ਪੰਜਾਬ ਪੁਲਿਸ ਦਾ ਵੱਡਾ ਐਕਸ਼ਨ, ਸ਼ੰਭੂ ਰੇਲ ਟ੍ਰੈਕ ਧਮਾਕੇ ਮਾਮਲੇ ‘ਚ ਮੁੱਖ ਮੁਲਜ਼ਮ ਦਾ ਸਾਥੀ ਗ੍ਰਿਫ਼ਤਾਰ

ਪਟਿਆਲਾ ਦੇ ਸ਼ੰਭੂ ਰੇਲਵੇ ਟਰੈਕ ਧਮਾਕੇ ਮਾਮਲੇ ਵਿੱਚ ਪੰਜਾਬ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। SSOC ਅੰਮ੍ਰਿਤਸਰ, ਪਟਿਆਲਾ ਪੁਲਿਸ ਅਤੇ CI ਪਠਾਨਕੋਟ ਦੀ ਸਾਂਝੀ ਕਾਰਵਾਈ ਦੌਰਾਨ ਮੁੱਖ ਸਾਜ਼ਿਸ਼ ਨਾਲ ਜੁੜੇ ਇੱਕ ਅਹਿਮ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਹਿਚਾਣ ਗੁਰਜਿੰਦਰ ਸਿੰਘ ਵਜੋਂ ਹੋਈ ਹੈ, ਜੋ ਕਿ ਜਗਰੂਪ ਸਿੰਘ ਦਾ ਕਰੀਬੀ ਸਾਥੀ ਦੱਸਿਆ ਜਾ ਰਿਹਾ ਹੈ। ਪੁਲਿਸ ਦੇ ਅਨੁਸਾਰ ਗੁਰਜਿੰਦਰ ਸਿੰਘ ਦੀ ਭੂਮਿਕਾ ਸ਼ੰਭੂ ਰੇਲਵੇ ਟਰੈਕ ਧਮਾਕੇ ਤੋਂ ਇਲਾਵਾ ਸਰਹਿੰਦ ਰੇਲਵੇ ਟਰੈਕ ਧਮਾਕੇ ਅਤੇ ਮੋਗਾ ਦੇ CIA ਦਫ਼ਤਰ ‘ਤੇ ਹੋਏ ਗ੍ਰਨੇਡ ਹਮਲੇ ਵਿੱਚ ਵੀ ਰਹੀ ਹੈ।

ਇਸ ਸੰਬੰਧੀ ਜਾਣਕਾਰੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵੱਲੋਂ ਸਾਂਝੀ ਕੀਤੀ ਗਈ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਗੁਰਦਾਸਪੁਰ ਜ਼ਿਲ੍ਹੇ ਦੇ ਧਾਰੀਵਾਲ ਇਲਾਕੇ ਦਾ ਰਹਿਣ ਵਾਲਾ ਹੈ।

ਸ਼ੁਰੂਆਤੀ ਜਾਂਚ ਮੁਤਾਬਕ ਇਹ ਸਾਰੀਆਂ ਵਾਰਦਾਤਾਂ ਵਿਦੇਸ਼ੀ ਹੈਂਡਲਰਾਂ ਦੇ ਇਸ਼ਾਰੇ ‘ਤੇ ਅੰਜਾਮ ਦਿੱਤੀਆਂ ਗਈਆਂ ਸਨ, ਜਿਨ੍ਹਾਂ ਦਾ ਮਕਸਦ ਪੰਜਾਬ ਵਿੱਚ ਅਸ਼ਾਂਤੀ ਪੈਦਾ ਕਰਨਾ ਸੀ। 27 ਅਪ੍ਰੈਲ ਨੂੰ ਹੋਏ ਸ਼ੰਭੂ ਧਮਾਕੇ ਦੀ ਜਾਂਚ ਦੌਰਾਨ ਹੁਣ ਤੱਕ ਕੁੱਲ 5 ਗ੍ਰਿਫ਼ਤਾਰੀਆਂ ਹੋ ਚੁੱਕੀਆਂ ਹਨ।

ਪੁਲਿਸ ਦੇ ਮੁਤਾਬਕ ਇਸ ਮਾਮਲੇ ਨਾਲ ਜੁੜੇ ਪਹਿਲਾਂ ਦੇ ਦੋ ਵੱਡੇ ਹਮਲੇ—23 ਜਨਵਰੀ ਨੂੰ ਸਰਹਿੰਦ ਰੇਲਵੇ ਟਰੈਕ ਧਮਾਕਾ ਅਤੇ 7 ਨਵੰਬਰ 2025 ਨੂੰ ਮੋਗਾ CIA ‘ਤੇ ਗ੍ਰਨੇਡ ਹਮਲਾ—ਵੀ ਹੁਣ ਸੁਲਝਾ ਲਏ ਗਏ ਹਨ।

ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਮੁੱਖ ਮੁਲਜ਼ਮ ਜਗਰੂਪ ਸਿੰਘ, ਜੋ ਹੁਣ ਮ੍ਰਿਤਕ ਹੈ, ਨੇ ਆਪਣੇ ਸਾਥੀ ਗੁਰਜਿੰਦਰ ਸਿੰਘ ਨਾਲ ਮਿਲ ਕੇ ਸ਼ੰਭੂ ਵਿੱਚ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਦੋਵੇਂ ਮੁਲਜ਼ਮ ਸੁਰੱਖਿਆ ਏਜੰਸੀਆਂ ਤੋਂ ਬਚਣ ਲਈ ਵੱਖ-ਵੱਖ ਟ੍ਰੇਨਾਂ ਰਾਹੀਂ ਘਟਨਾ ਸਥਾਨ ‘ਤੇ ਪਹੁੰਚੇ ਅਤੇ ਆਪਸੀ ਤਾਲਮੇਲ ਨਾਲ ਯੋਜਨਾ ਨੂੰ ਅਮਲੀ ਜਾਮਾ ਪਾਇਆ।

ਤਕਨੀਕੀ ਸਬੂਤਾਂ ਦੇ ਆਧਾਰ ‘ਤੇ ਪੁਲਿਸ ਵੱਲੋਂ ਇਨ੍ਹਾਂ ਤੱਥਾਂ ਦੀ ਪੁਸ਼ਟੀ ਕੀਤੀ ਗਈ ਹੈ। ਇਸ ਮਾਮਲੇ ਨਾਲ ਜੁੜੇ ਮਾਡਿਊਲ ਦੇ ਮਲੇਸ਼ੀਆ ਵਿੱਚ ਬੈਠੇ ਹੈਂਡਲਰਾਂ ਦੀ ਪਛਾਣ ਕਰ ਲਈ ਗਈ ਹੈ, ਜਿਨ੍ਹਾਂ ਦੇ ਸੰਬੰਧ ਅਮਰੀਕਾ ਅਤੇ ਪਾਕਿਸਤਾਨ ਵਿੱਚ ਬੈਠੇ ਆਕਿਆਂ ਨਾਲ ਵੀ ਜੁੜੇ ਹੋਏ ਪਾਏ ਗਏ ਹਨ।

ਪੰਜਾਬ ਪੁਲਿਸ ਵੱਲੋਂ ਦਾਅਵਾ ਕੀਤਾ ਗਿਆ ਹੈ ਕਿ ਪੂਰੇ ਨੈੱਟਵਰਕ ਦਾ ਖੁਲਾਸਾ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਵਿੱਚ ਸ਼ਾਮਲ ਹਰ ਇੱਕ ਵਿਅਕਤੀ ਨੂੰ ਕਾਨੂੰਨ ਦੇ ਕਟਘਰੇ ਵਿੱਚ ਲਿਆਂਦਾ ਜਾਵੇਗਾ। ਪੁਲਿਸ ਨੇ ਦੁਹਰਾਇਆ ਕਿ ਸੂਬੇ ਵਿੱਚ ਸ਼ਾਂਤੀ ਅਤੇ ਸੁਰੱਖਿਆ ਬਣਾਈ ਰੱਖਣ ਲਈ ਉਹ ਪੂਰੀ ਤਰ੍ਹਾਂ ਵਚਨਬੱਧ ਹੈ।

Leave a Reply

Your email address will not be published. Required fields are marked *