ਪੰਜਾਬ ਵਿੱਚ ਲਗਾਤਾਰ ਵੱਧ ਰਹੀ ਬਿਜਲੀ ਦੀ ਮੰਗ ਦੇ ਮੱਦੇਨਜ਼ਰ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਨੇ ਹੁਣ ਲੋਡ ਤੋਂ ਵੱਧ ਬਿਜਲੀ ਖਪਤ ਕਰਨ ਵਾਲੇ ਖਪਤਕਾਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦਾ ਫੈਸਲਾ ਕੀਤਾ ਹੈ। PSPCL ਵੱਲੋਂ ਜਾਰੀ ਨਵੇਂ ਹੁਕਮਾਂ ਅਨੁਸਾਰ ਜੇਕਰ ਕੋਈ ਵੀ ਖਪਤਕਾਰ ਆਪਣੇ ਮਨਜ਼ੂਰਸ਼ੁਦਾ ਲੋਡ ਤੋਂ 10 ਫੀਸਦੀ ਤੋਂ ਵੱਧ ਬਿਜਲੀ ਦੀ ਵਰਤੋਂ ਕਰਦਾ ਹੈ ਤਾਂ ਉਸ ਨੂੰ 7 ਦਿਨਾਂ ਦੇ ਅੰਦਰ ਨੋਟਿਸ ਜਾਰੀ ਕੀਤਾ ਜਾਵੇਗਾ।
ਪਾਵਰਕੌਮ ਨੇ ਸਪੱਸ਼ਟ ਕੀਤਾ ਹੈ ਕਿ ਵਾਧੂ ਬਿਜਲੀ ਖਪਤ ਕਰਨ ਵਾਲੇ ਖਪਤਕਾਰਾਂ ‘ਤੇ ਜੁਰਮਾਨੇ ਦੇ ਨਾਲ ਹੋਰ ਵਾਧੂ ਚਾਰਜ ਵੀ ਲਗਾਏ ਜਾਣਗੇ। ਜੇਕਰ ਕੋਈ ਖਪਤਕਾਰ ਲਗਾਤਾਰ ਤੀਜੀ ਵਾਰ ਵੀ ਨਿਰਧਾਰਤ ਲੋਡ ਤੋਂ ਵੱਧ ਬਿਜਲੀ ਦੀ ਵਰਤੋਂ ਕਰਦਾ ਪਾਇਆ ਗਿਆ ਤਾਂ ਉਸ ਖਿਲਾਫ ਬਿਜਲੀ ਚੋਰੀ ਦਾ ਮਾਮਲਾ ਦਰਜ ਕੀਤਾ ਜਾਵੇਗਾ ਅਤੇ FIR ਵੀ ਦਰਜ ਹੋ ਸਕਦੀ ਹੈ।
PSPCL ਪ੍ਰਬੰਧਨ ਨੇ ਆਪਣੇ ਅਧਿਕਾਰੀਆਂ ਅਤੇ ਇੰਜੀਨੀਅਰਾਂ ਨੂੰ ਵੀ ਸਖ਼ਤ ਹਦਾਇਤਾਂ ਦਿੱਤੀਆਂ ਹਨ ਕਿ ਐਸੇ ਮਾਮਲਿਆਂ ਵਿੱਚ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਜੇ ਕਿਸੇ ਖੇਤਰ ਵਿੱਚ ਲਗਾਤਾਰ ਵੱਧ ਬਿਜਲੀ ਖਪਤ ਕਰਨ ਵਾਲੇ ਖਪਤਕਾਰਾਂ ‘ਤੇ ਸਮੇਂ ਸਿਰ ਕਾਰਵਾਈ ਨਹੀਂ ਕੀਤੀ ਗਈ ਤਾਂ ਸਬੰਧਤ ਅਧਿਕਾਰੀਆਂ ਖ਼ਿਲਾਫ਼ ਵੀ ਵਿਭਾਗੀ ਐਕਸ਼ਨ ਲਿਆ ਜਾਵੇਗਾ।
ਦਰਅਸਲ ਪੰਜਾਬ ਵਿੱਚ ਗਰਮੀ ਦੇ ਮੌਸਮ ਦੌਰਾਨ ਬਿਜਲੀ ਦੀ ਮੰਗ ਵਿੱਚ ਕਾਫੀ ਵਾਧਾ ਹੋ ਰਿਹਾ ਹੈ, ਜਿਸ ਕਾਰਨ ਬਿਜਲੀ ਸਪਲਾਈ ਪ੍ਰਣਾਲੀ ‘ਤੇ ਦਬਾਅ ਵਧ ਰਿਹਾ ਹੈ। ਇਸਦੇ ਨਾਲ ਹੀ ਪਾਵਰਕੌਮ ਨੂੰ ਮਾਲੀਏ ਦੇ ਨੁਕਸਾਨ ਤੋਂ ਬਚਾਉਣ ਅਤੇ ਬਿਜਲੀ ਸਪਲਾਈ ਪ੍ਰਣਾਲੀ ਨੂੰ ਮਜ਼ਬੂਤ ਬਣਾਉਣ ਲਈ PSPCL ਨੇ ਸਪਲਾਈ ਕੋਡ 2024 ਵਿੱਚ ਸੋਧ ਕੀਤੀ ਹੈ।
ਪਾਵਰਕੌਮ ਪ੍ਰਬੰਧਨ ਵੱਲੋਂ ਸਾਰੇ ਮੁੱਖ ਇੰਜੀਨੀਅਰਾਂ ਅਤੇ ਫੀਲਡ ਅਧਿਕਾਰੀਆਂ ਨੂੰ ਨਵੇਂ ਨਿਯਮ ਤੁਰੰਤ ਲਾਗੂ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਹੁਣ ਵੱਧ ਲੋਡ ਵਰਤਣ ਵਾਲੇ ਖਪਤਕਾਰਾਂ ‘ਤੇ ਨਿਗਰਾਨੀ ਹੋਰ ਵੀ ਸਖ਼ਤ ਹੋਵੇਗੀ।
