ਭਾਖੜਾ ਡੈਮ ਨੂੰ ਲੈ ਕੇ ਫੈਲ ਰਹੀਆਂ ਅਫ਼ਵਾਹਾਂ ਵਿਚਕਾਰ ਵੱਡੀ ਖ਼ਬਰ ਸਾਹਮਣੇ ਆਈ ਹੈ। ਭਾਖੜਾ ਨੰਗਲ ਡੈਮ ਨੂੰ ਲੈ ਕੇ ਲੋਕਾਂ ਵਿੱਚ ਚਿੰਤਾ ਦਾ ਮਾਹੌਲ ਬਣਿਆ ਹੋਇਆ ਸੀ, ਪਰ ਹੁਣ ਬੀਬੀਐਮਬੀ ਵੱਲੋਂ ਡੈਮ ਦੀ ਸੁਰੱਖਿਆ ਨੂੰ ਲੈ ਕੇ ਸਪੱਸ਼ਟੀਕਰਨ ਦਿੱਤਾ ਗਿਆ ਹੈ।
ਭਾਖੜਾ ਬਿਆਸ ਪ੍ਰਬੰਧਨ ਬੋਰਡ ਯਾਨੀ ਬੀਬੀਐਮਬੀ ਦੇ ਚੇਅਰਮੈਨ ਨੇ ਸੰਸਦੀ ਸਥਾਈ ਕਮੇਟੀ ਨੂੰ ਦੱਸਿਆ ਹੈ ਕਿ ਭਾਖੜਾ ਡੈਮ ਸੁਰੱਖਿਅਤ ਹੈ। ਇਹ ਜਾਣਕਾਰੀ ਕਮੇਟੀ ਦੇ ਚੇਅਰਮੈਨ ਸ਼੍ਰੀਰੰਗ ਅੱਪਾ ਚੰਦੂ ਬਾਰਨੇ ਨੇ ਸੋਮਵਾਰ ਨੂੰ ਹੋਈ ਮੀਟਿੰਗ ਤੋਂ ਬਾਅਦ ਸਾਂਝੀ ਕੀਤੀ।
ਦਰਅਸਲ, ਮੀਟਿੰਗ ਦੌਰਾਨ ਕਮੇਟੀ ਮੈਂਬਰਾਂ ਵੱਲੋਂ ਡੈਮ ਦੀ ਮੌਜੂਦਾ ਸਥਿਤੀ ਅਤੇ ਇਸ ਦੀ ਸੁਰੱਖਿਆ ਨੂੰ ਲੈ ਕੇ ਸਵਾਲ ਪੁੱਛੇ ਗਏ। ਇਸ ਦੇ ਨਾਲ ਹੀ ਡੈਮ ਦੀ ਸੁਰੱਖਿਆ ਦਾ ਆਡਿਟ ਕਰਵਾਉਣ ਦੀ ਲੋੜ ’ਤੇ ਵੀ ਚਰਚਾ ਹੋਈ।
ਕਮੇਟੀ ਵੱਲੋਂ ਖ਼ਾਸ ਤੌਰ ’ਤੇ ਡੈਮ ਦੀ ਮੌਜੂਦਾ ਸਥਿਤੀ ਅਤੇ ਸੁਰੱਖਿਆ ਮੁਲਾਂਕਣ ਸਬੰਧੀ ਜਾਣਕਾਰੀ ਮੰਗੀ ਗਈ। ਇਸ ’ਤੇ ਬੀਬੀਐਮਬੀ ਚੇਅਰਮੈਨ ਨੇ ਕਮੇਟੀ ਨੂੰ ਭਰੋਸਾ ਦਿੱਤਾ ਕਿ ਡੈਮ ਸੁਰੱਖਿਅਤ ਹੈ।
ਮੀਟਿੰਗ ਵਿੱਚ ਨੇਪਾਲ ਵਿੱਚ ਹਾਲ ਹੀ ਵਿੱਚ ਆਏ ਹੜ੍ਹਾਂ ਦਾ ਮੁੱਦਾ ਵੀ ਚਰਚਾ ਵਿੱਚ ਆਇਆ। ਮੈਂਬਰਾਂ ਨੇ ਸਵਾਲ ਕੀਤਾ ਕਿ ਕੀ ਅਜਿਹੀਆਂ ਕੁਦਰਤੀ ਆਫ਼ਤਾਂ ਕਾਰਨ ਭਾਰਤ ਵਿੱਚ ਵੀ ਇਸ ਤਰ੍ਹਾਂ ਦੇ ਖ਼ਤਰੇ ਪੈਦਾ ਹੋ ਸਕਦੇ ਹਨ। ਇਸ ਦੌਰਾਨ ਸਬੰਧਤ ਅਧਿਕਾਰੀਆਂ ਵੱਲੋਂ ਕਮੇਟੀ ਨੂੰ ਲੋੜੀਂਦੀ ਜਾਣਕਾਰੀ ਦਿੱਤੀ ਗਈ।
ਇਸ ਤਰ੍ਹਾਂ ਭਾਖੜਾ ਡੈਮ ਦੇ ਜਲਦ ਟੁੱਟਣ ਦੀਆਂ ਫੈਲ ਰਹੀਆਂ ਅਫ਼ਵਾਹਾਂ ਵਿਚਕਾਰ ਬੀਬੀਐਮਬੀ ਵੱਲੋਂ ਡੈਮ ਦੇ ਸੁਰੱਖਿਅਤ ਹੋਣ ਦੀ ਜਾਣਕਾਰੀ ਦਿੱਤੀ ਗਈ ਹੈ।
