ਨੇਪਾਲ ਵਿੱਚ ਆਏ ਭਿਆਨਕ ਹੜ੍ਹਾਂ ਨੇ ਭਾਰੀ ਤਬਾਹੀ ਮਚਾਈ ਹੈ। ਹੜ੍ਹ ਅਤੇ ਜ਼ਮੀਨ ਖਿਸਕਣ ਦੀ ਇਸ ਆਫ਼ਤ ਵਿੱਚ ਮਰਨ ਵਾਲਿਆਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ। ਨੇਪਾਲ ਦੀਆਂ ਡਿਜ਼ਾਸਟਰ ਮੈਨੇਜਮੈਂਟ ਅਥਾਰਟੀਆਂ ਮੁਤਾਬਕ ਹੁਣ ਤੱਕ 626 ਲੋਕਾਂ ਦੀ ਮੌਤ ਦੀ ਪੁਸ਼ਟੀ ਹੋ ਚੁੱਕੀ ਹੈ, ਜਦਕਿ 2,426 ਲੋਕ ਅਜੇ ਵੀ ਲਾਪਤਾ ਹਨ।
ਨੇਪਾਲ-ਚੀਨ ਸਰਹੱਦ ਨਾਲ ਲੱਗਦੇ ਇਲਾਕਿਆਂ ਵਿੱਚ ਹੜ੍ਹ ਨੇ ਸਭ ਤੋਂ ਵੱਧ ਤਬਾਹੀ ਮਚਾਈ ਹੈ। ਕਈ ਸੜਕਾਂ, ਪੁਲ ਅਤੇ ਇਮਾਰਤਾਂ ਪਾਣੀ ਅਤੇ ਮਲਬੇ ਦੀ ਲਪੇਟ ਵਿੱਚ ਆ ਗਈਆਂ ਹਨ। ਰਾਹਤ ਅਤੇ ਬਚਾਅ ਟੀਮਾਂ ਵੱਲੋਂ ਪ੍ਰਭਾਵਿਤ ਇਲਾਕਿਆਂ ਵਿੱਚ ਲਗਾਤਾਰ ਸਰਚ ਆਪਰੇਸ਼ਨ ਚਲਾਇਆ ਜਾ ਰਿਹਾ ਹੈ।
ਚਿਤਵਾਨ ਜ਼ਿਲ੍ਹਾ ਵੀ ਹੜ੍ਹ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਇੱਥੇ ਹੁਣ ਤੱਕ 233 ਲਾਸ਼ਾਂ ਬਰਾਮਦ ਕੀਤੀਆਂ ਜਾ ਚੁੱਕੀਆਂ ਹਨ। ਵੱਡੀ ਗਿਣਤੀ ਵਿੱਚ ਮਿਲੀਆਂ ਲਾਸ਼ਾਂ ਦੀ ਪਛਾਣ ਕਰਨਾ ਵੀ ਅਧਿਕਾਰੀਆਂ ਲਈ ਵੱਡੀ ਚੁਣੌਤੀ ਬਣਿਆ ਹੋਇਆ ਹੈ। ਇਸ ਲਈ DNA ਸੈਂਪਲ ਇਕੱਠੇ ਕੀਤੇ ਜਾ ਰਹੇ ਹਨ ਅਤੇ ਪਛਾਣ ਦੀ ਪ੍ਰਕਿਰਿਆ ਜਾਰੀ ਹੈ।
ਇਸ ਤਬਾਹੀ ਦਾ ਅਸਰ ਵਿਦੇਸ਼ੀ ਨਾਗਰਿਕਾਂ ’ਤੇ ਵੀ ਪਿਆ ਹੈ। ਨੇਪਾਲ ਦੇ ਵਿਦੇਸ਼ ਮੰਤਰਾਲੇ ਵੱਲੋਂ ਜਾਰੀ ਜਾਣਕਾਰੀ ਮੁਤਾਬਕ ਭਾਰਤ ਸਮੇਤ ਕਈ ਦੇਸ਼ਾਂ ਦੇ ਨਾਗਰਿਕ ਲਾਪਤਾ ਲੋਕਾਂ ਵਿੱਚ ਸ਼ਾਮਲ ਹਨ। ਸਰਕਾਰੀ ਸੂਚੀ ਵਿੱਚ ਭਾਰਤ ਦੇ 178 ਨਾਗਰਿਕ ਦਰਜ ਹਨ, ਜਿਨ੍ਹਾਂ ਵਿੱਚੋਂ 11 ਦੇ ਮਿਲਣ ਦੀ ਪੁਸ਼ਟੀ ਹੋਈ ਹੈ।
ਉੱਧਰ ਖ਼ਰਾਬ ਮੌਸਮ ਕਾਰਨ ਹੈਲੀਕਾਪਟਰ ਰਾਹੀਂ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਵੀ ਮੁਸ਼ਕਲਾਂ ਆ ਰਹੀਆਂ ਹਨ। ਇਸ ਦੇ ਬਾਵਜੂਦ ਜ਼ਮੀਨੀ ਪੱਧਰ ’ਤੇ ਫੌਜ, ਪੁਲਿਸ ਅਤੇ ਬਚਾਅ ਟੀਮਾਂ ਲਾਪਤਾ ਲੋਕਾਂ ਦੀ ਭਾਲ ਵਿੱਚ ਜੁਟੀਆਂ ਹੋਈਆਂ ਹਨ। ਕਈ ਥਾਵਾਂ ’ਤੇ ਮਲਬਾ ਹਟਾ ਕੇ ਸੜਕਾਂ ਨੂੰ ਮੁੜ ਖੋਲ੍ਹਣ ਦੀ ਕੋਸ਼ਿਸ਼ ਵੀ ਜਾਰੀ ਹੈ।
ਨੇਪਾਲ ਵਿੱਚ ਬਣੀ ਇਸ ਆਫ਼ਤ ਦਾ ਖ਼ਤਰਾ ਅਜੇ ਟਲਿਆ ਨਹੀਂ ਹੈ। ਹਿਮਾਲਿਆਈ ਇਲਾਕਿਆਂ ਵਿੱਚ ਬਣੀਆਂ ਅਸਥਿਰ ਝੀਲਾਂ ਅਤੇ ਮਲਬੇ ਕਾਰਨ ਹੋਰ ਹੜ੍ਹ ਜਾਂ ਜ਼ਮੀਨ ਖਿਸਕਣ ਦਾ ਖ਼ਤਰਾ ਬਣਿਆ ਹੋਇਆ ਹੈ। ਇਸ ਲਈ ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਉਣ ਦੇ ਨਾਲ-ਨਾਲ ਰਾਹਤ ਕਾਰਜ ਵੀ ਤੇਜ਼ ਕੀਤੇ ਜਾ ਰਹੇ ਹਨ।
ਇਸ ਭਿਆਨਕ ਆਫ਼ਤ ਤੋਂ ਬਾਅਦ ਭਾਰਤ ਵੱਲੋਂ ਵੀ ਨੇਪਾਲ ਦੀ ਮਦਦ ਲਈ ਰਾਹਤ ਅਤੇ ਵਿਸ਼ੇਸ਼ ਬਚਾਅ ਟੀਮਾਂ ਭੇਜਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸ ਵੇਲੇ ਸਭ ਤੋਂ ਵੱਡੀ ਚੁਣੌਤੀ ਲਾਪਤਾ ਲੋਕਾਂ ਨੂੰ ਲੱਭਣਾ ਅਤੇ ਪ੍ਰਭਾਵਿਤ ਲੋਕਾਂ ਤੱਕ ਰਾਹਤ ਸਮੱਗਰੀ ਪਹੁੰਚਾਉਣਾ ਹੈ।
