ ਸਥਾਪਤ ਕੀਤੇ ਉੱਚ ਆਦਰਸ਼ਾਂ ’ਤੇ ਚੱਲਣਗੇ।
ਨਵੇਂ ਭਰਤੀ ਹੋਏ ਪੁਲਿਸ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਪੁਲਿਸ ਵਿੱਚ ਸ਼ਾਮਲ ਹੋਣਾ ਇੱਕ ਮਹੱਤਵਪੂਰਨ ਮੌਕਾ ਹੈ ਅਤੇ ਉਨ੍ਹਾਂ ਨੂੰ ਆਪਣੀ ਡਿਊਟੀ ਪੂਰੀ ਲਗਨ, ਮਿਹਨਤ ਅਤੇ ਵਚਨਬੱਧਤਾ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ।
ਉਨ੍ਹਾਂ ਕਿਹਾ, “ਤੁਹਾਨੂੰ ਆਮ ਲੋਕਾਂ ਦੇ ਦੁੱਖ-ਦਰਦ ਘਟਾਉਣ ਅਤੇ ਉਨ੍ਹਾਂ ਨੂੰ ਇਨਸਾਫ਼ ਦਿਵਾਉਣ ਵਿੱਚ ਸਰਗਰਮ ਭੂਮਿਕਾ ਨਿਭਾਉਣੀ ਚਾਹੀਦੀ ਹੈ। ਤੁਹਾਡਾ ਸਭ ਤੋਂ ਪਹਿਲਾ ਫ਼ਰਜ਼ ਲੋਕਾਂ ਦੀ ਭਲਾਈ ਹੋਣਾ ਚਾਹੀਦਾ ਹੈ ਤਾਂ ਜੋ ਸਮਾਜ ਦੇ ਹਰ ਵਰਗ ਨੂੰ ਤੁਹਾਡੀ ਸੇਵਾ ਦਾ ਲਾਭ ਮਿਲ ਸਕੇ।”
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਅਪਰਾਧੀਆਂ ਦਾ ਮੁਕਾਬਲਾ ਕਰਨ ਲਈ ਪੁਲਿਸ ਫੋਰਸ ਨੂੰ ਵਿਗਿਆਨਕ ਆਧਾਰ ’ਤੇ ਅਪਗ੍ਰੇਡ ਕਰਨ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਸਾਲ 2022 ਤੋਂ ਹੁਣ ਤੱਕ ਪੁਲਿਸ ਫੋਰਸ ਨੂੰ ਮਜ਼ਬੂਤ ਅਤੇ ਆਧੁਨਿਕ ਬਣਾਉਣ ਲਈ 15,000 ਤੋਂ ਵੱਧ ਨਿਯੁਕਤੀ ਪੱਤਰ ਜਾਰੀ ਕੀਤੇ ਜਾ ਚੁੱਕੇ ਹਨ, ਜਦਕਿ ਜਵਾਨਾਂ ਨੂੰ ਆਪਣੀ ਡਿਊਟੀ ਸੁਚਾਰੂ ਢੰਗ ਨਾਲ ਨਿਭਾਉਣ ਲਈ ਨਵੇਂ ਅਤੇ ਆਧੁਨਿਕ ਵਾਹਨ ਵੀ ਮੁਹੱਈਆ ਕਰਵਾਏ ਗਏ ਹਨ।
ਉਨ੍ਹਾਂ ਇਹ ਵੀ ਦੱਸਿਆ ਕਿ ਸਰਕਾਰ ਨੇ ਪੰਜਾਬ ਪੁਲਿਸ ਵਿੱਚ ਜ਼ਿਲ੍ਹਾ ਕੈਡਰ ਦੇ 1,600 ਨਵੇਂ ਅਹੁਦਿਆਂ ਨੂੰ ਮਨਜ਼ੂਰੀ ਦਿੱਤੀ ਹੈ, ਜਿਨ੍ਹਾਂ ਵਿੱਚ 150 ਇੰਸਪੈਕਟਰ, 450 ਸਬ-ਇੰਸਪੈਕਟਰ ਅਤੇ 1,000 ਸਹਾਇਕ ਸਬ-ਇੰਸਪੈਕਟਰ ਸ਼ਾਮਲ ਹਨ। ਇਹ ਅਹੁਦੇ ਵਿਭਾਗੀ ਤਰੱਕੀ ਰਾਹੀਂ ਭਰੇ ਜਾਣਗੇ ਤਾਂ ਜੋ ਸੇਵਾ ਨਿਭਾ ਰਹੇ ਪੁਲਿਸ ਮੁਲਾਜ਼ਮਾਂ ਨੂੰ ਕਰੀਅਰ ਵਿੱਚ ਅੱਗੇ ਵਧਣ ਦੇ ਮੌਕੇ ਮਿਲ ਸਕਣ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪਹਿਲੀ ਵਾਰ ਪੁਲਿਸ ਅਧਿਕਾਰੀਆਂ ਨੂੰ ਉਨ੍ਹਾਂ ਦੀ ਯੋਗਤਾ ਅਤੇ ਵਾਰੀ ਦੇ ਅਨੁਸਾਰ ਤਰੱਕੀਆਂ ਦਿੱਤੀਆਂ ਜਾ ਰਹੀਆਂ ਹਨ। ਅਸੀਂ ਫੋਰਸ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹਾਂ ਤਾਂ ਜੋ ਸਾਡੇ ਪੁਲਿਸ ਮੁਲਾਜ਼ਮ ਆਪਣੀ ਡਿਊਟੀ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਨਿਭਾ ਸਕਣ।”
ਸਰਕਾਰ ਦੇ ਸੜਕ ਸੁਰੱਖਿਆ ਉਪਰਾਲਿਆਂ ’ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੇ ਸੂਬਾਈ ਅਤੇ ਕੌਮੀ ਰਾਜਮਾਰਗਾਂ ’ਤੇ ਸੁਰੱਖਿਆ ਵਧਾਉਣ ਅਤੇ ਕੀਮਤੀ ਜਾਨਾਂ ਬਚਾਉਣ ਲਈ ਦੇਸ਼ ਦੀ ਪਹਿਲੀ ਸਮਰਪਿਤ ‘ਸੜਕ ਸੁਰੱਖਿਆ ਫੋਰਸ’ (SSF) ਦੀ ਸ਼ੁਰੂਆਤ ਕੀਤੀ ਹੈ।
ਉਨ੍ਹਾਂ ਦੱਸਿਆ ਕਿ ਇਸ ਫੋਰਸ ਲਈ ਲੜਕੀਆਂ ਸਮੇਤ ਵਿਸ਼ੇਸ਼ ਤੌਰ ’ਤੇ ਸਿਖਲਾਈ ਪ੍ਰਾਪਤ ਜਵਾਨਾਂ ਦੀ ਭਰਤੀ ਕੀਤੀ ਗਈ ਹੈ ਅਤੇ ਉਨ੍ਹਾਂ ਨੂੰ ਆਧੁਨਿਕ ਵਾਹਨਾਂ ਨਾਲ ਲੈਸ ਕੀਤਾ ਗਿਆ ਹੈ। ਇਹ ਫੋਰਸ ਲਗਭਗ 4,200 ਕਿਲੋਮੀਟਰ ਦੇ ਹਾਦਸਿਆਂ ਦੀ ਸੰਭਾਵਨਾ ਵਾਲੇ ਰਾਜਮਾਰਗਾਂ ’ਤੇ ਤਾਇਨਾਤ ਕੀਤੀ ਗਈ ਹੈ। ਸਰਕਾਰੀ ਰਿਪੋਰਟ ਮੁਤਾਬਕ ਇਸ ਫੋਰਸ ਦੇ ਗਠਨ ਨਾਲ ਸੜਕ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਵਿੱਚ 52.87 ਫ਼ੀਸਦੀ ਦੀ ਕਮੀ ਆਈ ਹੈ।
ਉਨ੍ਹਾਂ ਕਿਹਾ, “ਹਾਈਵੇਅ ’ਤੇ ਬਿਹਤਰ ਸੁਰੱਖਿਆ ਯਕੀਨੀ ਬਣਾਉਣ ਅਤੇ ਕੀਮਤੀ ਜਾਨਾਂ ਬਚਾਉਣ ਲਈ ਐੱਸ.ਐੱਸ.ਐੱਫ. ਦੇਸ਼ ਵਿੱਚ ਆਪਣੀ ਕਿਸਮ ਦੀ ਪਹਿਲੀ ਪਹਿਲ ਹੈ। ਇਹ ਨੌਜਵਾਨ ਜਵਾਨ ਇਸ ਫੋਰਸ ਦੀ ਰੀੜ੍ਹ ਦੀ ਹੱਡੀ ਵਜੋਂ ਕੰਮ ਕਰ ਰਹੇ ਹਨ ਅਤੇ ਸਾਡੀਆਂ ਸੜਕਾਂ ਨੂੰ ਸੁਰੱਖਿਅਤ ਬਣਾਉਣ ਲਈ ਯਤਨਸ਼ੀਲ ਹਨ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਫੋਰਸ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਲਈ ਵੀ ਰੋਕ ਵਜੋਂ ਕੰਮ ਕਰ ਰਹੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਵੀ ਸੰਸਦ ਵਿੱਚ ਸੂਬਾ ਸਰਕਾਰ ਦੀ ਇਸ ਪਹਿਲ ਦੀ ਸ਼ਲਾਘਾ ਕੀਤੀ ਸੀ।
ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ, “ਹੁਣ ਤੁਸੀਂ ਸਰਕਾਰ ਦਾ ਅਹਿਮ ਹਿੱਸਾ ਬਣ ਗਏ ਹੋ। ਮਿਸ਼ਨਰੀ ਭਾਵਨਾ ਨਾਲ ਲੋਕਾਂ ਦੀ ਸੇਵਾ ਕਰੋ ਅਤੇ ਸਮਾਜ ਦੇ ਲੋੜਵੰਦ ਤੇ ਪੱਛੜੇ ਵਰਗਾਂ ਦੀ ਮਦਦ ਲਈ ਆਪਣੀ ਕਲਮ ਅਤੇ ਆਪਣੇ ਅਹੁਦੇ ਦੀ ਵਰਤੋਂ ਕਰੋ।”
ਇਸ ਮੌਕੇ ਕੈਬਨਿਟ ਮੰਤਰੀ ਮਹਿੰਦਰ ਭਗਤ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਡੀ.ਜੀ.ਪੀ. ਗੌਰਵ ਯਾਦਵ ਅਤੇ ਹੋਰ ਸ਼ਖ਼ਸੀਅਤਾਂ ਵੀ ਮੌਜੂਦ ਸਨ।
