ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ਤੋਂ ਪਹਿਲਾਂ ਸੂਬੇ ਦੀ ਸਿਆਸਤ ਗਰਮਾ ਗਈ ਹੈ। ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅਮਿਤ ਸ਼ਾਹ ਦੇ ਦੌਰੇ ਨੂੰ ਲੈ ਕੇ ਕਈ ਅਹਿਮ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪੰਜਾਬੀ ਆਪਣੇ ਮਹਿਮਾਨਾਂ ਦਾ ਦਿਲੋਂ ਸਵਾਗਤ ਕਰਦੇ ਹਨ ਅਤੇ ਅਮਿਤ ਸ਼ਾਹ ਦਾ ਵੀ ਸਵਾਗਤ ਹੈ, ਪਰ ਉਨ੍ਹਾਂ ਨੂੰ ਪੰਜਾਬ ਨਾਲ ਜੁੜੇ ਮੁੱਦਿਆਂ ’ਤੇ ਜਵਾਬ ਦੇਣੇ ਚਾਹੀਦੇ ਹਨ।
ਅਮਨ ਅਰੋੜਾ ਨੇ ਭਾਰਤ-ਪਾਕਿਸਤਾਨ ਸਰਹੱਦ ਰਾਹੀਂ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਦਾ ਮੁੱਦਾ ਚੁੱਕਦਿਆਂ ਕੇਂਦਰ ਸਰਕਾਰ ਤੋਂ ਜਵਾਬ ਮੰਗਿਆ। ਉਨ੍ਹਾਂ ਸਵਾਲ ਕੀਤਾ ਕਿ ਸਰਹੱਦ ’ਤੇ ਸੁਰੱਖਿਆ ਪ੍ਰਬੰਧਾਂ ਦੇ ਬਾਵਜੂਦ ਨਸ਼ੇ ਅਤੇ ਹਥਿਆਰ ਪੰਜਾਬ ਤੱਕ ਕਿਵੇਂ ਪਹੁੰਚ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਲਗਭਗ 543 ਕਿਲੋਮੀਟਰ ਲੰਬੀ ਅੰਤਰਰਾਸ਼ਟਰੀ ਸਰਹੱਦ ਦੀ ਸੁਰੱਖਿਆ ਵਿੱਚ ਬੀਐੱਸਐੱਫ ਦੀ ਅਹਿਮ ਭੂਮਿਕਾ ਹੈ, ਇਸ ਲਈ ਕੇਂਦਰ ਨੂੰ ਇਸ ਮਾਮਲੇ ’ਤੇ ਆਪਣਾ ਪੱਖ ਸਪੱਸ਼ਟ ਕਰਨਾ ਚਾਹੀਦਾ ਹੈ।
ਇਸ ਦੇ ਨਾਲ ਹੀ ਅਮਨ ਅਰੋੜਾ ਨੇ ਗੁਜਰਾਤ ਵਿੱਚ ਨਸ਼ਿਆਂ ਦੀਆਂ ਵੱਡੀਆਂ ਬਰਾਮਦਗੀਆਂ ਦਾ ਹਵਾਲਾ ਦਿੰਦਿਆਂ ਭਾਜਪਾ ਅਤੇ ਕੇਂਦਰ ਸਰਕਾਰ ਨੂੰ ਸਵਾਲ ਕੀਤੇ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਵਿੱਚ ਨਸ਼ਿਆਂ ਦੇ ਮੁੱਦੇ ’ਤੇ ਸਵਾਲ ਚੁੱਕੇ ਜਾਂਦੇ ਹਨ ਤਾਂ ਦੂਜੇ ਸੂਬਿਆਂ ਵਿੱਚ ਨਸ਼ਿਆਂ ਦੀ ਸਮੱਸਿਆ ਬਾਰੇ ਵੀ ਜਵਾਬਦੇਹੀ ਹੋਣੀ ਚਾਹੀਦੀ ਹੈ।
‘ਆਪ’ ਪੰਜਾਬ ਦੇ ਪ੍ਰਧਾਨ ਨੇ 2007 ਤੋਂ 2017 ਦੇ ਸਮੇਂ ਦੌਰਾਨ ਪੰਜਾਬ ਵਿੱਚ ਨਸ਼ਿਆਂ ਅਤੇ ਗੈਂਗਸਟਰਵਾਦ ਦੇ ਮੁੱਦੇ ’ਤੇ ਵੀ ਸਵਾਲ ਚੁੱਕੇ। ਉਨ੍ਹਾਂ ਪੁੱਛਿਆ ਕਿ ਉਸ ਸਮੇਂ ਇਨ੍ਹਾਂ ਸਮੱਸਿਆਵਾਂ ਨੂੰ ਰੋਕਣ ਲਈ ਕੀ ਕਦਮ ਚੁੱਕੇ ਗਏ ਸਨ।
ਅਮਨ ਅਰੋੜਾ ਨੇ ਕਿਹਾ ਕਿ ਅਮਿਤ ਸ਼ਾਹ ਪੰਜਾਬ ਆ ਕੇ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕਰਨਾ ਚਾਹੁੰਦੇ ਹਨ ਤਾਂ ਉਨ੍ਹਾਂ ਦਾ ਸਵਾਗਤ ਹੈ, ਪਰ ਇਸ ਦੇ ਨਾਲ ਹੀ ਉਨ੍ਹਾਂ ਨੂੰ ਪੰਜਾਬ ਦੇ ਲੋਕਾਂ ਦੇ ਸਵਾਲਾਂ ਦੇ ਜਵਾਬ ਵੀ ਦੇਣੇ ਚਾਹੀਦੇ ਹਨ।
