ਪੰਜਾਬ ਵਿਧਾਨ ਸਭਾ ਦੇ ਛੇ ਦਿਨਾਂ ਦੇ ਵਿਸ਼ੇਸ਼ ਸੈਸ਼ਨ ਦੀ ਸ਼ੁਰੂਆਤ ਸ਼ਰਧਾਂਜਲੀਆਂ ਨਾਲ ਹੋਈ। ਸੈਸ਼ਨ ਦੇ ਪਹਿਲੇ ਦਿਨ ਨਸ਼ਿਆਂ ਵਿਰੁੱਧ ਆਵਾਜ਼ ਚੁੱਕਣ ਵਾਲੇ ਪਰਵਿੰਦਰ ਸਿੰਘ ਝੋਟਾ ਸਮੇਤ ਕਈ ਵਿਛੜੀਆਂ ਸ਼ਖ਼ਸੀਅਤਾਂ ਨੂੰ ਯਾਦ ਕੀਤਾ ਗਿਆ। ਇਸ ਦੇ ਨਾਲ ਹੀ ਸੰਗਰੂਰ ਵਿੱਚ ਸੜਕ ਹਾਦਸੇ ਦੌਰਾਨ ਜਾਨ ਗੁਆਉਣ ਵਾਲੇ ਅੱਠ ਮਨਰੇਗਾ ਮਜ਼ਦੂਰਾਂ ਨੂੰ ਵੀ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ।
ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪਰਵਿੰਦਰ ਸਿੰਘ ਝੋਟਾ ਦੇ ਯੋਗਦਾਨ ਨੂੰ ਯਾਦ ਕਰਦਿਆਂ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਉਨ੍ਹਾਂ ਵੱਲੋਂ ਪਾਇਆ ਗਿਆ ਯੋਗਦਾਨ ਅਣਮੁੱਲਾ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਵਿਰੁੱਧ ਝੋਟਾ ਵੱਲੋਂ ਕੀਤਾ ਗਿਆ ਸੰਘਰਸ਼ ਇਤਿਹਾਸ ਦੇ ਪੰਨਿਆਂ ਵਿੱਚ ਹਮੇਸ਼ਾ ਯਾਦ ਰੱਖਿਆ ਜਾਵੇਗਾ ਅਤੇ ਉਨ੍ਹਾਂ ਦੀ ਦੇਣ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ।
ਇਸ ਦੌਰਾਨ ਸੰਗਰੂਰ ਵਿੱਚ ਸੜਕ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਅੱਠ ਮਨਰੇਗਾ ਮਜ਼ਦੂਰਾਂ ਨੂੰ ਸ਼ਰਧਾਂਜਲੀ ਦੇਣ ਲਈ ਸਦਨ ਵਿੱਚ ਦੋ ਮਿੰਟ ਦਾ ਮੌਨ ਵੀ ਰੱਖਿਆ ਗਿਆ।
ਪਹਿਲੇ ਦਿਨ ਦੀ ਕਾਰਵਾਈ ਸਿਰਫ਼ ਨੌਂ ਮਿੰਟ ਅਤੇ ਛੇ ਸਕਿੰਟ ਚੱਲੀ, ਜਿਸ ਤੋਂ ਬਾਅਦ ਸਦਨ ਨੂੰ ਅਗਲੇ ਦਿਨ ਤੱਕ ਲਈ ਮੁਲਤਵੀ ਕਰ ਦਿੱਤਾ ਗਿਆ। ਦੂਜੇ ਪਾਸੇ, ਸੈਸ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਭਾਜਪਾ ਆਗੂਆਂ ਨੇ ਵਿਧਾਨ ਸਭਾ ਦੇ ਬਾਹਰ ਵਿਰੋਧ ਪ੍ਰਦਰਸ਼ਨ ਕੀਤਾ। ਉੱਥੇ ਹੀ ਕਾਂਗਰਸ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸਪੱਸ਼ਟ ਕੀਤਾ ਕਿ ਉਹ ਸਦਨ ਦੀ ਕਾਰਵਾਈ ਨਹੀਂ ਚੱਲਣ ਦੇਣਗੇ।
