ਅਰਵਿੰਦ ਕੇਜਰੀਵਾਲ ਨੇ ਜਸਟਿਸ ਸਵਰਨ ਕਾਂਤਾ ਸ਼ਰਮਾ ਨੂੰ ਲਿਖਿਆ ਪੱਤਰ, ਕਿਹਾ- “ਕੋਰਟ ‘ਚ ਨਹੀਂ ਹੋਵਾਂਗਾ ਪੇਸ਼”

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਹਾਈ ਕੋਰਟ ਦੀ ਜਸਟਿਸ ਸਵਰਨ ਕਾਂਤਾ ਸ਼ਰਮਾ ਨੂੰ ਇੱਕ ਮਹੱਤਵਪੂਰਨ ਪੱਤਰ ਲਿਖ ਕੇ ਆਪਣਾ ਸਟੈਂਡ ਸਪੱਸ਼ਟ ਕੀਤਾ ਹੈ। ਆਪਣੇ ਪੱਤਰ ਵਿੱਚ ਕੇਜਰੀਵਾਲ ਨੇ ਦੱਸਿਆ ਕਿ ਉਹ ਹੁਣ ਨਾ ਤਾਂ ਨਿੱਜੀ ਤੌਰ ‘ਤੇ ਅਤੇ ਨਾ ਹੀ ਆਪਣੇ ਵਕੀਲ ਰਾਹੀਂ ਉਨ੍ਹਾਂ ਦੀ ਅਦਾਲਤ ਵਿੱਚ ਪੇਸ਼ ਹੋਣਗੇ।

ਕੇਜਰੀਵਾਲ ਨੇ ਪੱਤਰ ਵਿੱਚ ਲਿਖਿਆ ਕਿ ਉਹਨਾਂ ਨੂੰ ਇਸ ਅਦਾਲਤ ਤੋਂ ਨਿਆਂ ਮਿਲਣ ਦੀ ਉਮੀਦ ਨਹੀਂ ਰਹੀ। ਉਨ੍ਹਾਂ ਨੇ ਕਿਹਾ ਕਿ ਇਹ ਫੈਸਲਾ ਉਹਨਾਂ ਨੇ ਆਪਣੀ ਜ਼ਮੀਰ ਦੀ ਆਵਾਜ਼ ਦੇ ਆਧਾਰ ‘ਤੇ ਲਿਆ ਹੈ ਅਤੇ ਹੁਣ ਉਹ ਮਹਾਤਮਾ ਗਾਂਧੀ ਦੇ ਸੱਤਿਆਗ੍ਰਹਿ ਦੇ ਰਸਤੇ ‘ਤੇ ਚੱਲਣ ਦਾ ਫੈਸਲਾ ਕਰ ਰਹੇ ਹਨ। ਨਾਲ ਹੀ ਉਨ੍ਹਾਂ ਨੇ ਇਹ ਵੀ ਸਪੱਸ਼ਟ ਕੀਤਾ ਕਿ ਉਹ ਜਸਟਿਸ ਸਵਰਨ ਕਾਂਤਾ ਦੇ ਕਿਸੇ ਵੀ ਫੈਸਲੇ ਖ਼ਿਲਾਫ਼ ਸੁਪਰੀਮ ਕੋਰਟ ਵਿੱਚ ਅਪੀਲ ਕਰਨ ਦਾ ਅਧਿਕਾਰ ਰੱਖਦੇ ਹਨ।

ਗੌਰਤਲਬ ਹੈ ਕਿ ਦਿੱਲੀ ਹਾਈ ਕੋਰਟ ਨੇ ਹਾਲ ਹੀ ਵਿੱਚ ਸ਼ਰਾਬ ਘੁਟਾਲੇ ਨਾਲ ਸੰਬੰਧਿਤ ਮਾਮਲੇ ਵਿੱਚ ਕੇਜਰੀਵਾਲ ਵੱਲੋਂ ਜੱਜ ਬਦਲਣ ਦੀ ਕੀਤੀ ਗਈ ਮੰਗ ਨੂੰ ਰੱਦ ਕਰ ਦਿੱਤਾ ਸੀ। ਕੇਜਰੀਵਾਲ ਨੇ ਦਲੀਲ ਦਿੱਤੀ ਸੀ ਕਿ ਕੇਸ ਦੀ ਸੁਣਵਾਈ ਕਰ ਰਹੀ ਜਸਟਿਸ ਸਵਰਨ ਕਾਂਤਾ ਸ਼ਰਮਾ ਵੱਲੋਂ ਪੱਖਪਾਤ ਕੀਤਾ ਜਾ ਰਿਹਾ ਹੈ ਅਤੇ ਇਸ ਲਈ ਕੇਸ ਨੂੰ ਕਿਸੇ ਹੋਰ ਬੈਂਚ ਕੋਲ ਟਰਾਂਸਫਰ ਕੀਤਾ ਜਾਣਾ ਚਾਹੀਦਾ ਹੈ।

ਹਾਲਾਂਕਿ, ਹਾਈ ਕੋਰਟ ਨੇ ਇਹ ਦਲੀਲਾਂ ਸਵੀਕਾਰ ਨਹੀਂ ਕੀਤੀਆਂ ਅਤੇ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ। ਸੁਣਵਾਈ ਦੌਰਾਨ ਮੁੱਖ ਜੱਜ ਵੱਲੋਂ ਵੀ ਇਸ ਮਾਮਲੇ ‘ਤੇ ਟਿੱਪਣੀ ਕੀਤੀ ਗਈ ਸੀ, ਜਿਸ ਤੋਂ ਬਾਅਦ ਅਦਾਲਤ ਨੇ ਜੱਜ ਬਦਲਣ ਦੀ ਮੰਗ ਨੂੰ ਨਕਾਰ ਦਿੱਤਾ।

ਪਟੀਸ਼ਨ ਖ਼ਾਰਜ ਹੋਣ ਤੋਂ ਬਾਅਦ ਕੇਜਰੀਵਾਲ ਵੱਲੋਂ ਲਿਆ ਗਿਆ ਇਹ ਨਵਾਂ ਫੈਸਲਾ ਸਿਆਸੀ ਅਤੇ ਕਾਨੂੰਨੀ ਹਲਕਿਆਂ ਵਿੱਚ ਚਰਚਾ ਦਾ ਵਿਸ਼ਾ ਬਣ ਗਿਆ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਇਸ ਮਾਮਲੇ ਵਿੱਚ ਅੱਗੇ ਕਿਹੜਾ ਕਾਨੂੰਨੀ ਮੋੜ ਆਉਂਦਾ ਹੈ ਅਤੇ ਕੀ ਕੇਜਰੀਵਾਲ ਇਸ ਮਾਮਲੇ ਨੂੰ ਸੁਪਰੀਮ ਕੋਰਟ ਤੱਕ ਲੈ ਕੇ ਜਾਂਦੇ ਹਨ।

Leave a Reply

Your email address will not be published. Required fields are marked *