ਅੰਮ੍ਰਿਤਸਰ ਪੁਲਿਸ ਨੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਕੀਤਾ ਪਰਦਾਫਾਸ਼, 2 ਗ੍ਰਿਫ਼ਤਾਰ

ਪੰਜਾਬ ਵਿੱਚ ਇੱਕ ISI-ਸਮਰਥਿਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਗਿਆ ਹੈ। ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਇੱਕ ਵੱਡੀ ਸਫਲਤਾ ਮਿਲੀ ਹੈ। ਉਨ੍ਹਾਂ ਨੇ ਪਾਕਿਸਤਾਨ ਦੀ ਖੁਫੀਆ ਏਜੰਸੀ, ਆਈਐਸਆਈ ਨਾਲ ਜੁੜੇ ਇੱਕ ਅੱਤਵਾਦੀ ਅਤੇ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇਸ ਮਾਮਲੇ ਦੇ ਸਬੰਧ ਵਿੱਚ ਦੋ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਵੱਡੀ ਮਾਤਰਾ ਵਿੱਚ ਆਧੁਨਿਕ ਹਥਿਆਰ ਬਰਾਮਦ ਕੀਤੇ ਹਨ।

ਇਸ ਜਾਣਕਾਰੀ ਦਾ ਖੁਲਾਸਾ ਕਰਦੇ ਹੋਏ ਐਸਐਸਪੀ ਅੰਮ੍ਰਿਤਸਰ ਦਿਹਾਤੀ ਸੋਹੇਲ ਮੀਰ ਨੇ ਦੱਸਿਆ ਕਿ ਪੁਲਿਸ ਨੂੰ ਖੁਫੀਆ ਜਾਣਕਾਰੀ ਮਿਲੀ ਸੀ ਕਿ ਕੁਝ ਸ਼ੱਕੀ ਨੌਜਵਾਨ ਗੈਰ-ਕਾਨੂੰਨੀ ਹਥਿਆਰਾਂ ਨਾਲ ਇਲਾਕੇ ਵਿੱਚ ਸਰਗਰਮ ਹਨ ਅਤੇ ਇੱਕ ਵੱਡੇ ਅਪਰਾਧ ਦੀ ਯੋਜਨਾ ਬਣਾ ਰਹੇ ਹਨ। ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਪੁਲਿਸ ਨੇ ਅੰਮ੍ਰਿਤਸਰ ਦਿਹਾਤੀ ਦੇ ਪਿੰਡ ਮਾਹਵਾ ਵਿੱਚ ਛਾਪਾ ਮਾਰਿਆ।

ਛਾਪੇਮਾਰੀ ਦੌਰਾਨ ਪੁਲਿਸ ਨੇ ਦੋ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ। ਤਲਾਸ਼ੀ ਦੌਰਾਨ ਉਨ੍ਹਾਂ ਤੋਂ ਇੱਕ ਏਕੇ-47 ਰਾਈਫਲ, ਦੋ ਮੈਗਜ਼ੀਨ, 36 ਜ਼ਿੰਦਾ ਕਾਰਤੂਸ ਅਤੇ ਤਿੰਨ ਆਧੁਨਿਕ 9 ਐਮਐਮ ਗਲੌਕ ਪਿਸਤੌਲ ਬਰਾਮਦ ਕੀਤੇ ਗਏ ਹਨ। ਪੁਲਿਸ ਮੁਤਾਬਕ ਇਹ ਹਥਿਆਰ ਡਰੋਨ ਰਾਹੀਂ ਪਾਕਿਸਤਾਨ ਤੋਂ ਭਾਰਤ ਭੇਜੇ ਗਏ ਸਨ।

ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਸ ਪੂਰੇ ਮਾਡਿਊਲ ਪਿੱਛੇ ਪਾਕਿਸਤਾਨ ਦੀ ਖੁਫੀਆ ਏਜੰਸੀ, ਆਈਐਸਆਈ ਦਾ ਹੱਥ ਹੈ। ਜਾਂਚਕਰਤਾਵਾਂ ਮੁਤਾਬਕ ਇਹ ਹਥਿਆਰ ਗੁਰਦਾਸਪੁਰ ਲਿਜਾਏ ਜਾਣੇ ਸਨ, ਜਿੱਥੇ ਇੱਕ ਪੁਲਿਸ ਅਧਿਕਾਰੀ ਨੂੰ ਨਿਸ਼ਾਨਾ ਬਣਾਉਣ ਅਤੇ ਕਤਲ ਕਰਨ ਦੀ ਸਾਜ਼ਿਸ਼ ਰਚੀ ਗਈ ਸੀ।

ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਇਸ ਕਾਰਵਾਈ ਨੇ ਇੱਕ ਵੱਡੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਇਸ ਨੈੱਟਵਰਕ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕਰਕੇ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਐਸਐਸਪੀ ਸੋਹੇਲ ਮੀਰ ਨੇ ਕਿਹਾ ਕਿ ਪੰਜਾਬ ਪੁਲਿਸ ਕਿਸੇ ਵੀ ਤਰ੍ਹਾਂ ਦੀ ਅੱਤਵਾਦੀ ਗਤੀਵਿਧੀ ਨੂੰ ਬਰਦਾਸ਼ਤ ਨਹੀਂ ਕਰੇਗੀ ਅਤੇ ਰਾਜ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਚੌਕਸ ਹੈ।

Leave a Reply

Your email address will not be published. Required fields are marked *