ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੱਛਮੀ ਏਸ਼ੀਆ ਵਿੱਚ ਚੱਲ ਰਹੇ ਤਣਾਅ ਅਤੇ ਜੰਗੀ ਹਾਲਾਤਾਂ ਦੇ ਮੱਦੇਨਜ਼ਰ ਅੱਜ ਸ਼ਾਮ 7 ਵਜੇ ਇਕ ਹੋਰ ਅਹਿਮ ਉੱਚ-ਸਤ੍ਹਾ ਮੀਟਿੰਗ ਸੱਦ ਲਈ ਹੈ। ਇਸ ਮੀਟਿੰਗ ਵਿੱਚ ਦੇਸ਼ ਦੀ ਸੁਰੱਖਿਆ, ਬਿਜਲੀ ਸਪਲਾਈ, ਜ਼ਰੂਰੀ ਵਸਤੂਆਂ ਦੀ ਉਪਲਬਧਤਾ ਅਤੇ ਜੰਗ ਦੇ ਸੰਭਾਵਿਤ ਅਸਰਾਂ ‘ਤੇ ਵਿਸਥਾਰ ਨਾਲ ਚਰਚਾ ਕੀਤੀ ਜਾਵੇਗੀ।
ਮੀਟਿੰਗ ਵਿੱਚ ਵਿਦੇਸ਼ ਮੰਤਰੀ ਐਸ. ਜੈਸ਼ੰਕਰ, ਰੱਖਿਆ ਮੰਤਰੀ ਰਾਜਨਾਥ ਸਿੰਘ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਸਮੇਤ ਕਈ ਵੱਡੇ ਮੰਤਰੀ ਸ਼ਾਮਲ ਹੋਣਗੇ। ਇਸ ਉੱਚ-ਸਤ੍ਹਾ ਬੈਠਕ ਵਿੱਚ ਦੇਸ਼ ਦੇ ਮਹੱਤਵਪੂਰਨ ਖੇਤਰਾਂ ‘ਤੇ ਜੰਗ ਦੇ ਪ੍ਰਭਾਵ ਦਾ ਜਾਇਜ਼ਾ ਲਿਆ ਜਾਵੇਗਾ।
ਖਾਸ ਤੌਰ ‘ਤੇ ਇਹ ਯਕੀਨੀ ਬਣਾਉਣ ‘ਤੇ ਧਿਆਨ ਦਿੱਤਾ ਜਾਵੇਗਾ ਕਿ ਜੰਗ ਦੇ ਬਾਵਜੂਦ ਦੇਸ਼ ਭਰ ਵਿੱਚ ਬਿਜਲੀ ਦੀ ਸਪਲਾਈ ਪ੍ਰਭਾਵਿਤ ਨਾ ਹੋਵੇ। ਇਸਦੇ ਨਾਲ ਹੀ ਪੈਟਰੋਲ, ਡੀਜ਼ਲ, ਰਸੋਈ ਗੈਸ ਅਤੇ ਹੋਰ ਜ਼ਰੂਰੀ ਚੀਜ਼ਾਂ ਦੀ ਸਪਲਾਈ ਬਾਰੇ ਵੀ ਸਮੀਖਿਆ ਕੀਤੀ ਜਾਵੇਗੀ।
ਸਰਕਾਰ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਅਫਵਾਹਾਂ ਤੋਂ ਦੂਰ ਰਹਿਣ ਅਤੇ ਇਸ ਮੁਸ਼ਕਲ ਸਮੇਂ ਵਿੱਚ ਇਕੱਠੇ ਹੋ ਕੇ ਕੰਮ ਕਰਨ। ਪੱਛਮੀ ਏਸ਼ੀਆ ਦੇ ਹਾਲਾਤਾਂ ਕਾਰਨ ਦੇਸ਼ ਦੇ ਕਈ ਮਹੱਤਵਪੂਰਨ ਖੇਤਰ ਪ੍ਰਭਾਵਿਤ ਹੋ ਸਕਦੇ ਹਨ, ਇਸ ਲਈ ਸਰਕਾਰ ਪੂਰੀ ਤਰ੍ਹਾਂ ਸਾਵਧਾਨ ਹੈ।
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ 22 ਮਾਰਚ ਨੂੰ ਵੀ CCS ਦੀ ਬੈਠਕ ਹੋਈ ਸੀ ਅਤੇ ਕੁਝ ਹੀ ਦਿਨਾਂ ਬਾਅਦ ਫਿਰ ਤੋਂ ਇਹ ਮੀਟਿੰਗ ਸੱਦ ਲਈ ਗਈ ਹੈ। CCS, ਯਾਨੀ ਕੈਬਿਨੇਟ ਕਮੇਟੀ ਆਨ ਸਿਕਿਊਰਿਟੀ, ਦੇਸ਼ ਦੀ ਰਾਸ਼ਟਰੀ ਸੁਰੱਖਿਆ ਅਤੇ ਰਣਨੀਤਕ ਮਾਮਲਿਆਂ ‘ਤੇ ਸਭ ਤੋਂ ਵੱਡੇ ਫੈਸਲੇ ਲੈਣ ਵਾਲੀ ਸੰਸਥਾ ਹੈ, ਜਿਸ ਦੀ ਅਗਵਾਈ ਖੁਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰਦੇ ਹਨ।
