ਪੰਜਾਬ ਦੀ ਪੁਲਿਸ ਵਿਵਸਥਾ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਲੰਮੇ ਸਮੇਂ ਤੋਂ ਜਿਸ ਫੈਸਲੇ ਦੀ ਉਡੀਕ ਕੀਤੀ ਜਾ ਰਹੀ ਸੀ, ਉਹ ਹੁਣ ਪੂਰਾ ਹੋ ਗਿਆ ਹੈ। ਪੰਜਾਬ ਸਰਕਾਰ ਨੇ ਗੌਰਵ ਯਾਦਵ ਨੂੰ ਸੂਬੇ ਦਾ ਰੈਗੂਲਰ ਡੀਜੀਪੀ ਨਿਯੁਕਤ ਕਰ ਦਿੱਤਾ ਹੈ। ਇਸ ਸਬੰਧੀ ਸਰਕਾਰ ਵੱਲੋਂ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ। ਇਸ ਨਿਯੁਕਤੀ ਨਾਲ ਪੰਜਾਬ ਨੂੰ ਹੁਣ ਪੱਕਾ ਪੁਲਿਸ ਮੁਖੀ ਮਿਲ ਗਿਆ ਹੈ।

ਦੱਸ ਦੇਈਏ ਕਿ ਗੌਰਵ ਯਾਦਵ ਜੁਲਾਈ 2022 ਤੋਂ ਪੰਜਾਬ ਦੇ ਕਾਰਜਕਾਰੀ ਡੀਜੀਪੀ ਵਜੋਂ ਆਪਣੀਆਂ ਜ਼ਿੰਮੇਵਾਰੀਆਂ ਨਿਭਾ ਰਹੇ ਸਨ। ਹੁਣ ਉਨ੍ਹਾਂ ਨੂੰ ਰੈਗੂਲਰ ਡੀਜੀਪੀ ਬਣਾਏ ਜਾਣ ਤੋਂ ਬਾਅਦ ਪੁਲਿਸ ਅਤੇ ਪ੍ਰਸ਼ਾਸਨਿਕ ਹਲਕਿਆਂ ਵਿੱਚ ਵੀ ਇਸ ਫੈਸਲੇ ਦੀ ਚਰਚਾ ਹੋ ਰਹੀ ਹੈ। ਸੂਬੇ ਵਿੱਚ ਪੱਕੇ ਡੀਜੀਪੀ ਦੀ ਨਿਯੁਕਤੀ ਨੂੰ ਲੈ ਕੇ ਲੰਮੇ ਸਮੇਂ ਤੋਂ ਮੰਗ ਉੱਠ ਰਹੀ ਸੀ।
ਇਸ ਅਹੁਦੇ ਲਈ ਯੂਪੀਐੱਸਸੀ ਵੱਲੋਂ ਤਿੰਨ ਸੀਨੀਅਰ ਆਈਪੀਐੱਸ ਅਧਿਕਾਰੀਆਂ ਦੇ ਨਾਵਾਂ ਦਾ ਪੈਨਲ ਭੇਜਿਆ ਗਿਆ ਸੀ। ਇਸ ਪੈਨਲ ਵਿੱਚ ਗੌਰਵ ਯਾਦਵ ਤੋਂ ਇਲਾਵਾ ਸ਼ਰਦ ਸੱਤਿਆ ਚੌਹਾਨ ਅਤੇ ਹਰਪ੍ਰੀਤ ਸਿੰਘ ਸਿੱਧੂ ਦੇ ਨਾਂ ਵੀ ਸ਼ਾਮਲ ਸਨ। ਇਨ੍ਹਾਂ ਨਾਵਾਂ ਵਿੱਚੋਂ ਪੰਜਾਬ ਸਰਕਾਰ ਨੇ ਗੌਰਵ ਯਾਦਵ ਨੂੰ ਰੈਗੂਲਰ ਡੀਜੀਪੀ ਬਣਾਉਣ ਦਾ ਫੈਸਲਾ ਲਿਆ ਹੈ।
ਹੁਣ ਇਸ ਨਿਯੁਕਤੀ ਤੋਂ ਬਾਅਦ ਗੌਰਵ ਯਾਦਵ ਸੂਬੇ ਦੇ ਪੁਲਿਸ ਮੁਖੀ ਵਜੋਂ ਰੈਗੂਲਰ ਆਧਾਰ ’ਤੇ ਜ਼ਿੰਮੇਵਾਰੀ ਨਿਭਾਉਣਗੇ। ਪੰਜਾਬ ਵਿੱਚ ਕਾਨੂੰਨ ਵਿਵਸਥਾ ਨੂੰ ਬਣਾਈ ਰੱਖਣਾ ਅਤੇ ਪੁਲਿਸ ਪ੍ਰਬੰਧ ਨੂੰ ਹੋਰ ਮਜ਼ਬੂਤ ਕਰਨਾ ਉਨ੍ਹਾਂ ਦੀਆਂ ਅਹਿਮ ਜ਼ਿੰਮੇਵਾਰੀਆਂ ਵਿੱਚ ਸ਼ਾਮਲ ਰਹੇਗਾ।
