ਪੰਜਾਬ ਪੁਲਿਸ ‘ਚ ਭਰਤੀ ਹੋਣਗੇ 3400 ਜਵਾਨ , ਜਲੰਧਰ ‘ਚ CM ਮਾਨ ਨੇ ਕੀਤਾ ਵੱਡਾ ਐਲਾਨ

ਮੁੱਖ ਮੰਤਰੀ ਭਗਵੰਤ ਮਾਨ ਅੱਜ ਜਲੰਧਰ ਵਿਚ ਪੰਜਾਬ ਪੁਲਿਸ ਅਕੈਡਮੀ (PAP) ਦੀ ਪਾਸਿੰਗ ਆਊਟ ਪਰੇਡ ਵਿਚ ਸ਼ਾਮਲ ਹੋਏ, ਜਿਥੇ ਉਨ੍ਹਾਂ ਐਲਾਨ ਕੀਤਾ ਕਿ ਇਸ ਸਾਲ ਪੰਜਾਬ ਪੁਲਿਸ ‘ਚ 3400 ਜਵਾਨ ਭਰਤੀ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਹੁਣ ਤੱਕ 12,010 ਪੁਲਿਸ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਦਿੱਤੇ ਜਾ ਚੁੱਕੇ ਹਨ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ 2025 ‘ਚ ਭਰਤੀ ਕੀਤੇ 1900 ਤੋਂ ਵੱਧ ਜਵਾਨਾਂ ਦੀ ਟੇਨਿੰਗ ਮਾਰਚ 2026 ਤੋਂ ਸ਼ੁਰੂ ਹੋਵੇਗੀ। ਉਨ੍ਹਾਂ ਕਿਹਾ ਕਿ 1746 ਸਿਪਾਹੀਆਂ ਦੀ ਭਰਤੀ ਦੀ ਪ੍ਰਕਿਰਿਆ ਮੁਕੰਮਲ ਹੋ ਚੁੱਕੀ ਹੈ।

ਸੀ.ਐੱਮ. ਮਾਨ ਨੇ ਕਿਹਾ ਕਿ ਪੰਜਾਬ ਪੁਲਿਸ ਨੂੰ ਲੇਟਸਟ ਟੈਕਨਾਲੋਜੀ ਨਾਲ ਲੈਸ ਕੀਤਾ ਗਿਆਹੈ। ਪੰਜਾਬ ਪੁਲਿਸ ਲਈ 1100 ਕਰੋੜ ਰੁਪਏ ਤੋਂ ਵੱਧ ਦਾ ਬਜਟ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਦਾ ਪਹਿਲਾ ਸੂਬਾ ਜਿਸ ਕੋਲ ਆਪਣੀ ਸੜਕ ਸੁਰੱਖਿਆ ਫੋਰਸ ਹੈ।
ਇਸ ਦੌਰਾਨ ਗੁਰਦਾਸਪੁਰ ‘ਚ ਪੁਲਿਸ ਮੁਲਾਜ਼ਮਾਂ ਦੀ ਮੌਤ ਮਾਮਲੇ ‘ਤ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਘਟਨਾ ਪਿੱਛੇ ਪਾਕਿਸਤਾਨ ਦਾ ਹੱਥ ਹੈ। ਕਾਤਲ ਪਾਕਿ ਵੱਲੋਂ ਸਪਾਂਸਰ ਕੀਤੇ ਗਏ ਹਨ। ਇਹ ਸਭ ਕੁਝ ਪੁਲਿਸ ‘ਚ ਦਹਿਸ਼ਤ ਫੈਲਾਉਣ ਦੀ ਕੋਸ਼ਿਸ਼ ਦੇ ਚੱਲਦਿਆਂ ਕੀਤਾ ਗਿਆ ਹੈ। ਪੁਲਿਸ ਨੇ ਸ਼ਾਮਲ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਮਾਨ ਨੇ 30-31 ਜਨਵਰੀ ਨੂੰ ਜਲੰਧਰ ਦਾ ਦੌਰਾ ਕੀਤਾ ਸੀ, ਜਿੱਥੇ ਉਨ੍ਹਾਂ ਨੇ 1,746 ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਸਨ। ਉਸ ਸਮੇਂ ਮੁੱਖ ਮੰਤਰੀ ਨੇ ਸਪੱਸ਼ਟ ਤੌਰ ‘ਤੇ ਕਿਹਾ ਸੀ ਕਿ ਉਨ੍ਹਾਂ ਦੀ ਸਰਕਾਰ ਨੇ ਭਰਤੀ ਪ੍ਰਕਿਰਿਆ ਵਿੱਚੋਂ ਰਿਸ਼ਵਤਖੋਰੀ ਅਤੇ ਸਿਫਾਰਸ਼ ਦੇ ਸੱਭਿਆਚਾਰ ਨੂੰ ਪੂਰੀ ਤਰ੍ਹਾਂ ਖਤਮ ਕਰ ਦਿੱਤਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਨੌਜਵਾਨ ਹੁਣ ਸਿਰਫ਼ ਯੋਗਤਾ ਦੇ ਆਧਾਰ ‘ਤੇ ਸਰਕਾਰੀ ਨੌਕਰੀਆਂ ਪ੍ਰਾਪਤ ਕਰ ਰਹੇ ਹਨ, ਜਿਸ ਨਾਲ ਆਮ ਪਰਿਵਾਰਾਂ ਦੇ ਬੱਚੇ ਵੀ ਉੱਚ ਅਹੁਦਿਆਂ ‘ਤੇ ਪਹੁੰਚ ਸਕਦੇ ਹਨ।

Leave a Reply

Your email address will not be published. Required fields are marked *