ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦਰਮਿਆਨ ਪੰਜਾਬ ਦੀ ਕਾਨੂੰਨ-ਵਿਵਸਥਾ ਅਤੇ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਬਿਆਨ ਦਿੱਤਾ ਹੈ। ਅਮਿਤ ਸ਼ਾਹ ਨੇ ਸੋਸ਼ਲ ਮੀਡੀਆ ’ਤੇ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਜੇਕਰ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਦੀ ਹੈ, ਤਾਂ ਸੂਬੇ ਨੂੰ ਨਸ਼ਾਮੁਕਤ, ਗੈਂਗਸਟਰ ਮੁਕਤ ਅਤੇ ਸੁਰੱਖਿਅਤ ਬਣਾਉਣ ਲਈ ਪੂਰੀ ਤਾਕਤ ਨਾਲ ਕੰਮ ਕੀਤਾ ਜਾਵੇਗਾ।
ਤੁਹਾਨੂੰ ਦੱਸ ਦੇਈਏ ਕਿ 13 ਅਕਤੂਬਰ ਨੂੰ ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਹ ਘਟਨਾ ਇੱਕ ਦੁਕਾਨ ਵਿੱਚ ਵਾਪਰੀ ਸੀ। ਇਸ ਕਤਲ ਤੋਂ ਬਾਅਦ ਪੰਜਾਬ ਵਿੱਚ ਲਗਾਤਾਰ ਰੋਸ ਪ੍ਰਦਰਸ਼ਨ ਹੋ ਰਹੇ ਹਨ ਅਤੇ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ। ਇਸੇ ਦੌਰਾਨ ਅਮਿਤ ਸ਼ਾਹ ਦੇ ਬਿਆਨ ਨੇ ਸੂਬੇ ਵਿੱਚ ਨਸ਼ਿਆਂ ਅਤੇ ਕਾਨੂੰਨ-ਵਿਵਸਥਾ ਨਾਲ ਜੁੜੇ ਮੁੱਦਿਆਂ ਨੂੰ ਮੁੜ ਚਰਚਾ ਵਿੱਚ ਲਿਆ ਦਿੱਤਾ ਹੈ।
ਅਮਿਤ ਸ਼ਾਹ ਨੇ ਆਪਣੀ ਪੋਸਟ ਵਿੱਚ ਕਿਹਾ ਕਿ ਉਹ ਪੰਜਾਬ ਦੇ ਲੋਕਾਂ ਸਾਹਮਣੇ ਆਪਣਾ ਸੰਕਲਪ ਦੁਹਰਾਉਂਦੇ ਹਨ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰੀ ਖ਼ਿਲਾਫ਼ ਲੜਾਈ ਰਾਹੀਂ ਨੌਜਵਾਨਾਂ ਦਾ ਭਵਿੱਖ ਸੁਰੱਖਿਅਤ ਕੀਤਾ ਜਾਵੇਗਾ, ਅਪਰਾਧੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਅਜਿਹਾ ਮਾਹੌਲ ਬਣਾਇਆ ਜਾਵੇਗਾ, ਜਿੱਥੇ ਕਿਸੇ ਵੀ ਨਾਗਰਿਕ ਨੂੰ ਡਰ ਦੇ ਸਾਏ ਹੇਠ ਰਹਿਣ ਲਈ ਮਜਬੂਰ ਨਾ ਹੋਣਾ ਪਵੇ।
ਅਮਿਤ ਸ਼ਾਹ ਨੇ ਪੰਜਾਬ ਨੂੰ ਨਸ਼ਾਮੁਕਤ ਅਤੇ ਸੁਰੱਖਿਅਤ ਬਣਾਉਣ ਦਾ ਵਾਅਦਾ ਕਰਦਿਆਂ ਕਾਨੂੰਨ ਦਾ ਰਾਜ ਸਥਾਪਤ ਕਰਨ ਦੀ ਗੱਲ ਕਹੀ। ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਤੋਂ ਬਾਅਦ ਸੂਬੇ ਵਿੱਚ ਕਾਨੂੰਨ-ਵਿਵਸਥਾ ਨੂੰ ਲੈ ਕੇ ਚੱਲ ਰਹੀ ਚਰਚਾ ਦਰਮਿਆਨ ਹੁਣ ਇਸ ਬਿਆਨ ’ਤੇ ਸਿਆਸੀ ਪ੍ਰਤੀਕਿਰਿਆਵਾਂ ਵੀ ਸਾਹਮਣੇ ਆ ਸਕਦੀਆਂ ਹਨ।
