ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਰਿਆਣਾ ਸਰਕਾਰ ਨੂੰ ਪਾਣੀ ਸੰਭਾਲ ਕੇ ਵਰਤਣ ਦੀ ਸਲਾਹ ਦਿੱਤੀ ਹੈ। ਚੰਡੀਗੜ੍ਹ ਵਿੱਚ ਪ੍ਰੈਸ ਕਾਨਫਰੰਸ ਦੌਰਾਨ CM ਮਾਨ ਨੇ ਕਿਹਾ ਕਿ ਹਰਿਆਣਾ ਸਰਕਾਰ ਹਰ ਸਾਲ ਇਨ੍ਹਾਂ ਦਿਨਾਂ ਵਿੱਚ ਪਾਣੀ ਲਈ ਪੰਜਾਬ ਨਾਲ ਟਕਰਾਉਂਦੀ ਹੈ, ਇਸ ਲਈ ਪੰਜਾਬ ਨੇ ਪਹਿਲਾਂ ਹੀ ਹਰਿਆਣਾ ਨੂੰ ਚੇਤਾਵਨੀ ਦੇ ਦਿੱਤੀ ਹੈ ਕਿ ਪਾਣੀ ਦੀ ਖਪਤ ਪੂਰੇ ਸੰਯਮ ਨਾਲ ਕੀਤੀ ਜਾਵੇ। ਇਸ ਸਬੰਧੀ ਹਰਿਆਣਾ ਸਰਕਾਰ ਨੂੰ ਪੱਤਰ ਵੀ ਲਿਖਿਆ ਗਿਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵੱਲੋਂ ਹਰਿਆਣਾ ਨੂੰ ਉਸਦੇ ਹਿੱਸੇ ਦਾ ਪਾਣੀ ਦਿੱਤਾ ਜਾ ਰਿਹਾ ਹੈ ਅਤੇ ਇਹ 21 ਮਈ ਤੱਕ ਜਾਰੀ ਰਹੇਗਾ। ਇਸ ਤੋਂ ਵੱਧ ਪਾਣੀ ਪੰਜਾਬ ਨਹੀਂ ਦੇ ਸਕਦਾ। ਉਨ੍ਹਾਂ ਸਾਫ਼ ਕਿਹਾ ਕਿ ਪੰਜਾਬ ਨਿਰਧਾਰਿਤ ਸਪਲਾਈ ਤੋਂ ਵੱਧ ਪਾਣੀ ਹਰਿਆਣਾ ਨੂੰ ਨਹੀਂ ਦੇਵੇਗਾ।
ਉਨ੍ਹਾਂ ਕਿਹਾ ਕਿ ਜਾਣਕਾਰੀ ਮਿਲੀ ਹੈ ਕਿ ਹਰਿਆਣਾ ਨੇ ਹੁਣ ਤੱਕ ਆਪਣੇ ਹਿੱਸੇ ਦੇ ਪਾਣੀ ਵਿੱਚੋਂ ਕੇਵਲ 70 ਤੋਂ 75 ਫੀਸਦੀ ਹੀ ਵਰਤਿਆ ਹੈ, ਜੋ ਚੰਗੀ ਗੱਲ ਹੈ। 21 ਮਈ ਤੱਕ ਇਹ ਪਾਣੀ ਵਰਤਿਆ ਜਾ ਸਕਦਾ ਹੈ, ਇਸ ਤੋਂ ਬਾਅਦ ਹੀ ਅਗਲੇ ਕੋਟੇ ਅਨੁਸਾਰ ਪਾਣੀ ਦੀ ਸਪਲਾਈ ਕੀਤੀ ਜਾਵੇਗੀ।
CM ਮਾਨ ਨੇ ਇਹ ਵੀ ਕਿਹਾ ਕਿ ਇਹ ਚੰਗੀ ਗੱਲ ਹੈ ਕਿ ਇਸ ਵਾਰ ਹਰਿਆਣਾ ਸਰਕਾਰ ਨੇ ਆਪਣੇ ਬਜਟ ਵਿੱਚ SYL ਲਈ ਕੋਈ ਰਕਮ ਨਹੀਂ ਰੱਖੀ। ਉਨ੍ਹਾਂ ਕਿਹਾ ਕਿ ਹਰਿਆਣਾ ਨੂੰ ਹੁਣ ਇਹ ਮਸਲਾ ਖਤਮ ਹੀ ਕਰ ਦੇਣਾ ਚਾਹੀਦਾ ਹੈ।
ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਹਿਲੀ ਵਾਰ ਪੰਜਾਬ ਦਾ ਪਾਣੀ ਪੰਜਾਬ ਦੇ ਲੋਕਾਂ ਅਤੇ ਕਿਸਾਨਾਂ ਲਈ ਵਰਤਣਾ ਸ਼ੁਰੂ ਕੀਤਾ ਹੈ। ਹੁਣ ਆਖ਼ਰੀ ਟੇਲ ਤੱਕ ਕਿਸਾਨਾਂ ਨੂੰ ਸਿੰਚਾਈ ਲਈ ਨਹਿਰੀ ਪਾਣੀ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਕੋਲ ਹੋਰ ਸੂਬਿਆਂ ਲਈ ਕੋਈ ਵਾਧੂ ਪਾਣੀ ਨਹੀਂ ਹੈ ਅਤੇ ਨਾ ਹੀ ਹੋਰ ਸੂਬਿਆਂ ਨੂੰ ਇਸਦੀ ਉਮੀਦ ਰੱਖਣੀ ਚਾਹੀਦੀ ਹੈ।
