ਪੰਜਾਬ ਨੂੰ ਕੂੜਾ-ਕਰਕਟ ਮੁਕਤ ਬਣਾਉਣ ਦੀ ਦਿਸ਼ਾ ਵਿੱਚ ਇੱਕ ਵੱਡਾ ਕਦਮ ਚੁੱਕਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸੂਬੇ ਭਰ ਵਿੱਚ ਸਾਰੇ ਗਾਰਬੇਜ ਵਲਨਰੇਬਲ ਪੁਆਇੰਟਸ (ਜੀ.ਵੀ.ਪੀ.) ਨੂੰ ਖ਼ਤਮ ਕਰਨ ਲਈ 29 ਅਗਸਤ ਤੋਂ 7 ਸਤੰਬਰ ਤੱਕ 10 ਦਿਨਾਂ ਦਾ ਵਿਸ਼ੇਸ਼ ਸਫ਼ਾਈ ਅਭਿਆਨ ਚਲਾਉਣ ਦਾ ਐਲਾਨ ਕੀਤਾ ਹੈ।
ਅੱਜ ਇੱਥੇ ਪੰਜਾਬ ਭਵਨ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ 10 ਦਿਨਾਂ ਦਾ ਅਭਿਆਨ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ‘ਮਿਸ਼ਨ ਕਲੀਨ ਪੰਜਾਬ’ ਪਹਿਲਕਦਮੀ ਨੂੰ ਹੋਰ ਗਤੀ ਦੇਵੇਗਾ। ਇਸ ਤਹਿਤ ਸੀਨੀਅਰ ਅਧਿਕਾਰੀ ਪਹਿਲਾਂ ਹੀ ਰੋਜ਼ਾਨਾ ਸਵੇਰੇ 7 ਵਜੇ ਤੋਂ 8 ਵਜੇ ਤੱਕ ਜ਼ਮੀਨੀ ਪੱਧਰ ’ਤੇ ਨਿਰੀਖਣ ਕਰ ਰਹੇ ਹਨ।
ਸ. ਬੈਂਸ ਨੇ ਕਿਹਾ, “ਪੰਜਾਬ ਸਾਡੇ ਗੁਰੂਆਂ ਅਤੇ ਸੰਤਾਂ ਦੀ ਪਵਿੱਤਰ ਧਰਤੀ ਹੈ ਅਤੇ ਇਸ ਦੇ ਕਣ-ਕਣ ਵਿੱਚ ਅਧਿਆਤਮਿਕਤਾ ਵਸੀ ਹੋਈ ਹੈ। ਇਸ ਨੂੰ ਸਾਫ਼, ਸੁੰਦਰ ਅਤੇ ਸਵੱਛ ਰੱਖਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਇਸ ਅਭਿਆਨ ਵਿੱਚ ਸਾਰੇ ਵਿਧਾਇਕ, ਡਿਪਟੀ ਕਮਿਸ਼ਨਰ, ਨਗਰ ਨਿਗਮ ਕਮਿਸ਼ਨਰ, ਵਧੀਕ ਡਿਪਟੀ ਕਮਿਸ਼ਨਰ, ਈ.ਓ. ਅਤੇ ਗੈਰ-ਸਰਕਾਰੀ ਸੰਸਥਾਵਾਂ ਹਿੱਸਾ ਲੈਣਗੀਆਂ।”
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ‘ਐੱਮ-ਸੇਵਾ’ ਐਪ ਰਾਹੀਂ ਨਾਗਰਿਕ ਵੀ ਆਪਣੇ ਇਲਾਕਿਆਂ ਵਿੱਚ ਗਾਰਬੇਜ ਵਲਨਰੇਬਲ ਪੁਆਇੰਟਸ (ਜੀ.ਵੀ.ਪੀ.) ਦੀਆਂ ਤਸਵੀਰਾਂ ਅਪਲੋਡ ਕਰਕੇ ਇਸ ਅਭਿਆਨ ਵਿੱਚ ਹਿੱਸੇਦਾਰ ਬਣ ਸਕਦੇ ਹਨ। ਹਰ ਸ਼ਿਕਾਇਤ ਲਈ ਇੱਕ ਵੱਖਰੀ ਆਈ.ਡੀ. ਤਿਆਰ ਹੋਵੇਗੀ, ਜਿਸ ਰਾਹੀਂ ਨਾਗਰਿਕ ਆਪਣੀ ਸ਼ਿਕਾਇਤ ਨੂੰ ਟ੍ਰੈਕ ਕਰ ਸਕਣਗੇ ਅਤੇ ਸਬੰਧਤ ਸਥਾਨ ਦੀ ਸਫ਼ਾਈ ਯਕੀਨੀ ਬਣਾਉਣ ਲਈ ਤੁਰੰਤ ਕਾਰਵਾਈ ਕੀਤੀ ਜਾਵੇਗੀ।
ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਕਿਹਾ ਕਿ ਇਹ ਅਭਿਆਨ ਹਰੇਕ ਸ਼ਹਿਰ ਅਤੇ ਕਸਬੇ ਵਿੱਚ ਕੂੜਾ-ਕਰਕਟ ਇਕੱਠਾ ਹੋਣ ਵਾਲੇ ਸਥਾਨਾਂ ਦੀ ਪੂਰੀ ਤਰ੍ਹਾਂ ਸਫ਼ਾਈ ਕਰਨ ’ਤੇ ਕੇਂਦਰਿਤ ਹੋਵੇਗਾ। ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਵਰਗੇ ਵੱਡੇ ਸ਼ਹਿਰਾਂ ਵਿੱਚ 600 ਅਤੇ ਪਟਿਆਲਾ ਵਿੱਚ ਲਗਭਗ 450 ਜੀ.ਵੀ.ਪੀ. ਦੀ ਪਛਾਣ ਕੀਤੀ ਗਈ ਹੈ।
ਸ. ਬੈਂਸ ਨੇ ਕਿਹਾ, “ਅਗਲੇ 10 ਦਿਨਾਂ ਦੌਰਾਨ ਸਾਰੇ ਵਿਧਾਇਕ ਅਤੇ ਅਧਿਕਾਰੀ ਜੀ.ਵੀ.ਪੀ. ਖ਼ਤਮ ਕਰਨ ਲਈ ਹਰ ਰੋਜ਼ ਸਵੇਰੇ ਜ਼ਮੀਨੀ ਪੱਧਰ ’ਤੇ ਨਿਰੀਖਣ ਕਰਨਗੇ। ਮੈਂ ਖ਼ੁਦ ਵੀ ਫੀਲਡ ਵਿੱਚ ਮੌਜੂਦ ਰਹਾਂਗਾ।”
ਸ. ਹਰਜੋਤ ਸਿੰਘ ਬੈਂਸ ਨੇ ਨਾਗਰਿਕਾਂ ਨੂੰ ਇਸ ਮਿਸ਼ਨ ਨਾਲ ਜੁੜਨ ਦੀ ਅਪੀਲ ਕਰਦਿਆਂ ਕਿਹਾ ਕਿ ਇਹ ਮਹਿਜ਼ ਸਰਕਾਰੀ ਅਭਿਆਨ ਨਹੀਂ, ਸਗੋਂ ਇੱਕ ਜਨ ਅੰਦੋਲਨ ਹੈ। ਉਨ੍ਹਾਂ ਸਫ਼ਾਈ ਕਰਮਚਾਰੀਆਂ ਦੇ ਸਨਮਾਨ ’ਤੇ ਵਿਸ਼ੇਸ਼ ਜ਼ੋਰ ਦਿੰਦਿਆਂ ਕਿਹਾ ਕਿ ਇਹ ਯਕੀਨੀ ਬਣਾਉਣਾ ਸਾਡਾ ਫ਼ਰਜ਼ ਹੈ ਕਿ ਸਾਡੇ ਗੈਰ-ਜ਼ਿੰਮੇਵਾਰਾਨਾ ਵਿਹਾਰ ਕਾਰਨ ਉਨ੍ਹਾਂ ਦੀ ਮਿਹਨਤ ਵਿਅਰਥ ਨਾ ਜਾਵੇ।
ਉਨ੍ਹਾਂ ਅੰਮ੍ਰਿਤਸਰ ਵਿੱਚ ਸਫ਼ਾਈ ਅਭਿਆਨ ਦੌਰਾਨ ਦੇਰ ਰਾਤ ਕੀਤੇ ਗਏ ਨਿਰੀਖਣ ਦਾ ਜ਼ਿਕਰ ਕਰਦਿਆਂ ਸਫ਼ਾਈ ਸੇਵਕਾਂ ਦੇ ਸਨਮਾਨ ’ਤੇ ਵਿਸ਼ੇਸ਼ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸਫ਼ਾਈ ਸੇਵਕ ਕਿਸੇ ਖੇਤਰ ਨੂੰ ਪੂਰੀ ਤਰ੍ਹਾਂ ਸਾਫ਼ ਕਰ ਦਿੰਦੇ ਹਨ, ਪਰ ਕੁਝ ਸਮੇਂ ਬਾਅਦ ਉੱਥੇ ਮੁੜ ਕੂੜਾ ਸੁੱਟ ਦਿੱਤਾ ਜਾਂਦਾ ਹੈ।
ਸ. ਬੈਂਸ ਨੇ ਕਿਹਾ, “ਸਾਨੂੰ ਆਪਣੇ ਸਫ਼ਾਈ ਸੇਵਕਾਂ ਦਾ ਸਾਥ ਦੇਣਾ ਚਾਹੀਦਾ ਹੈ। ਇਹ ਯਕੀਨੀ ਬਣਾਉਣਾ ਸਾਡਾ ਫ਼ਰਜ਼ ਹੈ ਕਿ ਸਾਡੇ ਗੈਰ-ਜ਼ਿੰਮੇਵਾਰਾਨਾ ਵਿਹਾਰ ਕਾਰਨ ਉਨ੍ਹਾਂ ਦੀ ਮਿਹਨਤ ਵਿਅਰਥ ਨਾ ਜਾਵੇ।”
ਮੰਤਰੀ ਹਰਜੋਤ ਸਿੰਘ ਬੈਂਸ ਨੇ ਲੋਕਾਂ ਨੂੰ ਐੱਮ-ਸੇਵਾ ਐਪ ਡਾਊਨਲੋਡ ਕਰਨ, ਆਪਣੇ ਇਲਾਕਿਆਂ ਵਿੱਚ ਗਾਰਬੇਜ ਵਲਨਰੇਬਲ ਪੁਆਇੰਟਸ ਦੀਆਂ ਤਸਵੀਰਾਂ ਅਪਲੋਡ ਕਰਨ ਅਤੇ ਸਫ਼ਾਈ ਅਭਿਆਨ ਦੀ ਨਿਗਰਾਨੀ ਲਈ ਹਰੇਕ ਸ਼ਿਕਾਇਤ ਲਈ ਤਿਆਰ ਕੀਤੀ ਗਈ ਵਿਸ਼ੇਸ਼ ਆਈ.ਡੀ. ਦੀ ਵਰਤੋਂ ਕਰਨ ਦੀ ਅਪੀਲ ਕੀਤੀ।
ਉਨ੍ਹਾਂ ਨਾਗਰਿਕਾਂ ਨੂੰ ਆਪਣੇ ਆਲੇ-ਦੁਆਲੇ ਦੇ ਇਲਾਕਿਆਂ ਅਤੇ ਮੁਹੱਲਿਆਂ ਵਿੱਚ ਸਫ਼ਾਈ ਗਤੀਵਿਧੀਆਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਅਤੇ ਇਸ ਅਭਿਆਨ ਨੂੰ ਜਨ ਅੰਦੋਲਨ ਬਣਾਉਣ ਦਾ ਵੀ ਸੱਦਾ ਦਿੱਤਾ।
ਉਨ੍ਹਾਂ ਕਿਹਾ, “ਪੂਰੇ ਅਭਿਆਨ ਦੀ ਇੱਕ ਸਮਰਪਿਤ ਪ੍ਰਣਾਲੀ ਰਾਹੀਂ ਨਿਗਰਾਨੀ ਕੀਤੀ ਜਾਵੇਗੀ। ਹਰੇਕ ਨਗਰ ਨਿਗਮ ਅਤੇ ਨਗਰ ਕੌਂਸਲ ਵਿੱਚ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਜਾਵੇਗਾ, ਤਾਂ ਜੋ ਚਿੰਨ੍ਹਿਤ ਕੀਤੇ ਗਏ ਪੁਆਇੰਟਸ ਦਾ ਪ੍ਰਭਾਵਸ਼ਾਲੀ ਅਤੇ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਇਆ ਜਾ ਸਕੇ।”
