ਪੰਜਾਬ ਦੇ ਸਰਕਾਰੀ ਕਰਮਚਾਰੀਆਂ ਦੇ ਡੀਏ ਦੇ ਮੁੱਦੇ ਨੂੰ ਲੈ ਕੇ ਵੀਰਵਾਰ ਨੂੰ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਡਾ. ਬਲਜੀਤ ਕੌਰ ਨਾਲ ਅਹਿਮ ਪ੍ਰੈੱਸ ਕਾਨਫਰੰਸ ਕੀਤੀ।
ਇਸ ਦੌਰਾਨ ਅਮਨ ਅਰੋੜਾ ਨੇ ਕਿਹਾ ਕਿ ਕਰਮਚਾਰੀ ਕਿਸੇ ਵੀ ਸਰਕਾਰ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ। ਉਨ੍ਹਾਂ ਕਿਹਾ ਕਿ ਕਰਮਚਾਰੀ ਅਤੇ ਚੁਣੇ ਹੋਏ ਨੁਮਾਇੰਦੇ ਇੱਕੋ ਸਿੱਕੇ ਦੇ ਦੋ ਪਹਿਲੂ ਹਨ। ਨਾਲ ਹੀ ਉਨ੍ਹਾਂ ਨੇ ਕਰਮਚਾਰੀਆਂ ਨੂੰ ਗੁੰਮਰਾਹ ਕੀਤੇ ਜਾਣ ’ਤੇ ਦੁੱਖ ਜ਼ਾਹਰ ਕੀਤਾ।
ਅਮਨ ਅਰੋੜਾ ਨੇ ਕਿਹਾ ਕਿ ਕਰਮਚਾਰੀ ਸਰਕਾਰ ਦੇ ਪਰਿਵਾਰ ਦਾ ਹਿੱਸਾ ਸਨ ਅਤੇ ਅੱਗੇ ਵੀ ਰਹਿਣਗੇ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਕਰਮਚਾਰੀਆਂ ਦੇ ਹਿੱਤਾਂ ਦੇ ਨਾਲ-ਨਾਲ ਪੰਜਾਬ ਦੇ 3 ਕਰੋੜ ਲੋਕਾਂ ਦੇ ਹਿੱਤਾਂ ਦਾ ਵੀ ਧਿਆਨ ਰੱਖਣਾ ਪੈਂਦਾ ਹੈ।
ਡੀਏ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਰਮਚਾਰੀਆਂ ਨੂੰ 42 ਫੀਸਦੀ ਡੀਏ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਵੱਲੋਂ ਵੱਧ ਡੀਏ ਦਿੱਤਾ ਜਾ ਰਿਹਾ ਹੈ ਤਾਂ ਇਸਦਾ ਇਹ ਮਤਲਬ ਨਹੀਂ ਕਿ ਪੰਜਾਬ ਸਰਕਾਰ ਵੀ ਉਸੇ ਅਨੁਪਾਤ ਵਿੱਚ ਡੀਏ ਦੇ ਸਕਦੀ ਹੈ।
ਉਨ੍ਹਾਂ ਕਿਹਾ ਕਿ ਕਰਮਚਾਰੀਆਂ ਦੀਆਂ ਮੰਗਾਂ ਜਾਇਜ਼ ਹੋ ਸਕਦੀਆਂ ਹਨ, ਪਰ ਵਿਰੋਧੀ ਧਿਰਾਂ ਵੱਲੋਂ ਇਸ ਮੁੱਦੇ ’ਤੇ ਕੀਤੀ ਜਾ ਰਹੀ ਬਿਆਨਬਾਜ਼ੀ ਅਤੇ ਗੁੰਮਰਾਹਕੁੰਨ ਪ੍ਰਚਾਰ ਠੀਕ ਨਹੀਂ ਹੈ। ਉਨ੍ਹਾਂ ਇਹ ਵੀ ਕਿਹਾ ਕਿ ਤਨਖਾਹ ਕਮਿਸ਼ਨ ਨਾਲ ਜੁੜੇ ਫੈਸਲਿਆਂ ਬਾਰੇ ਗੱਲ ਕਰਦਿਆਂ ਇਹ ਵੀ ਦੇਖਣਾ ਚਾਹੀਦਾ ਹੈ ਕਿ ਜਦੋਂ ਇਹ ਕਮਿਸ਼ਨ ਬਣਾਇਆ ਗਿਆ ਸੀ, ਉਸ ਸਮੇਂ ਸੂਬੇ ਵਿੱਚ ਕਿਸ ਦੀ ਸਰਕਾਰ ਸੀ।
ਅੰਤ ਵਿੱਚ ਅਮਨ ਅਰੋੜਾ ਨੇ ਕਰਮਚਾਰੀਆਂ ਨੂੰ ਅਪੀਲ ਕੀਤੀ ਕਿ ਸਰਕਾਰ ਅਤੇ ਕਰਮਚਾਰੀ ਇੱਕ-ਦੂਜੇ ਦੇ ਪੂਰਕ ਹਨ। ਉਨ੍ਹਾਂ ਕਿਹਾ ਕਿ ਕਰਮਚਾਰੀਆਂ ਤੋਂ ਬਿਨਾਂ ਸਰਕਾਰ ਦਾ ਕੰਮਕਾਜ ਚਲਾਉਣਾ ਸੰਭਵ ਨਹੀਂ ਹੈ, ਇਸ ਲਈ ਹਰ ਮਸਲੇ ਦਾ ਹੱਲ ਗੱਲਬਾਤ ਅਤੇ ਵਿਚਾਰ-ਵਟਾਂਦਰੇ ਰਾਹੀਂ ਕੱਢਿਆ ਜਾਣਾ ਚਾਹੀਦਾ ਹੈ।
