ਅਰਵਿੰਦ ਕੇਜਰੀਵਾਲ ਦੀ ਉਦਯੋਗ ਨੂੰ ਗਾਰੰਟੀ, ਚੀਨ ਨਾਲ ਮੁਕਾਬਲਾ ਕਰਨ ਲਈ ਪੰਜਾਬ ਵਿੱਚ ਸਾਰੀਆਂ ਸਹੂਲਤਾਂ ਦੇਵੇਗੀ ‘ਆਪ’ ਸਰਕਾਰ


ਹਾਲੀ ਵਿਖੇ ਤਿੰਨ ਦਿਨ ਚੱਲਣ ਵਾਲੇ ਪੰਜਾਬ ਪ੍ਰਗਤੀਸ਼ੀਲ ਨਿਵੇਸ਼ਕ ਸੰਮੇਲਨ-2026 ਦੀ ਅੱਜ ਧਮਾਕੇਦਾਰ ਸ਼ੁਰੂਆਤ ਹੋਈ। ਸੰਮੇਲਨ ਦੇ ਪਹਿਲੇ ਦਿਨ ਹੀ ਦੇਸ਼-ਵਿਦੇਸ਼ ਦੇ ਦਿੱਗਜ ਉਦਯੋਗਪਤੀਆਂ ਨੇ ਪੰਜਾਬ ਵਿੱਚ 10,000 ਕਰੋੜ ਰੁਪਏ ਤੋਂ ਵੱਧ ਨਿਵੇਸ਼ ਕਰਨ ਦਾ ਐਲਾਨ ਕੀਤਾ।

ਉਦਯੋਗਪਤੀਆਂ ਨੂੰ ਸੰਬੋਧਨ ਕਰਦਿਆਂ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਉਦਯੋਗਾਂ ਨੂੰ ਹਰ ਤਰ੍ਹਾਂ ਦੀ ਸਹੂਲਤ ਦੇਣ ਲਈ ਵਚਨਬੱਧ ਹੈ ਤਾਂ ਜੋ ਸੂਬਾ ਚੀਨ ਵਰਗੇ ਦੇਸ਼ਾਂ ਨਾਲ ਮੁਕਾਬਲਾ ਕਰ ਸਕੇ। ਉਨ੍ਹਾਂ ਕਿਹਾ ਕਿ ਕਾਰੋਬਾਰ ਪੱਖੀ ਨੀਤੀਆਂ ਕਰਕੇ ਪਿਛਲੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ 1.5 ਲੱਖ ਕਰੋੜ ਰੁਪਏ ਤੋਂ ਵੱਧ ਨਿਵੇਸ਼ ਆ ਚੁੱਕਾ ਹੈ।

ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸੰਮੇਲਨ ਪੰਜਾਬ ਵਿੱਚ ਆਰਥਿਕ ਵਿਕਾਸ, ਰੋਜ਼ਗਾਰ ਅਤੇ ਉਦਯੋਗਿਕ ਵਿਸਥਾਰ ਦੇ ਨਵੇਂ ਦੌਰ ਦੀ ਸ਼ੁਰੂਆਤ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਨੇ 45 ਦਿਨਾਂ ਦੀ ਸਿੰਗਲ ਵਿੰਡੋ ਕਲੀਅਰੈਂਸ ਪ੍ਰਣਾਲੀ ਸ਼ੁਰੂ ਕੀਤੀ ਹੈ ਜਿਸ ਨਾਲ ਉਦਯੋਗਪਤੀਆਂ ਨੂੰ ਤੇਜ਼ੀ ਨਾਲ ਮਨਜ਼ੂਰੀ ਮਿਲਦੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀ ਆਪਣੀ ਮਿਹਨਤ, ਉੱਦਮੀ ਸੁਭਾਅ ਅਤੇ ਜੁਝਾਰੂਪਣ ਲਈ ਦੁਨੀਆ ਭਰ ਵਿੱਚ ਜਾਣੇ ਜਾਂਦੇ ਹਨ ਅਤੇ ਪੰਜਾਬ ਵਿੱਚ ਨਿਵੇਸ਼ ਲਈ ਬਹੁਤ ਹੀ ਅਨੁਕੂਲ ਮਾਹੌਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ, ਸਿਹਤ, ਬੁਨਿਆਦੀ ਢਾਂਚੇ ਅਤੇ ਹੁਨਰ ਵਿਕਾਸ ‘ਤੇ ਖਾਸ ਧਿਆਨ ਦੇ ਰਹੀ ਹੈ ਤਾਂ ਜੋ ਨੌਜਵਾਨਾਂ ਲਈ ਵੱਡੇ ਪੱਧਰ ‘ਤੇ ਰੋਜ਼ਗਾਰ ਦੇ ਮੌਕੇ ਪੈਦਾ ਹੋ ਸਕਣ।

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪਿਛਲੇ ਸਮੇਂ ਵਿੱਚ ਉਦਯੋਗਪਤੀਆਂ ਨੂੰ ਸਰਕਾਰੀ ਦਖਲਅੰਦਾਜ਼ੀ ਅਤੇ ਲੰਬੀਆਂ ਪ੍ਰਵਾਨਗੀਆਂ ਦੀ ਸਮੱਸਿਆ ਆਉਂਦੀ ਸੀ, ਪਰ ਹੁਣ ਨਵੇਂ ਸਿਸਟਮ ਤਹਿਤ 45 ਦਿਨਾਂ ਦੇ ਅੰਦਰ ਮਨਜ਼ੂਰੀ ਦੀ ਗਰੰਟੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਛੋਟੇ ਉਦਯੋਗਾਂ ਲਈ ਪ੍ਰਕਿਰਿਆ ਹੋਰ ਵੀ ਆਸਾਨ ਬਣਾਈ ਗਈ ਹੈ।

ਉਨ੍ਹਾਂ ਕਿਹਾ ਕਿ ਸਿੱਖਿਆ ਅਤੇ ਸਿਹਤ ਖੇਤਰ ਵਿੱਚ ਕੀਤੇ ਸੁਧਾਰਾਂ ਨਾਲ ਪੰਜਾਬ ਵਿੱਚ ਮਨੁੱਖੀ ਪੂੰਜੀ ਮਜ਼ਬੂਤ ਹੋ ਰਹੀ ਹੈ ਅਤੇ ਇਸ ਨਾਲ ਉਦਯੋਗਾਂ ਨੂੰ ਵੀ ਵੱਡਾ ਫਾਇਦਾ ਮਿਲੇਗਾ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਨੂੰ ਦੇਸ਼ ਦਾ ਪ੍ਰਮੁੱਖ ਉਦਯੋਗਿਕ ਹੱਬ ਬਣਾਉਣ ਲਈ ਸਰਕਾਰ ਅਤੇ ਉਦਯੋਗ ਮਿਲ ਕੇ ਕੰਮ ਕਰਨਗੇ।

Leave a Reply

Your email address will not be published. Required fields are marked *