ਸੀਬੀਆਈ ਅਤੇ ਈਡੀ ਦੇ ਛਾਪੇ ਰਾਜਨੀਤੀ ਤੋਂ ਪ੍ਰੇਰਿਤ, ਭਾਜਪਾ ਵਿਰੋਧੀ ਆਵਾਜ਼ਾਂ ਅਤੇ ਸਰਕਾਰਾਂ ਨੂੰ ਦਬਾਉਣ ਲਈ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ: ਅਮਨ ਅਰੋੜਾ

ਕੇਂਦਰੀ ਜਾਂਚ ਬਿਊਰੋ (ਸੀਬੀਆਈ) ਅਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀਆਂ ਹਾਲੀਆ ਛਾਪੇਮਾਰੀ ‘ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਅਤੇ ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ ਇਹ ਕਾਰਵਾਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਚਲਾਈ ਜਾ ਰਹੀ ਸਿਆਸੀ ਬਦਲਾਖੋਰੀ ਤੋਂ ਇਲਾਵਾ ਕੁਝ ਨਹੀਂ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਆਵਾਜ਼ਾਂ ਅਤੇ ਉਨ੍ਹਾਂ ਸਰਕਾਰਾਂ ਨੂੰ ਨਿਸ਼ਾਨਾ ਬਣਾਉਣ ਲਈ ਕੇਂਦਰੀ ਏਜੰਸੀਆਂ ਦੀ ਯੋਜਨਾਬੱਧ ਤਰੀਕੇ ਨਾਲ ਦੁਰਵਰਤੋਂ ਕੀਤੀ ਜਾ ਰਹੀ ਹੈ ਜੋ ਕੇਂਦਰ ਅੱਗੇ ਝੁਕਣ ਤੋਂ ਇਨਕਾਰ ਕਰਦੀਆਂ ਹਨ।

ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਭਾਜਪਾ ਇਨਸਾਫ਼ ਅਤੇ ਪਾਰਦਰਸ਼ਤਾ ਯਕੀਨੀ ਬਣਾਉਣ ਦੀ ਬਜਾਏ ਆਪਣੇ ਸਿਆਸੀ ਹਿੱਤਾਂ ਦੀ ਪੂਰਤੀ ਲਈ ਸੀਬੀਆਈ ਅਤੇ ਈਡੀ ਵਰਗੀਆਂ ਏਜੰਸੀਆਂ ਦੀ ਖੁੱਲ੍ਹੇਆਮ ਵਰਤੋਂ ਕਰ ਰਹੀ ਹੈ। ਇਹ ਛਾਪੇ ਸਿਆਸਤ ਤੋਂ ਪ੍ਰੇਰਿਤ ਹਨ ਅਤੇ ਇਨ੍ਹਾਂ ਦਾ ਮਕਸਦ ਪੰਜਾਬ ਦੇ ਸ਼ਾਸਨ ਪ੍ਰਬੰਧ ‘ਤੇ ਦਬਾਅ ਪਾਉਣਾ ਹੈ। ਪੰਜਾਬ ਦੀ ਧਰਤੀ ‘ਤੇ ਭ੍ਰਿਸ਼ਟਾਚਾਰ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ, ਪਰ ਕਿਸੇ ਵੀ ਜਾਂਚ ਵਿੱਚ ਉਚਿਤ ਪ੍ਰਕਿਰਿਆ ਅਤੇ ਸਥਾਪਿਤ ਨਿਯਮਾਂ ਦੀ ਪਾਲਣਾ ਹੋਣੀ ਚਾਹੀਦੀ ਹੈ।

ਸੰਵਿਧਾਨਕ ਚਿੰਤਾਵਾਂ ‘ਤੇ ਜ਼ੋਰ ਦਿੰਦਿਆਂ ਅਮਨ ਅਰੋੜਾ ਨੇ ਕਿਹਾ ਕਿ ਸੰਘੀ ਢਾਂਚੇ ਦੀ ਆਪਣੀ ਮਰਿਆਦਾ ਅਤੇ ਸੰਤੁਲਨ ਹੁੰਦਾ ਹੈ, ਜਿਸ ਨੂੰ ਕੇਂਦਰ ਜਾਣਬੁੱਝ ਕੇ ਤਬਾਹ ਕਰ ਰਿਹਾ ਹੈ। ਉਨ੍ਹਾਂ ਨੇ ਤਾਲਮੇਲ ਦੇ ਤੰਤਰ ਨੂੰ ਨਜ਼ਰਅੰਦਾਜ਼ ਕਰਨ ਲਈ ਕੇਂਦਰ ਦੀ ਆਲੋਚਨਾ ਕੀਤੀ ਅਤੇ ਕਿਹਾ ਕਿ ਪੰਜਾਬ ਨੂੰ ਦੂਜੇ ਰਾਜਾਂ ਵਾਂਗ ਡਰਾਇਆ ਜਾਂ ਕੰਟਰੋਲ ਨਹੀਂ ਕੀਤਾ ਜਾ ਸਕਦਾ।

ਉਨ੍ਹਾਂ ਅੱਗੇ ਕਿਹਾ ਕਿ ਕੇਂਦਰ ਨੇ ਸੰਸਥਾਗਤ ਮਰਿਆਦਾ ਨੂੰ ਪੂਰੀ ਤਰ੍ਹਾਂ ਤੋੜ ਦਿੱਤਾ ਹੈ ਅਤੇ ਸੀਬੀਆਈ ਦੇ ਦਖ਼ਲ ਰਾਹੀਂ ਪੰਜਾਬ ਵਿਜੀਲੈਂਸ ਨੂੰ ਨਿਸ਼ਾਨਾ ਬਣਾਇਆ ਹੈ। ਪੰਜਾਬ ਸਰਕਾਰ ਆਪਣੇ ਅਧਿਕਾਰੀਆਂ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ਅਤੇ ਸੱਤਾ ਦੀ ਦੁਰਵਰਤੋਂ ਜਾਂ ਧਮਕਾਉਣ ਦੀਆਂ ਚਾਲਾਂ ਨੂੰ ਬਰਦਾਸ਼ਤ ਨਹੀਂ ਕਰੇਗੀ।

ਉਨ੍ਹਾਂ ਨੇ ਕੇਂਦਰ ਨੂੰ ਸੰਵਿਧਾਨਕ ਹੱਦਾਂ ਦਾ ਸਤਿਕਾਰ ਕਰਨ ਅਤੇ ਸਿਆਸੀ ਬਦਲਾਖੋਰੀ ਲਈ ਜਾਂਚ ਏਜੰਸੀਆਂ ਦੀ ਦੁਰਵਰਤੋਂ ਬੰਦ ਕਰਨ ਦੀ ਅਪੀਲ ਕੀਤੀ।

Leave a Reply

Your email address will not be published. Required fields are marked *