ਰਾਸ਼ਟਰਪਤੀ ਦ੍ਰੌਪਦੀ ਮੁਰਮੂ ਦੇ ਚੰਡੀਗੜ੍ਹ ਪਹੁੰਚਣ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦਾ ਨਿੱਘਾ ਅਤੇ ਗਰਮਜੋਸ਼ੀ ਨਾਲ ਸਵਾਗਤ ਕੀਤਾ। ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ’ਤੇ ਰਾਸ਼ਟਰਪਤੀ ਨਾਲ ਮੁਲਾਕਾਤ ਦੀਆਂ ਤਸਵੀਰਾਂ ਵੀ ਸਾਂਝੀਆਂ ਕੀਤੀਆਂ। ਉਨ੍ਹਾਂ ਲਿਖਿਆ ਕਿ ਅੱਜ ਚੰਡੀਗੜ੍ਹ ਏਅਰਪੋਰਟ ਵਿਖੇ ਦੇਸ਼ ਦੀ ਮਾਨਯੋਗ ਰਾਸ਼ਟਰਪਤੀ ਸ੍ਰੀਮਤੀ ਦ੍ਰੌਪਦੀ ਮੁਰਮੂ ਜੀ ਦਾ ਪੰਜਾਬ ਪਹੁੰਚਣ ’ਤੇ ਸਨਮਾਨ ਨਾਲ ਸਵਾਗਤ ਕੀਤਾ ਗਿਆ।
CM ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੀ ਧਰਤੀ ’ਤੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਦਾ ਸਵਾਗਤ ਕਰਨਾ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਪੰਜਾਬੀਆਂ ਦੀ ਰਵਾਇਤੀ ਮਹਿਮਾਨ-ਨਿਵਾਜ਼ੀ ਅਤੇ ਸਤਿਕਾਰ ਦੀ ਭਾਵਨਾ ਨਾਲ ਰਾਸ਼ਟਰਪਤੀ ਨੂੰ ‘ਜੀ ਆਇਆਂ ਨੂੰ’ ਕਿਹਾ। ਮੁੱਖ ਮੰਤਰੀ ਨੇ ਕਿਹਾ ਕਿ ਸਾਡੇ ਸਾਰਿਆਂ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਰਾਸ਼ਟਰਪਤੀ ਗੁਰੂਆਂ-ਪੀਰਾਂ ਦੀ ਇਸ ਪਵਿੱਤਰ ਧਰਤੀ ’ਤੇ ਪਹੁੰਚੇ ਹਨ।
ਰਾਸ਼ਟਰਪਤੀ ਦ੍ਰੌਪਦੀ ਮੁਰਮੂ ਇਸ ਸਮੇਂ ਹਿਮਾਚਲ ਪ੍ਰਦੇਸ਼ ਦੇ ਬਿਲਾਸਪੁਰ ਦੇ ਤਿੰਨ ਦਿਨਾਂ ਦੌਰੇ ’ਤੇ ਹਨ। ਆਪਣੇ ਦੌਰੇ ਦੌਰਾਨ ਉਹ ਬਿਲਾਸਪੁਰ ਸਥਿਤ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਯਾਨੀ AIIMS ਦੇ ਪਹਿਲੇ ਕਨਵੋਕੇਸ਼ਨ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ।
ਇਸ ਮੌਕੇ ਰਾਸ਼ਟਰਪਤੀ ਵੱਲੋਂ 91 ਡਾਕਟਰਾਂ ਅਤੇ ਪੈਰਾ ਮੈਡੀਕਲ ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ ਜਾਣਗੀਆਂ। ਰਾਸ਼ਟਰਪਤੀ ਦੇ ਦੌਰੇ ਨੂੰ ਲੈ ਕੇ ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼ ਵਿੱਚ ਸਵਾਗਤ ਅਤੇ ਸੁਰੱਖਿਆ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ।
