ਮੋਗਾ ਵਿੱਚ ਹੋਏ ਸੂਬਾ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਈ ਬਹੁ-ਕਰੋੜੀ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ। ਉਨ੍ਹਾਂ ਕਿਹਾ ਕਿ ਸਰਕਾਰ 47 ਕਿਲੋਮੀਟਰ ਤੋਂ ਵੱਧ ਸੜਕਾਂ ਦੇ ਅਪਗ੍ਰੇਡੇਸ਼ਨ, 18.80 ਕਰੋੜ ਰੁਪਏ ਦੇ ਬਿਜਲੀ ਪ੍ਰੋਜੈਕਟਾਂ ਅਤੇ ਸ਼ਹਿਰੀ ਵਿਕਾਸ ਰਾਹੀਂ ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਵੱਲ ਵੱਧ ਰਹੀ ਹੈ।

CM ਮਾਨ ਨੇ ਕਿਹਾ ਕਿ ਸਰਕਾਰ ਕਿਸਾਨਾਂ ਦੀ ਕਣਕ ਦਾ ਦਾਣਾ-ਦਾਣਾ ਖਰੀਦੇਗੀ ਅਤੇ ਕਿਸੇ ਵੀ ਕਿਸਾਨ ਨੂੰ ਆੜ੍ਹਤੀਆਂ ਦੇ ਰਹਿਮੋ-ਕਰਮ ‘ਤੇ ਨਹੀਂ ਛੱਡਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਆੜ੍ਹਤੀਆਂ ਦੀ ਹੜਤਾਲ ਦੇ ਮੱਦੇਨਜ਼ਰ ਸਹਿਕਾਰੀ ਸਭਾਵਾਂ ਦਾ ਖਰੀਦ ਕੋਟਾ ਵਧਾਇਆ ਜਾਵੇਗਾ, ਤਾਂ ਜੋ ਖਰੀਦ ਵਿੱਚ ਕੋਈ ਰੁਕਾਵਟ ਨਾ ਆਵੇ।
ਉਨ੍ਹਾਂ ਐਲਾਨ ਕੀਤਾ ਕਿ 13 ਅਪ੍ਰੈਲ ਤੋਂ “30 ਦਿਨ ਤਕਸੀਮ” ਮੁਹਿੰਮ ਸ਼ੁਰੂ ਹੋਵੇਗੀ, ਜਿਸ ਤਹਿਤ ਜ਼ਮੀਨਾਂ ਅਤੇ ਜਾਇਦਾਦਾਂ ਦੀ ਤਕਸੀਮ ਇੱਕ ਮਹੀਨੇ ਅੰਦਰ ਕਰਵਾਈ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਨਹਿਰੀ ਪ੍ਰਣਾਲੀ ‘ਤੇ 6500 ਕਰੋੜ ਰੁਪਏ ਖਰਚ ਕੀਤੇ ਹਨ। ਪਹਿਲਾਂ ਸਿਰਫ਼ 21 ਫੀਸਦੀ ਨਹਿਰੀ ਪਾਣੀ ਵਰਤਿਆ ਜਾਂਦਾ ਸੀ, ਜੋ ਹੁਣ 68 ਫੀਸਦੀ ਹੋ ਗਿਆ ਹੈ ਅਤੇ ਆਉਂਦੇ ਝੋਨੇ ਦੇ ਸੀਜ਼ਨ ਤੱਕ 85 ਫੀਸਦੀ ਤੱਕ ਪਹੁੰਚ ਜਾਵੇਗਾ। 1365 ਪਿੰਡਾਂ ਤੱਕ ਪਹਿਲੀ ਵਾਰ ਨਹਿਰੀ ਪਾਣੀ ਪਹੁੰਚਿਆ ਹੈ।
CM ਮਾਨ ਨੇ ਕਿਹਾ ਕਿ ਕਿਸਾਨਾਂ ਦੀ ਸੁਰੱਖਿਆ ਲਈ ਖੇਤਾਂ ਵਿੱਚੋਂ ਹਾਈ ਟੈਂਸ਼ਨ ਬਿਜਲੀ ਤਾਰਾਂ ਨੂੰ ਜ਼ਮੀਨਦੋਜ਼ ਕਰਨ ਦੀ ਯੋਜਨਾ ‘ਤੇ ਕੰਮ ਕੀਤਾ ਜਾ ਰਿਹਾ ਹੈ। ਇਸ ਦੀ ਸ਼ੁਰੂਆਤ ਉਨ੍ਹਾਂ ਦੇ ਜੱਦੀ ਪਿੰਡ ਤੋਂ ਹੋਵੇਗੀ।
ਰੋਜ਼ਗਾਰ ਬਾਰੇ ਉਨ੍ਹਾਂ ਕਿਹਾ ਕਿ ਸਰਕਾਰ ਨੇ ਹੁਣ ਤੱਕ 65 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਬਿਨਾਂ ਰਿਸ਼ਵਤ ਜਾਂ ਸਿਫ਼ਾਰਸ਼ ਦੇ ਦਿੱਤੀਆਂ ਹਨ, ਜਦਕਿ ਨਿੱਜੀ ਨਿਵੇਸ਼ ਰਾਹੀਂ 7 ਲੱਖ ਤੋਂ ਵੱਧ ਰੋਜ਼ਗਾਰ ਦੇ ਮੌਕੇ ਬਣੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ 90 ਫੀਸਦੀ ਪਰਿਵਾਰਾਂ ਨੂੰ ਮੁਫ਼ਤ ਬਿਜਲੀ ਕਾਰਨ ਬਿੱਲ ਨਹੀਂ ਆ ਰਿਹਾ ਅਤੇ ਹਰ ਘਰ ਨੂੰ 600 ਯੂਨਿਟ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਵਾਲੀ ਮੁੱਖ ਮੰਤਰੀ ਸਿਹਤ ਯੋਜਨਾ ਅਤੇ ਮਹਿਲਾਵਾਂ ਲਈ ਚੱਲ ਰਹੀਆਂ ਭਲਾਈ ਸਕੀਮਾਂ ਦਾ ਵੀ ਲਾਭ ਲੈਣ ਦੀ ਅਪੀਲ ਕੀਤੀ।
ਵਿਕਾਸ ਪ੍ਰੋਜੈਕਟਾਂ ਦੀ ਗੱਲ ਕਰਦੇ ਹੋਏ ਉਨ੍ਹਾਂ ਦੱਸਿਆ ਕਿ ਮੋਗਾ-ਬਾਘਾਪੁਰਾਣਾ-ਕੋਟਕਪੂਰਾ ਸੜਕ 46.98 ਕਰੋੜ ਰੁਪਏ ਨਾਲ ਅਪਗ੍ਰੇਡ ਹੋ ਰਹੀ ਹੈ, ਜਦਕਿ ਮੋਗਾ-ਧਰਮਕੋਟ ਸੜਕ ਦਾ 9.98 ਕਰੋੜ ਰੁਪਏ ਨਾਲ ਨਵੀਨੀਕਰਨ ਕੀਤਾ ਜਾ ਰਿਹਾ ਹੈ। ਨਗਰ ਨਿਗਮ ਵੱਲੋਂ 88.62 ਕਰੋੜ ਰੁਪਏ ਦੇ ਸ਼ਹਿਰੀ ਵਿਕਾਸ ਕੰਮ ਚੱਲ ਰਹੇ ਹਨ, ਜਿਨ੍ਹਾਂ ਵਿੱਚ ਸੜਕਾਂ, ਕਮਿਊਨਿਟੀ ਹਾਲ, ਸਟ੍ਰੀਟ ਵੈਂਡਿੰਗ ਜ਼ੋਨ ਅਤੇ ਸ਼ਹਿਰ ਦੇ ਸੁੰਦਰੀਕਰਨ ਦੇ ਕੰਮ ਸ਼ਾਮਲ ਹਨ।
ਬਿਜਲੀ ਖੇਤਰ ਵਿੱਚ ਰਸੁੰਗਾਵਾਲਾ ਅਤੇ ਸੋਸਣ ਵਿਖੇ ਨਵੇਂ ਟ੍ਰਾਂਸਫਾਰਮਰ ਲਗਾਏ ਜਾ ਰਹੇ ਹਨ ਅਤੇ ਮੋਗਾ ਦੀ ਬਿਜਲੀ ਵੰਡ ਪ੍ਰਣਾਲੀ ‘ਤੇ ਵੀ ਕਰੋੜਾਂ ਰੁਪਏ ਖਰਚ ਕੀਤੇ ਜਾ ਰਹੇ ਹਨ। ਇਸ ਨਾਲ ਸ਼ਹਿਰ ਅਤੇ ਆਲੇ-ਦੁਆਲੇ ਦੇ ਪਿੰਡਾਂ ਨੂੰ ਵੱਡਾ ਲਾਭ ਮਿਲੇਗਾ।
ਵਿਰੋਧੀਆਂ ‘ਤੇ ਨਿਸ਼ਾਨਾ ਸਾਧਦਿਆਂ CM ਮਾਨ ਨੇ ਅਕਾਲੀ ਦਲ, ਭਾਜਪਾ ਅਤੇ ਕਾਂਗਰਸ ‘ਤੇ ਪੰਜਾਬ ਨਾਲ ਧੋਖਾ ਕਰਨ ਦੇ ਦੋਸ਼ ਲਗਾਏ। ਉਨ੍ਹਾਂ ਕਿਹਾ ਕਿ ਰਵਾਇਤੀ ਪਾਰਟੀਆਂ ਨੇ ਪੰਜਾਬ ਨੂੰ ਪਿੱਛੇ ਧੱਕਿਆ, ਜਦਕਿ ਮੌਜੂਦਾ ਸਰਕਾਰ ਸਿੱਖਿਆ, ਸਿਹਤ, ਖੇਤੀਬਾੜੀ ਅਤੇ ਬੁਨਿਆਦੀ ਢਾਂਚੇ ‘ਤੇ ਕੰਮ ਕਰ ਰਹੀ ਹੈ।
